Punjab News : ਕਾਂਗਰਸ ਨੇ ਮਿਊਂਸੀਪਲ ਚੋਣਾਂ ਦੇ ਐਲਾਨ ਦਾ ਕੀਤਾ ਸਵਾਗਤ, ਰਾਜਾ ਵੜਿੰਗ ਬੋਲੇ- ਬਿਨਾਂ ਕਿਸੇ ਪੱਖਪਾਤ ਅਤੇ ਡਰ ਤੋਂ ਕੰਮ ਕਰਨ ਅਫ਼ਸਰ ਅਤੇ ਪੁਲਿਸ
ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਚੋਣ ਕਮਿਸ਼ਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਵੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਤਜਰਬਾ ਚੰਗਾ ਨਹੀਂ ਰਿਹਾ ਹੈ, ਕਿਉਂਕਿ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੇ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਕੰਮ ਕੀਤਾ ਸੀ।
Publish Date: Mon, 11 May 2026 06:41 PM (IST)
Updated Date: Mon, 11 May 2026 06:44 PM (IST)
ਪੰਜਾਬੀ ਜਾਗਰਣ ਟੀਮ, ਚੰਡੀਗੜ੍ਹ : ਕਾਂਗਰਸ ਨੇ 26 ਮਈ ਨੂੰ ਹੋਣ ਵਾਲੀਆਂ ਮਿਉਂਸੀਪਲ ਚੋਣਾਂ ਦੇ ਐਲਾਨ ਦਾ ਸਵਾਗਤ ਕਰਦਿਆਂ, ਭਰੋਸਾ ਜਤਾਇਆ ਹੈ ਕਿ ਪਾਰਟੀ ਨੂੰ ਸੂਬੇ ਭਰ ਵਿੱਚ ਵਧੀਆ ਨਤੀਜੇ ਮਿਲਣਗੇ।
ਇੱਥੇ ਜਾਰੀ ਇੱਕ ਬਿਆਨ ਵਿੱਚ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੇ ਐਲਾਨ ਦਾ ਸਵਾਗਤ ਕਰਦੇ ਹਾਂ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਸੂਬੇ ਭਰ ਵਿੱਚ ਹੋਣ ਵਾਲੀਆਂ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਸ਼ਾਨਦਾਰ ਪ੍ਰਦਰਸ਼ਨ ਕਰੇਗੀ।
ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਚੋਣ ਕਮਿਸ਼ਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਵੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਿਛਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਤਜਰਬਾ ਚੰਗਾ ਨਹੀਂ ਰਿਹਾ ਹੈ, ਕਿਉਂਕਿ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੇ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਕੰਮ ਕੀਤਾ ਸੀ।
ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਇਹ 2026 ਹੈ। ਅਗਲੀਆਂ ਚੋਣਾਂ ਲਈ ਹੁਣ 9 ਮਹੀਨਿਆਂ ਤੋਂ ਵੀ ਘੱਟ ਸਮਾਂ ਬਚਿਆ ਹੈ। ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ। ਅਸੀਂ ਨਾ ਭੁੱਲਾਂਗੇ ਤੇ ਨਾ ਹੀ ਮੁਆਫ਼ ਕਰਾਂਗੇ। ਇਸ ਦੌਰਾਨ ਉਨ੍ਹਾਂ ਨੇ ਕਿਸੇ ਵੀ ਅਧਿਕਾਰੀ ਵੱਲੋਂ ਪੱਖਪਾਤ ਜਾਂ ਧੱਕੇਸ਼ਾਹੀ ਕਰਨ ਖ਼ਿਲਾਫ਼ ਚੇਤਾਵਨੀ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਨੂੰ ਸਾਡੀ ਸਲਾਹ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣਾ ਫਰਜ਼ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਉਲਟੀ ਗਿਣਤੀ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਮਿਉਂਸੀਪਲ ਚੋਣਾਂ ਉਸਦੇ ਤਾਬੂਤ ਵਿੱਚ ਆਖਰੀ ਕਿੱਲ ਸਾਬਤ ਹੋਣਗੀਆਂ।