ਮੌਸਮ ਨੇ ਬਦਲਿਆ ਮਿਜ਼ਾਜ: ਮੀਂਹ ਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ’ਚ ਆਈ ਵੱਡੀ ਗਿਰਾਵਟ
ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਸ਼ਨੀਵਾਰ ਸ਼ਹਿਰਵਾਸੀਆਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ 18.2 ਐੱਮਐੱਮ ਮੀਂਹ ਦਰਜ ਕੀਤਾ ਗਿਆ। ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿਚ 14.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
Publish Date: Sun, 31 May 2026 01:19 PM (IST)
Updated Date: Sun, 31 May 2026 01:23 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ। ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਸ਼ਨੀਵਾਰ ਸ਼ਹਿਰਵਾਸੀਆਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ 18.2 ਐੱਮਐੱਮ ਮੀਂਹ ਦਰਜ ਕੀਤਾ ਗਿਆ। ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿਚ 14.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਸ਼ਨੀਵਾਰ ਤੜਕੇ ਸਵੇਰੇ ਮੌਸਮ ਨੇ ਅਚਾਨਕ ਕਰਵਟ ਲਈ। ਸਵੇਰ ਤੋਂ ਹੀ ਅਸਮਾਨ ’ਤੇ ਕਾਲੇ ਬੱਦਲ ਛਾਏ ਰਹੇ ਅਤੇ ਤੇਜ਼ ਹਵਾਵਾਂ ਦੇ ਨਾਲ ਝੜੀ ਲੱਗ ਗਈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ।
ਸਵੇਰੇ ਅੱਠ ਵਜੇ ਸ਼ੁਰੂ ਹੋਇਆ ਮੀਂਹ ਦਾ ਸਿਲਸਿਲਾ ਦਿਨ ਭਰ ਜਾਰੀ ਰਿਹਾ। ਸਵੇਰ ਵੇਲੇ ਹਲਕਾ ਮੀਂਹ ਪੈਂਦਾ ਰਿਹਾ, ਪਰ ਦੁਪਹਿਰ ਕਰੀਬ ਇਕ ਵਜੇ ਹੋਈ ਤੇਜ਼ ਬਰਸਾਤ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ। ਇਸ ਤੋਂ ਬਾਅਦ ਵੀ ਕਰੀਬ ਤਿੰਨ ਵਜੇ ਤੱਕ ਰੁਕ-ਰੁਕ ਕੇ ਬਾਰਿਸ਼ ਹੁੰਦੀ ਰਹੀ।
ਮੀਂਹ ਕਾਰਨ ਸੜਕਾਂ ’ਤੇ ਤਿਲਕਣ ਵਧ ਗਈ, ਜਿਸ ਕਾਰਨ ਦੋਪਹੀਆ ਵਾਹਨ ਚਾਲਕਾਂ ਨੂੰ ਆਵਾਜਾਈ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਈ ਇਲਾਕਿਆਂ ਵਿਚ ਕਈ ਘੰਟੇ ਬਿਜਲੀ ਸਪਲਾਈ ਠੱਪ ਰਹਿਣ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆਈਆਂ। ਇਸ ਦੇ ਨਾਲ ਹੀ ਕਈ ਖੇਤਰਾਂ ਵਿਚ ਪਾਣੀ ਭਰਨ ਦੀ ਸਥਿਤੀ ਬਣ ਗਈ।
ਮੌਸਮ ਵਿਭਾਗ ਅਨੁਸਾਰ ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 25.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 14.8 ਡਿਗਰੀ ਸੈਲਸੀਅਸ ਘੱਟ ਰਿਹਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵਿਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ ਆਮ ਨਾਲੋਂ 7.7 ਡਿਗਰੀ ਸੈਲਸੀਅਸ ਘੱਟ ਰਿਹਾ।
ਮੌਸਮ ਵਿਭਾਗ ਨੇ ਅੱਜ ਅਤੇ ਭਲਕੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।