ਵੜਿੰਗ ਨੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਅਵਾਜ਼ਾ ਮੰਗਿਆ
ਵੜਿੰਗ ਨੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਅਵਾਜ਼ਾ ਮੰਗਿਆ
Publish Date: Mon, 06 Apr 2026 09:19 PM (IST)
Updated Date: Mon, 06 Apr 2026 09:20 PM (IST)

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਬੇਮੌਸਮੀ ਭਾਰੀ ਬਾਰਿਸ਼ ਅਤੇ ਗੜਿਆਂ ਕਾਰਨ ਫਸਲਾਂ ਦੇ ਨੁਕਸਾਨ ਨਾਲ ਜੂਝ ਰਹੇ ਕਿਸਾਨਾਂ ਲਈ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ। ਵੜਿੰਗ ਨੇ ਕਿਹਾ ਕਿ ਮਾਲਵਾ ਖੇਤਰ ਵਿਚ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਪੱਕੀ ਹੋਈ ਕਣਕ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ। ਉਨ੍ਹਾਂ ਕਿਹਾ ਕਿ ਨੁਕਸਾਨ ਇਸ ਕਦਰ ਹੈ ਕਿ ਇਹ ਫਸਲ ਪਸ਼ੂਆਂ ਦੇ ਚਾਰੇ ਵਜੋਂ ਵੀ ਵਰਤਣ ਯੋਗ ਨਹੀਂ ਰਹੀ। ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪ੍ਰਭਾਵਿਤ ਕਿਸਾਨਾਂ ਤੱਕ ਪਹੁੰਚਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਜ ਸਰਕਾਰ ਤੋਂ ਵੱਧ ਉਮੀਦ ਨਹੀਂ ਹੈ, ਕਿਉਂਕਿ ਪਿਛਲੇ ਸਾਲ ਹੜਾਂ ਦੌਰਾਨ ਜਿਨ੍ਹਾਂ ਲੋਕਾਂ ਦੀ ਫਸਲ ਅਤੇ ਸੰਪਤੀ ਦਾ ਨੁਕਸਾਨ ਹੋਇਆ ਸੀ, ਉਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ। ਵੜਿੰਗ ਨੇ ਸਵਾਲ ਕੀਤਾ ਕਿ ਜਦੋਂ ਪੂਰੇ ਖੇਤਾਂ ਵਿਚ ਫਸਲ ਜ਼ਮੀਨ ’ਤੇ ਡਿੱਗੀ ਪਈ ਹੈ ਤਾਂ ਫਿਰ ਸਰਵੇ ਕਿਸ ਗੱਲ ਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਗਿਰਦਾਵਰੀ’ ਦੀਆਂ ਘੋਸ਼ਣਾਵਾਂ ਸਿਰਫ਼ ਪੀੜਤਾਂ ਨੂੰ ਗੁੰਮਰਾਹ ਕਰਨ ਲਈ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਰਾਜ ਸਰਕਾਰ ਦੀ ਨੀਅਤ ਸਾਫ ਹੁੰਦੀ ਤਾਂ ਉਹ ਕਿਸਾਨਾਂ ਨੂੰ ਤੁਰੰਤ ਅੰਤਰਿਮ ਰਾਹਤ ਦਿੰਦੀ ਅਤੇ ਗਿਰਦਾਵਰੀ ਰਿਪੋਰਟਾਂ ਦੀ ਉਡੀਕ ਨਾ ਕਰਦੀ।