ਰੰਧਾਵਾ ਵੱਲੋਂ ਲਾਲੜੂ ਮੰਡੀ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ
ਰੰਧਾਵਾ ਵੱਲੋਂ ਲਾਲੜੂ ਮੰਡੀ ’ਚ ਆਮ ਆਦਮੀ ਕਲੀਨਿਕ ਦਾ ਉਦਘਾਟਨ,
Publish Date: Sat, 28 Mar 2026 06:11 PM (IST)
Updated Date: Sat, 28 Mar 2026 06:14 PM (IST)

ਲੋਕਾਂ ਨੂੰ ਮਿਲੇਗੀ ਮੁਫ਼ਤ ਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਦੀ ਵੱਡੀ ਸੌਗਾਤ : ਰੰਧਾਵਾ ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਲਾਲੜੂ ਮੰਡੀ ’ਚ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣ ਅਤੇ ਲੋਕਾਂ ਨੂੰ ਮੁਫ਼ਤ ਤੇ ਗੁਣਵੱਤਾ ਭਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਲਗਭਗ 22.59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਆਯੁਸ਼ਮਾਨ ਅਰੋਗਿਆ ਕੇਂਦਰ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਕਰਕੇ ਇਸ ਨੂੰ ਖੇਤਰ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟਿੱਚਾ ਹਰ ਨਾਗਰਿਕ ਤੱਕ ਸਿਹਤ ਸੇਵਾਵਾਂ ਦੀ ਆਸਾਨ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਚੈੱਕਅੱਪ, ਲੈਬ ਟੈਸਟਾਂ, ਜ਼ਰੂਰੀ ਦਵਾਈਆਂ ਅਤੇ ਡਾਕਟਰੀ ਸਲਾਹ ਦੀ ਸਹੂਲਤ ਇਕ ਹੀ ਛੱਤ ਹੇਠ ਦਿੱਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਲੋਕਾਂ ਨੂੰ ਮੁਫ਼ਤ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਜਿਸ ਵਿਚ ਮੁਫ਼ਤ ਇਲਾਜ, ਟੈਸਟਾਂ ਅਤੇ ਜ਼ਰੂਰੀ ਦਵਾਈਆਂ ਦੀ ਸਹੂਲਤ ਵੱਡੇ ਪੱਧਰ ’ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਹਸਪਤਾਲਾਂ ਵਿਚ ਡਾਕਟਰਾਂ ਅਤੇ ਸਟਾਫ਼ ਦੀ ਭਰਤੀ, ਆਧੁਨਿਕ ਮੈਡੀਕਲ ਸਾਜੋ-ਸਾਮਾਨ ਦੀ ਉਪਲਬੱਧਤਾ ਅਤੇ ਮਰੀਜ਼ਾਂ ਲਈ ਮੁਫ਼ਤ ਇਲਾਜ ਦੀਆਂ ਸਹੂਲਤਾਂ ਵਧਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਚੱਲਣ ਨਾਲ ਲਾਲੜੂ ਮੰਡੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਘਰ ਦੇ ਨੇੜੇ ਹੀ ਵਧੀਆ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ ਅਤੇ ਉਨ੍ਹਾਂ ਨੂੰ ਵੱਡੇ ਹਸਪਤਾਲਾਂ ਵਿਚ ਜਾਣ ਦੀ ਲੋੜ ਘੱਟ ਪਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਹਾਜ਼ਰ ਸਨ।