ਚੀਮਾ ਨੇ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ
ਚੀਮਾ ਨੇ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ
Publish Date: Tue, 19 May 2026 07:37 PM (IST)
Updated Date: Wed, 20 May 2026 04:10 AM (IST)

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸਾਰੇ ਕੰਮ ਮਿੱਥੇ ਸਮੇਂ ਅੰਦਰ ਸ਼ੁਰੂ ਤੇ ਮੁਕੰਮਲ ਕੀਤੇ ਜਾਣ। ਵਿੱਤ ਮੰਤਰੀ ਨੇ ਡਿਪਟੀ ਕਮਸ਼ਨਰਾਂ ਨੂੰ ਮਈ ਦੇ ਅੰਤ ਤੱਕ ਦੋ ਵਿਸਤ੍ਰਿਤ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਕਿਹਾ ਕਿ ਪਹਿਲੀ ਰਿਪੋਰਟ ਵਿੱਚ ਉਨ੍ਹਾਂ ਕਾਰਨਾਂ ਦਾ ਸਪੱਸ਼ਟ ਵੇਰਵਾ ਹੋਣਾ ਚਾਹੀਦਾ ਹੈ ਜਿਨ੍ਹਾਂ ਕਰਕੇ ਪਹਿਲੇ ਪੜਾਅ ਦੇ ਕੰਮ 31 ਮਈ ਤੱਕ ਮੁਕੰਮਲ ਨਹੀਂ ਹੋ ਸਕੇ ਅਤੇ ਦੂਜੀ ਰਿਪੋਰਟ ਵਿੱਚ ਆਉਣ ਵਾਲੇ ਦੂਜੇ ਪੜਾਅ ਦੇ ਵਿਕਾਸ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਇੱਕ ਵਿਆਪਕ ਯੋਜਨਾ ਅਤੇ ਸਮਾਂ-ਸੀਮਾ ਦਾ ਖਾਕਾ ਪੇਸ਼ ਕਰਨਾ ਹੋਵੇਗਾ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ ਤੇ ਕੰਮ ਦੀ ਰਫ਼ਤਾਰ ਵਧਾਉਣ ਲਈ ਹਰ ਹਫ਼ਤੇ ਪ੍ਰੋਜੈਕਟਾਂ ਦੀ ਸਮੀਖਿਆ ਕਰਨ। ਇਸ ਸਮੀਖਿਆ ਮੀਟਿੰਗ ਵਿਚ ਸਮੂਹ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ, ਜਦਕਿ ਸਬੰਧਤ ਪ੍ਰਬੰਧਕੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।