ਦੱਸ ਦੇਈਏ ਕਿ ਸੰਜੀਵ ਅਰੋੜਾ ਲਗਭਗ 9 ਦਿਨ ਈ ਡੀ ਦੀ ਹਿਰਾਸਤ ’ਚ ਰਹੇ । ਇਸੇ ਦੌਰਾਨ ਈ ਡੀ ਨੇ ਉਨ੍ਹਾਂ 'ਤੇ ਜਾਂਚ ’ਚ ਸਹਿਯੋਗ ਨਾ ਕਰਨ ਦੇ ਇਲਜ਼ਾਮ ਵੀ ਲਗਾਏ

ਡਿਜੀਟਲ ਡੈਸਕ, ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਗੁਰੂਗ੍ਰਾਮ ਦੀ ਅਦਾਲਤ ਵਿਚ ਪੇਸ਼ ਕੀਤਾ । ਜਿਥੇ ਮਾਮਲੇ ਦੀ ਸੁਣਵਾਈ ਹੋਣ ਮਗਰੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਹੁਣ ਉਹ ਇਕ ਜੂਨ ਤੱਕ ਜੇਲ੍ਹ ਵਿੱਚ ਰਹਿਣਗੇ ।
ਦੱਸ ਦੇਈਏ ਕਿ ਸੰਜੀਵ ਅਰੋੜਾ ਲਗਭਗ 9 ਦਿਨ ਈ ਡੀ ਦੀ ਹਿਰਾਸਤ ’ਚ ਰਹੇ । ਇਸੇ ਦੌਰਾਨ ਈ ਡੀ ਨੇ ਉਨ੍ਹਾਂ 'ਤੇ ਜਾਂਚ ’ਚ ਸਹਿਯੋਗ ਨਾ ਕਰਨ ਦੇ ਇਲਜ਼ਾਮ ਵੀ ਲਗਾਏ ।
ਉਨ੍ਹਾਂ ਦੋਸ਼ ਲਗਾਇਆ ਕਿ ਰਿਮਾਂਡ ਦੌਰਾਨ ਜਾਂਚ ਨੂੰ ਗੁੰਮਰਾਹ ਕਰਨ ਲਈ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੇ ਉਨ੍ਹਾਂ ਵਿਅਕਤੀਆਂ ਜਾਂ ਫਰਮਾਂ ਬਾਰੇ ਜਾਣਕਾਰੀ ਹੋਣ ਤੋਂ ਸਾਫ਼ ਇਨਕਾਰ ਕੀਤਾ ਹੈ, ਜਿਨ੍ਹਾਂ ਕੋਲੋਂ ਮੈਸਰਜ਼ ਹੈਂਪਟਨ ਸਕਾਈ ਰਿਐਲਿਟੀ ਲਿਮਟਿਡ (HSRL) ਨੇ ਮੋਬਾਈਲ ਫੋਨ ਖ਼ਰੀਦੇ ਸਨ। ਜਦੋਂ ਇਹ ਕਥਿਤ ਬੋਗਸ ਮੋਬਾਈਲ ਫੋਨ ਐਕਸਪੋਰਟ ਕੀਤੇ ਗਏ, ਉਦੋਂ ਸੰਜੀਵ ਅਰੋੜਾ ਇਸ ਕੰਪਨੀ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (CMD) ਸਨ।
ਈ.ਡੀ. ਦਾ ਇਹ ਵੀ ਇਲਜ਼ਾਮ ਹੈ ਕਿ ਅਰੋੜਾ ਨੇ ਦੂਜੇ ਮੁਲਜ਼ਮਾਂ ਨਾਲ ਮਿਲ ਕੇ ਜਾਅਲੀ ਦਸਤਾਵੇਜ਼ਾਂ ਰਾਹੀਂ ਮੋਬਾਈਲ ਫੋਨਾਂ ਦੀ ਬੋਗਸ ਖ਼ਰੀਦ ਅਤੇ ਬਰਾਮਦਗੀ ਦਿਖਾ ਕੇ 102.5 ਕਰੋੜ ਰੁਪਏ ਦੀ ‘ਪ੍ਰੋਸੀਡਜ਼ ਆਫ਼ ਕ੍ਰਾਈਮ’ ਪੈਦਾ ਕੀਤੀ ਅਤੇ ਇਸ ਐਕਸਪੋਰਟ ’ਤੇ ਜੀ.ਐਸ.ਟੀ. ਰਿਫੰਡ ਵੀ ਹਾਸਲ ਕੀਤਾ।
ਜ਼ਿਕਰਯੋਗ ਹੈ ਕਿ ਈ.ਡੀ ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ’ਚ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ 9 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਮਗਰੋਂ ਅਦਾਲਤ ਨੇ ਪਹਿਲਾਂ 7 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਅਤੇ ਮੁੜ ਦੋ ਦਿਨ ਦਾ ਰਿਮਾਂਡ ’ਚ ਵਧਿਆ, ਜੋ ਅੱਜ ਖ਼ਤਮ ਹੋਣ "ਤੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।
ਕੀ ਹੈ ਪੂਰਾ ਮਾਮਲਾ ?
ਈ.ਡੀ. ਅਨੁਸਾਰ, ਮੈਸਰਜ਼ ਐਚ.ਐਸ.ਆਰ.ਐਲ. (M/s HSRL) ਨੇ 12 ਮਈ 2023 ਤੋਂ 27 ਅਕਤੂਬਰ 2023 ਦਰਮਿਆਨ ਕਈ ਸਥਾਨਕ ਅਤੇ ਵਿਦੇਸ਼ੀ ਕੰਪਨੀਆਂ ਨੂੰ ਲਗਭਗ 157.12 ਕਰੋੜ ਰੁਪਏ ਦੇ ਮੋਬਾਈਲ ਫੋਨਾਂ ਦੀ ਵਿਕਰੀ ਦਿਖਾਈ ਸੀ। ਇਸ ਵਿੱਚੋਂ ਕਰੀਬ 102.50 ਕਰੋੜ ਰੁਪਏ ਦੇ ਮੋਬਾਈਲ ਯੂ.ਏ.ਈ. (UAE) ਸਥਿਤ ਦੋ ਫਰਮਾਂ ਮੈਸਰਜ਼ ਫੋਰਟਬੈਲ ਟੈਲੀਕਾਮ FZCO ਅਤੇ ਮੈਸਰਜ਼ ਡਰੈਗਨ ਗਲੋਬਲ FZCO ਨੂੰ ਐਕਸਪੋਰਟ ਕੀਤੇ ਗਏ ਸਨ।
ਮੈਸਰਜ਼ ਫੋਰਟਬੈਲ ਟੈਲੀਕਾਮ ਅਸਲ ਵਿੱਚ ਲੁਧਿਆਣਾ ਦੇ ਕਾਰੋਬਾਰੀ ਹੇਮੰਤ ਸੂਦ ਅਤੇ ਚੰਦਰ ਸ਼ੇਖਰ ਦੀ ਮੈਸਰਜ਼ ਫੋਰਟਬੈਲ ਗੈਜੇਟ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ ਸੰਸਥਾ ਹੈ, ਜੋ ਕਿ ਮੈਸਰਜ਼ ਫਾਈਂਡੌਕ ਫਿਨਵੈਸਟ ਪ੍ਰਾਈਵੇਟ ਲਿਮਟਿਡ ਰਾਹੀਂ ਐਚ.ਐਸ.ਆਰ.ਐਲ. (HSRL) ਨਾਲ ਜੁੜੇ ਹੋਏ ਹਨ। 9 ਮਈ ਦੀ ਸੁਣਵਾਈ ਦੌਰਾਨ ਈ.ਡੀ. ਨੇ ਇਹ ਵੀ ਖ਼ੁਲਾਸਾ ਕੀਤਾ ਸੀ ਕਿ ਐਚ.ਐਸ.ਆਰ.ਐਲ. ਨੇ 27.73 ਕਰੋੜ ਰੁਪਏ ਦੀ ਰਕਮ ਇੱਕ ਅਜਿਹੀ ਫਰਮ ਨੂੰ ਟਰਾਂਸਫਰ ਕੀਤੀ, ਜੋ ਇੱਕ ਦਿਹਾੜੀਦਾਰ ਮਜ਼ਦੂਰ ਦੇ ਨਾਂ ’ਤੇ ਰਜਿਸਟਰਡ ਸੀ।
17 ਅਪਰੈਲ ਨੂੰ ਫੇਮਾ (FEMA) ਤਹਿਤ ਹੋਈ ਛਾਪੇਮਾਰੀ ਤੋਂ ਬਾਅਦ, 18 ਅਪਰੈਲ ਨੂੰ ਗੁਰੂਗ੍ਰਾਮ ਦੇ ਉਦਯੋਗ ਵਿਹਾਰ ਥਾਣੇ ਵਿੱਚ ਸੰਜੀਵ ਅਰੋੜਾ, ਉਨ੍ਹਾਂ ਦੇ ਬੇਟੇ ਕਾਵਿਆ, ਹੇਮੰਤ ਸੂਦ, ਚੰਦਰ ਸ਼ੇਖਰ ਅਤੇ ਸਬੰਧਤ ਕੰਪਨੀਆਂ ਖ਼ਿਲਾਫ਼ ਧੋਖਾਧੜੀ, ਜਾਅਲਸਾਜ਼ੀ, ਅਪਰਾਧਿਕ ਸਾਜ਼ਿਸ਼ ਅਤੇ ਸਬੂਤ ਮਿਟਾਉਣ ਦੇ ਦੋਸ਼ਾਂ ਤਹਿਤ ਐਫ.ਆਈ.ਆਰ. (FIR) ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਈ.ਡੀ. ਨੇ 5 ਮਈ ਨੂੰ ਆਪਣੀ ਰਿਪੋਰਟ (ECIR) ਦਰਜ ਕੀਤੀ ਸੀ।
ਇਸ ਦੌਰਾਨ, ਸੰਜੀਵ ਅਰੋੜਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਹੈ। ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਨੂੰ ‘ਗ਼ੈਰ-ਕਾਨੂੰਨੀ ਅਤੇ ਸੰਵਿਧਾਨਕ ਸੁਰੱਖਿਆ ਨਿਯਮਾਂ ਦੇ ਉਲਟ’ ਦੱਸਦਿਆਂ ਗੁਰੂਗ੍ਰਾਮ ਅਦਾਲਤ ਦੇ ਰਿਮਾਂਡ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਸੂਤਰਾਂ ਅਨੁਸਾਰ, ਈਡੀ ਟੀਮ ਇਸ ਮਾਮਲੇ ਨਾਲ ਸਬੰਧਤ ਵਿੱਤੀ ਗਤੀਵਿਧੀਆਂ ਅਤੇ ਫੰਡਾਂ ਦੇ ਪ੍ਰਵਾਹ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਏਜੰਸੀ ਇਸ ਸਮੇਂ ਇਹ ਪਤਾ ਲਗਾਉਣ 'ਤੇ ਕੇਂਦ੍ਰਿਤ ਹੈ ਕਿ ਵੱਖ-ਵੱਖ ਕੰਪਨੀਆਂ ਅਤੇ ਕਾਰੋਬਾਰਾਂ ਵਿੱਚ ਨਿਵੇਸ਼ ਕਿਵੇਂ ਕੀਤੇ ਗਏ ਸਨ, ਨਾਲ ਹੀ ਫੰਡ ਲੈਣ-ਦੇਣ ਦੇ ਚੈਨਲਾਂ ਰਾਹੀਂ ਵੀ ਇਹ ਪਤਾ ਲਗਾਇਆ ਜਾ ਸਕਦਾ ਹੈ। ਰਿਪੋਰਟਾਂ ਦਰਸਾਉਂਦੀਆਂ ਹਨ ਕਿ ਈਡੀ ਪਹਿਲਾਂ ਇਸ ਮਾਮਲੇ ਨਾਲ ਜੁੜੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ।