ਗੁਰੂ ਨਾਨਕ ਦੇਵ ਪਬਲਿਕ ਸਕੂਲ ’ਚ ਗਣਤੰਤਰ ਦਿਵਸ ਮਨਾਇਆ
ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮਨਾਇਆ
Publish Date: Sun, 25 Jan 2026 06:28 PM (IST)
Updated Date: Sun, 25 Jan 2026 06:31 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਗਣਤੰਤਰ ਦਿਵਸ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਕਵਿਤਾਵਾਂ, ਦੇਸ਼ ਭਗਤੀ ਦੇ ਗੀਤ ਤੇ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਪੇਸ਼ ਕਰ ਕੇ ਸਭਨਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਵੇਖਣ ਵਾਲੀ ਸੀ, ਪ੍ਰੋਗਰਾਮ ਵੇਖ ਰਹੇ ਵਿਦਿਆਰਥੀਆਂ ਨੇ ਹੱਥਾਂ ਵਿਚ ਤਿਰੰਗਾ ਫੜਿਆ ਹੋਇਆ ਸੀ ਅਤੇ ਉਹ ਹਵਾ ਵਿਚ ਲਹਿਰਾ ਕੇ ਆਪਣੀ ਦੇਸ਼ ਭਗਤੀ ਦੀ ਭਾਵਨਾ ਦਰਸਾ ਰਹੇ ਸਨ। ਪ੍ਰੋਗਰਾਮ ਦੌਰਾਨ ਸਕੂਲ ਦੇ ਐੱਮਡੀ ਅਮਰਜੀਤ ਸਿੰਘ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੇ ਪ੍ਰਤੀ ਵਫ਼ਾਦਾਰੀ ਨਿਭਾਉਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਮਨਾਉਣ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਫ਼ਰਜ਼ ਹੈ ਕਿ ਦੇਸ਼ ਦੇ ਵਿਕਾਸ ਲਈ ਇਸ ਦੀ ਆਜ਼ਾਦੀ ਨੂੰ ਬਣਾਏ ਰੱਖਣ ਲਈ ਇਮਾਨਦਾਰੀ ਦਾ ਸਬੂਤ ਦੇਈਏ ਅਤੇ ਹਰ ਵਿਦਿਆਰਥੀ ਦੇ ਵਿਚ ਦੇਸ਼ ਪ੍ਰੇਮ ਦੀ ਭਾਵਨਾ ਹੋਣੀ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੀ ਆਜ਼ਾਦੀ ਵਿਚ ਪਾਏ ਭਾਰਤੀਆਂ ਸਮੇਤ ਪੰਜਾਬੀਆਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।