ਵਾਰਡ ਨੰ. 12 ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ;
ਵਾਰਡ ਨੰ. 12 ਦੇ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ;
Publish Date: Tue, 05 May 2026 06:30 PM (IST)
Updated Date: Wed, 06 May 2026 04:09 AM (IST)

ਸੁਨੀਲ ਕੁਮਾਰ ਭੱਟੀ/ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਮੁਹੱਲਾ ਚੌਧਰੀਆਂ ਵਾਲਾ ਵਾਰਡ ਨੰ. 12 ਵਿਖੇ ਸੀਵਰੇਜ ਸਿਸਟਮ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਸਥਾਨਕ ਨਿਵਾਸੀਆਂ ਦਾ ਜਿਊਣਾ ਦੁਭਰ ਹੋ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਦੂਸ਼ਿਤ ਪਾਣੀ ਗਲੀਆਂ ਵਿਚ ਵਗ ਰਿਹਾ ਹੈ, ਜਿਸ ਕਾਰਨ ਪੂਰੇ ਇਲਾਕੇ ਵਿਚ ਭਾਰੀ ਬਦਬੂ ਫੈਲੀ ਹੋਈ ਹੈ ਅਤੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਸ ਸਬੰਧੀ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ, ਪਰ ਪ੍ਰਸ਼ਾਸਨ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਅਧਿਕਾਰੀਆਂ ਦੀ ਇਸ ਕਥਿਤ ਲਾਪਰਵਾਹੀ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੀਵਰੇਜ ਦਾ ਗੰਦਾ ਪਾਣੀ ਗਲੀ ਵਿਚ ਜਮ੍ਹਾ ਹੋਣ ਕਾਰਨ ਪੈਦਲ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ। ਗਲੀ ਵਿਚ ਖੜ੍ਹੇ ਦੂਸ਼ਿਤ ਪਾਣੀ ਕਾਰਨ ਮੱਛਰਾਂ ਦੀ ਭਰਮਾਰ ਹੋ ਰਹੀ ਹੈ, ਜਿਸ ਨਾਲ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਗਿਆ। ਸਕੂਲ ਜਾਣ ਵਾਲੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਇਸ ਗੰਦੇ ਪਾਣੀ ਵਿਚੋਂ ਲੰਘ ਕੇ ਜਾਣਾ ਪੈਂਦਾ ਹੈ, ਜਿਸ ਕਾਰਨ ਹਾਦਸਿਆਂ ਦਾ ਡਰ ਵੀ ਬਣਿਆ ਰਹਿੰਦਾ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਉਹ ਟੈਕਸ ਭਰਦੇ ਹਨ ਪਰ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਵੀ ਨਹੀਂ ਮਿਲ ਰਹੀਆਂ। ਨਗਰ ਕੌਂਸਲ ਦੇ ਦਫ਼ਤਰਾਂ ਦੇ ਚੱਕਰ ਕੱਟ ਕੇ ਥੱਕ ਗਏ ਹਾਂ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਮੁਹੱਲਾ ਨਿਵਾਸੀਆਂ ਨੇ ਸਰਕਾਰ ਅਤੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਸੀਵਰੇਜ ਦੀ ਸਫ਼ਾਈ ਨਾ ਕਰਵਾਈ ਗਈ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਇਆ, ਤਾਂ ਉਹ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।