ਵਪਾਰੀਆਂ ਵੱਲੋਂ ਮੀਟਿੰਗਾਂ ਦੌਰਾਨ ਉਠਾਏ ਮਸਲਿਆਂ ਦੀ ਸਮੀਖਿਆ
ਵਪਾਰੀਆਂ ਵੱਲੋਂ ਬੈਠਕਾਂ ਦੌਰਾਨ ਉਠਾਏ ਮਸਲਿਆਂ ਦੀ ਸਮੀਖਿਆ ; ਡੀਸੀ ਵੱਲੋਂ ਸਮਾਂਬੱਧ ਨਿਪਟਾਰੇ ਦੇ ਹੁਕਮ
Publish Date: Mon, 06 Apr 2026 05:26 PM (IST)
Updated Date: Mon, 06 Apr 2026 05:28 PM (IST)

- ਡੀਸੀ ਵੱਲੋਂ ਸਮਾਂਬੱਧ ਨਿਪਟਾਰੇ ਦੇ ਹੁਕਮ ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੀਆਂ ਹਾਲ ਹੀ ਵਿਚ ਹੋਈਆਂ ਬੈਠਕਾਂ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਸਬੰਧਿਤ ਵਿਭਾਗਾਂ ਨੂੰ ਇਨ੍ਹਾਂ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਪ੍ਰਾਥਮਿਕਤਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਹਰ ਕੇਸ ਦੀ ਸਥਿਤੀ ਨੂੰ ਤੁਰੰਤ ਆਨਲਾਈਨ ਪੋਰਟਲ ’ਤੇ ਅਪਡੇਟ ਕੀਤਾ ਜਾਵੇ। ਇਹ ਸਮੀਖਿਆ ਬੈਠਕ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਅਤੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਦੀ ਹਾਜ਼ਰੀ ਵਿਚ ਹੋਈ। ਇਸ ਤੋਂ ਇਲਾਵਾ ਮੁਹਾਲੀ ਹਲਕੇ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਅਤੇ ਖਰੜ ਹਲਕੇ ਦੇ ਚੇਅਰਮੈਨ ਯਸ਼ਪਾਲ ਬਾਂਸਲ ਵੀ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੀਤੀਗਤ ਮਾਮਲਿਆਂ ਨੂੰ ਛੱਡ ਕੇ ਬਾਕੀਆਂ ਦੇ ਨਿਪਟਾਰੇ ਲਈ ਨਿਰਧਾਰਤ 30 ਦਿਨਾਂ ਦੀ ਸਮਾਂ ਸੀਮਾ ਪੂਰੀ ਹੋ ਚੁੱਕੀ ਹੈ, ਇਸ ਲਈ ਹੁਣ ਤੱਕ ਹੋਈ ਪ੍ਰਗਤੀ ਨੂੰ ਬਿਨਾਂ ਕਿਸੇ ਦੇਰੀ ਦੇ ਆਨਲਾਈਨ ਪੋਰਟਲ ’ਤੇ ਦਰਸਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਵੱਲੋਂ ਉਠਾਏ ਗਏ ਬਹੁਤੇ ਮਸਲੇ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਹਨ, ਜਿਵੇਂ ਕਿ ਸਟਰੀਟ ਲਾਈਟਾਂ ਦੀ ਵਿਵਸਥਾ, ਗ਼ੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ, ਮਾਰਕੀਟਾਂ ਵਿਚ ਪਾਰਕਿੰਗ ਲਾਈਨਾਂ ਦੀ ਮਾਰਕਿੰਗ, ਸੀਵਰੇਜ ਲੀਕੇਜ ਦੀ ਮੁਰੰਮਤ ਅਤੇ ਕੁਝ ਖ਼ਾਸ ਸੜਕਾਂ ’ਤੇ ਟ੍ਰੈਫਿਕ ਭੀੜ ਘਟਾਉਣਾ ਆਦਿ। ਉਨ੍ਹਾਂ ਕਿਹਾ ਕਿ ਇਹ ਮਸਲੇ ਸਥਾਨਕ ਪੱਧਰ ’ਤੇ ਹੀ ਹੱਲ ਕੀਤੇ ਜਾ ਸਕਦੇ ਹਨ ਅਤੇ ਇਨ੍ਹਾਂ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਚੇਤ ਤੌਰ ’ਤੇ ਲੈ ਕੇ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ। ਫੇਜ਼-3ਬੀ2, 3ਬੀ1, ਫੇਜ਼-7 ਅਤੇ ਫੇਜ਼-4 ਅਤੇ 5 ਦੀਆਂ ਮਾਰਕੀਟਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਮਸਲੇ ਵੀ ਸਥਾਨਕ ਅਧਿਕਾਰੀਆਂ ਨਾਲ ਸਬੰਧਿਤ ਹਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਟਰੇਡਰਜ਼ ਕਮੇਟੀਆਂ ਦੀ ਸਥਾਪਨਾ ਦਾ ਮੁੱਖ ਉਦੇਸ਼ ਵਪਾਰੀਆਂ ਲਈ ਕਾਰੋਬਾਰ ਕਰਨ ਦੀ ਸਹੂਲਤ ਨੂੰ ਆਸਾਨ ਬਣਾਉਣਾ ਹੈ ਅਤੇ ਇਹ ਸਾਡੀ ਪ੍ਰਮੁੱਖ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਮਸਲਿਆਂ ਨੂੰ ਤਰਜੀਹ ਦੇ ਕੇ ਸਮੇਂ ਸਿਰ ਹੱਲ ਕਰੀਏ। ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਦੱਸਿਆ ਕਿ ਵਿਭਾਗਾਂ ਦੀ ਮੰਗ ਅਨੁਸਾਰ ਆਨਲਾਈਨ ਪੋਰਟਲ ਨੂੰ ਅਪਡੇਟ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਵਿਭਾਗਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਪਾਰੀਆਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੀ ਸਥਿਤੀ ਨੂੰ ਨਿਯਮਿਤ ਤੌਰ ’ਤੇ ਅਪਡੇਟ ਕਰਨ। ਉਨ੍ਹਾਂ ਕਿਹਾ ਕਿ ਜਲਦੀ ਹੀ ਵਪਾਰੀਆਂ ਨਾਲ ਨਿਯਮਿਤ ਬੈਠਕਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਦੇ ਸੁਝਾਵਾਂ ਅਤੇ ਸ਼ਿਕਾਇਤਾਂ ਨੂੰ ਸੁਣਿਆ ਜਾ ਸਕੇ। ਉਨ੍ਹਾਂ ਨੇ ਇਸ ਮੰਚ ਨੂੰ ਵਪਾਰੀਆਂ ਲਈ ਬਹੁਤ ਹੀ ਪ੍ਰਭਾਵਸ਼ਾਲੀ ਮਾਧਿਅਮ ਕਰਾਰ ਦਿੱਤਾ। ਡੀਐੱਸਪੀ (ਟ੍ਰੈਫਿਕ) ਕਰਨੈਲ ਸਿੰਘ ਨੇ ਭਰੋਸਾ ਦਿਵਾਇਆ ਕਿ ਟ੍ਰੈਫਿਕ ਅਤੇ ਪੁਲਿਸ ਨਾਲ ਸਬੰਧਿਤ ਸਾਰੇ ਮਸਲਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ। ਜੁਆਇੰਟ ਕਮਿਸ਼ਨਰ, ਨਗਰ ਨਿਗਮ ਮੁਹਾਲੀ ਜਸਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਕਈ ਮਸਲਿਆਂ ’ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਐੱਸਡੀਐੱਮ ਮੁਹਾਲੀ ਦਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਆਦਿ ਹਾਜ਼ਰ ਸਨ।