ਡੇਰਾਬੱਸੀ ਫਾਟਕ ਤੋਂ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ
ਡੇਰਾਬੱਸੀ ਫਾਟਕ ਤੋਂ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ, ਇਲਾਕੇ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ
Publish Date: Mon, 30 Mar 2026 06:00 PM (IST)
Updated Date: Mon, 30 Mar 2026 06:03 PM (IST)

- ਇਲਾਕੇ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਡੇਰਾਬੱਸੀ ਫਾਟਕ ਤੋਂ ਭਾਂਖਰਪੁਰ ਮੁੱਖ ਸੜਕ ਤੱਕ ਵਾਇਆ ਈਸਾਪੁਰ, 4.1 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਮਹੱਤਵਪੂਰਨ ਪ੍ਰਾਜੈਕਟ ’ਤੇ ਕਰੀਬ 1.6 ਕਰੋੜ ਰੁਪਏ ਦੀ ਲਾਗਤ ਆਏਗੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਿੱਸੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਤਰਜੀਹ ਲੋਕਾਂ ਨੂੰ ਸੁਵਿਧਾਜਨਕ ਅਤੇ ਸੁਚੱਜੀ ਜ਼ਿੰਦਗੀ ਪ੍ਰਦਾਨ ਕਰਨੀ ਹੈ, ਜਿਸ ਲਈ ਸੜਕਾਂ, ਪਾਣੀ, ਸਿਹਤ ਅਤੇ ਸਿੱਖਿਆ ਵਰਗੇ ਖੇਤਰਾਂ ਵਿਚ ਲਗਾਤਾਰ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਰਾਬੱਸੀ ਫਾਟਕ ਤੋਂ ਭਾਂਖਰਪੁਰ ਤੱਕ ਬਣ ਰਹੀ ਇਹ ਸੜਕ ਇਲਾਕੇ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਵੇਗੀ। ਇਸ ਨਾਲ ਨਾ ਸਿਰਫ਼ ਰੋਜ਼ਾਨਾ ਆਵਾਜਾਈ ਸੁਖਦ ਹੋਵੇਗੀ, ਸਗੋਂ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਆਪਣੇ ਕੰਮਕਾਜ ਵਿਚ ਵੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਸੜਕ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਮਜ਼ਬੂਤੀ ਦੇਵੇਗੀ ਅਤੇ ਲੋਕਾਂ ਦੀ ਜ਼ਿੰਦਗੀ ਦੇ ਮਿਆਰ ਨੂੰ ਉੱਚਾ ਚੁੱਕੇਗੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੇ ਹੋਰ ਵਿਕਾਸ ਪ੍ਰਾਜੈਕਟ ਲਾਗੂ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਨਗਰ ਕੌਂਸਲ ਪ੍ਰਧਾਨ, ਇਲਾਕੇ ਦੇ ਕੌਂਸਲਰ, ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ, ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਸਥਾਨਕ ਵਾਸੀ ਮੌਜੂਦ ਰਹੇ, ਜਿਨ੍ਹਾਂ ਨੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਲਈ ਖੁਸ਼ੀ ਜਤਾਈ ਅਤੇ ਵਿਧਾਇਕ ਰੰਧਾਵਾ ਦਾ ਧੰਨਵਾਦ ਕੀਤਾ।