ਵਿਧਾਇਕ ਰੰਧਾਵਾ ਦੀ ਮੌਜੂਦਗੀ ’ਚ ਐੱਸਸੀ ਵਿੰਗ ਵੱਲੋਂ ਵਿਚਾਰਾਂ
ਵਿਧਾਇਕ ਰੰਧਾਵਾ ਦੀ ਮੋਜੂਦਗੀ ਵਿੱਚ ਐਸ.ਸੀ ਵਿੰਗ ਦੀ ਹੋਈ ਮੀਟਿੰਗ
Publish Date: Fri, 21 Nov 2025 05:50 PM (IST)
Updated Date: Fri, 21 Nov 2025 05:52 PM (IST)

ਐੱਸਸੀ ਭਾਈਚਾਰੇ ਦਾ ਅਹਿਮ ਰੋਲ ਸਰਕਾਰ ਬਣਾਉਣ ਵਿਚ : ਵਿਧਾਇਕ ਰੰਧਾਵਾ ਇਕਬਾਲ ਸਿੰਘ, ਪੰਜਾਬੀ ਜਾਗਰਣ, ਡੇਰਾਬੱਸੀ : ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਮੌਜੂਦਗੀ ਵਿਚ ਮੁੱਖ ਦਫਤਰ ਡੇਰਾਬੱਸੀ ਵਿਖੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤੇ ਹਲਕਾ ਕੋਆਰਡੀਨੇਟਰ ਸ਼੍ਰੀ ਮੁਕੇਸ਼ ਕਮਲ ਨੇ ਡੇਰਾਬੱਸੀ ਹਲਕੇ ਦੇ ਐੱਸਸੀ ਵਿੰਗ ਦੇ ਅਹੁਦੇਦਾਰਾਂ ਨਾਲ ਬੈਠਕ ਕਰ ਕੇ ਪਾਰਟੀ ਦੀਆਂ ਗਤੀਵਿਧੀਆਂ ਦਾ ਵਿਚਾਰ ਵਟਾਦਰਾ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਸਾਰੇ ਵਰਗਾਂ ਦੇ ਲੋਕਾਂ ਦੇ ਹੱਕਾਂ ਵਿਚ ਆਵਾਜ਼ ਬੁਲੰਦ ਕੀਤੀ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ। ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਤੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦੀਆਂ ਫੋਟੋਆਂ ਲਗਾ ਕੇ, ਉਨ੍ਹਾਂ ਮਹਾਨ ਸਖਸ਼ੀਅਤਾਂ ਨੂੰ ਨਮਨ ਕੀਤਾ ਹੈ ਜਿਸ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਸੇਧ ਲੈਂਦੀਆਂ ਰਹਿਣਗੀਆਂ। ਵਿਧਾਇਕ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਦਾ ਸਮਾਂ ਹੋ ਗਿਆ ਪ੍ਰੰਤੂ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ ਕਿਸੇ ਵੀ ਰਾਜ ਦੇ ਵਕੀਲ ਜਾਂ ਸਰਕਾਰੀ ਵਕੀਲ ਦੀ ਭਰਤੀ ਲਈ ਐਸ.ਸੀ./ਐਸ.ਟੀ. ਵਾਸਤੇ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਪਿਛੜੇ ਵਰਗਾਂ ਦੇ ਹਿਤੈਸ਼ੀ ਕਹਾਉਣ ਵਾਲੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਹੱਕ ਵਿੱਚ ਕਦੇ ਵੀ ਆਵਾਜ਼ ਨਹੀਂ ਉਠਾਈ, ਉਹ ਸਿਰਫ ਐਸ ਸੀ ਭਾਇਚਾਰੇ ਨੂੰ ਵੋਟਾਂ ਲੈਣ ਲਈ ਹੀ ਵਰਤਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2017 ਵਿੱਚ ਸੂਬੇ ਦੇ ਹਾਈ ਕੋਰਟਾਂ ਵਿੱਚ ਐਸ.ਸੀ./ਐਸ.ਟੀ. ਵਾਸਤੇ ਰਾਖਵਾਂਕਰਨ ਰੱਖਣ ਦੀ ਮੰਗ ਕੀਤੀ ਸੀ ਪ੍ਰੰਤੂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਸਾਡੀ ਪਾਰਟੀ ਨੇ 2017 ਦੇ ਐਕਟ ਵਿੱਚ ਸੋਧ ਲਿਆਂਦੀ ਸੀ ਅਤੇ ਉਸ ਸਮੇਂ ਪਹਿਲੀ ਵਾਰ ਸੀਨੀਅਰ ਐਡਵੋਕੇਟ ਜਨਰਲ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀਆਂ 58 ਅਸਾਮੀਆਂ ਭਰਨ ਲਈ ਰਾਖਵਾਂਕਰਨ ਦਿੱਤਾ ਗਿਆ। ਜੋ ਕਿ ਪੰਜਾਬ ਦੇ ਐਸ ਸੀ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ।