ਸ਼ੁਕਰਾਨਾ ਯਾਤਰਾ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ 'ਤੇ ਵਿੰਨ੍ਹੇ ਨਿਸ਼ਾਨੇ; ਬੇਅਦਬੀ ਵਿਰੋਧੀ ਕਾਨੂੰਨ ਨੂੰ ਦੱਸਿਆ ਅਟੱਲ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ, "ਅਸੀਂ ਜਨਤਾ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਬੇਅਦਬੀਆਂ ਲਈ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਕਾਰਨ ਅੱਜ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ।
Publish Date: Sat, 09 May 2026 01:30 PM (IST)
Updated Date: Sat, 09 May 2026 01:34 PM (IST)
ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ 'ਸ਼ੁਕਰਾਨਾ ਯਾਤਰਾ' ਦੇ ਤਹਿਤ ਅੱਜ ਪਟਿਆਲਾ ਪਹੁੰਚੇ। ਹਲਕਾ ਸਮਾਣਾ ਵਿੱਚੋਂ ਲੰਘਦਿਆਂ ਮੁੱਖ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਅਹਿਮ ਮੁੱਦਿਆਂ ਅਤੇ ਖਾਸ ਕਰਕੇ ਬੇਅਦਬੀ ਕਾਨੂੰਨ 'ਤੇ ਆਪਣੀ ਸਰਕਾਰ ਦਾ ਪੱਖ ਸਪੱਸ਼ਟ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ, "ਅਸੀਂ ਜਨਤਾ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਬੇਅਦਬੀਆਂ ਲਈ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਕਾਰਨ ਅੱਜ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ।" ਉਨ੍ਹਾਂ ਵਿਰੋਧੀਆਂ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਹੜੇ ਲੋਕ ਇਨ੍ਹਾਂ ਘਿਨਾਉਣੇ ਕਾਰਿਆਂ ਵਿੱਚ ਸ਼ਾਮਿਲ ਰਹੇ ਹਨ, ਸਿਰਫ਼ ਉਹੀ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ।
ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਲੰਮੇਂ ਹੱਥੀਂ ਲੈਂਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਬੇਅਦਬੀ ਬਿੱਲ ਤੋਂ ਇਤਰਾਜ਼ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਅਦਾਲਤ ਨੇ ਵੀ ਇਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰਕੇ ਸਰਕਾਰ ਦੇ ਫੈਸਲੇ 'ਤੇ ਸਹੀ ਪਾਇਆ ਹੈ। ਮਾਨ ਨੇ ਸਪੱਸ਼ਟ ਕੀਤਾ ਕਿ ਗਵਰਨਰ ਅਤੇ ਪੰਜਾਬ ਦੀ ਸੰਗਤ ਇਸ ਬਿੱਲ 'ਤੇ ਆਪਣੀ ਮੋਹਰ ਲਗਾ ਚੁੱਕੀ ਹੈ। ਇਹ ਕਾਨੂੰਨ ਕਿਸੇ ਵੀ ਹਾਲਤ ਵਿੱਚ ਵਾਪਸ ਨਹੀਂ ਹੋਵੇਗਾ।"
ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਸੱਤਾ ਵਿੱਚ ਆਉਣ ਦੇ ਸੁਪਨੇ ਦੇਖਣਾ ਛੱਡ ਦੇਣ। ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਹੈ ਕਿਉਂਕਿ ਉਹ ਗੁਰੂ ਦੇ ਦੋਸ਼ੀ ਹਨ ਅਤੇ ਉਨ੍ਹਾਂ ਦੇ ਕੀਤੇ ਗੁਨਾਹਾਂ ਦਾ ਹਿਸਾਬ ਹੋਣਾ ਲਾਜ਼ਮੀ ਹੈ।
ਅੰਤ ਵਿੱਚ, ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਆਪਸੀ ਭਾਈਚਾਰਾ ਅਤੇ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਾਨੂੰ ਲੜਨਾ ਨਹੀਂ ਸਗੋਂ ਏਕੇ ਵਿੱਚ ਰਹਿਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੀ ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਲਾਂਬੂ ਨਹੀਂ ਲੱਗਣ ਦਿੱਤਾ ਜਾਵੇਗਾ।