328 ਪਾਵਨ ਸਰੂਪ ਮਾਮਲਾ: SIT ਦਾ ਹਾਈ ਕੋਰਟ 'ਚ ਵੱਡਾ ਖ਼ੁਲਾਸਾ; SGPC ਜਾਂਚ ਵਿੱਚ ਨਹੀਂ ਕਰ ਰਹੀ ਸਹਿਯੋਗ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੀ ਹੈ। ਐੱਸ.ਆਈ.ਟੀ. ਨੇ ਅਦਾਲਤ ਨੂੰ ਦੱਸਿਆ ਕਿ ਜ਼ਰੂਰੀ ਰਿਕਾਰਡ ਅਤੇ ਜਾਣਕਾਰੀਆਂ ਮੁਹੱਈਆ ਨਾ ਕਰਵਾਏ ਜਾਣ ਕਾਰਨ ਜਾਂਚ ਪ੍ਰਭਾਵਿਤ ਹੋ ਰਹੀ ਹੈ।
Publish Date: Thu, 28 May 2026 11:31 AM (IST)
Updated Date: Thu, 28 May 2026 11:37 AM (IST)
ਦਯਾਨੰਦ ਸ਼ਰਮਾ, ਚੰਡੀਗੜ੍ਹ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੀ ਹੈ। ਐੱਸ.ਆਈ.ਟੀ. ਨੇ ਅਦਾਲਤ ਨੂੰ ਦੱਸਿਆ ਕਿ ਜ਼ਰੂਰੀ ਰਿਕਾਰਡ ਅਤੇ ਜਾਣਕਾਰੀਆਂ ਮੁਹੱਈਆ ਨਾ ਕਰਵਾਏ ਜਾਣ ਕਾਰਨ ਜਾਂਚ ਪ੍ਰਭਾਵਿਤ ਹੋ ਰਹੀ ਹੈ।
ਇਹ ਜਾਣਕਾਰੀ ਜਸਟਿਸ ਵਿਨੋਦ ਐੱਸ. ਭਾਰਦਵਾਜ ਦੀ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਦਿੱਤੀ ਗਈ। ਇਹ ਰਿਪੋਰਟ ਸਹਾਇਕ ਪੁਲਿਸ ਕਮਿਸ਼ਨਰ ਹਰਮਿੰਦਰ ਸਿੰਘ ਸੰਧੂ ਵੱਲੋਂ ਦਾਇਰ ਕੀਤੀ ਗਈ, ਜੋ ਇਸ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਦੇ ਮੈਂਬਰ ਵੀ ਹਨ।
ਸਟੇਟਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਾਂਚ ਏਜੰਸੀ ਨੇ ਐੱਸ.ਜੀ.ਪੀ.ਸੀ. ਨੂੰ ਹੁਣ ਤੱਕ 14 ਤੋਂ ਵੱਧ ਪੱਤਰ ਭੇਜ ਕੇ ਜ਼ਰੂਰੀ ਰਿਕਾਰਡ ਅਤੇ ਜਾਣਕਾਰੀਆਂ ਮੰਗੀਆਂ ਹਨ, ਪਰ ਐੱਸ.ਜੀ.ਪੀ.ਸੀ. ਨੇ ਨਾ ਤਾਂ ਪੂਰਾ ਰਿਕਾਰਡ ਮੁਹੱਈਆ ਕਰਵਾਇਆ ਅਤੇ ਨਾ ਹੀ ਜਾਂਚ ਵਿੱਚ ਲੋੜੀਂਦਾ ਸਹਿਯੋਗ ਕੀਤਾ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਐੱਸ.ਜੀ.ਪੀ.ਸੀ. ਜਾਣਬੁੱਝ ਕੇ ਅਜਿਹੇ ਮਹੱਤਵਪੂਰਨ ਰਿਕਾਰਡ ਅਤੇ ਜਾਣਕਾਰੀਆਂ ਰੋਕ ਰਹੀ ਹੈ, ਜੋ ਮਾਮਲੇ ਦੀ ਜਾਂਚ ਲਈ ਬੇਹੱਦ ਜ਼ਰੂਰੀ ਹਨ।
ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਐੱਸ.ਜੀ.ਪੀ.ਸੀ. ਵੱਲੋਂ ਸਿਰਫ਼ ਅਧੂਰਾ ਰਿਕਾਰਡ ਹੀ ਮੁਹੱਈਆ ਕਰਵਾਇਆ ਗਿਆ ਹੈ, ਜਦਕਿ ਐੱਸ.ਆਈ.ਟੀ. ਵੱਲੋਂ ਵਾਰ-ਵਾਰ ਮੰਗ ਕੀਤੇ ਜਾਣ ਦੇ ਬਾਵਜੂਦ ਲੋੜੀਂਦੇ ਦਸਤਾਵੇਜ਼ ਜਾਣਬੁੱਝ ਕੇ ਨਹੀਂ ਦਿੱਤੇ ਜਾ ਰਹੇ।
ਐੱਸ.ਆਈ.ਟੀ. ਨੇ ਕਿਹਾ ਕਿ ਇਸ ਨਾਲ ਜਾਂਚ ਪ੍ਰਕਿਰਿਆ ਵਿੱਚ ਰੁਕਾਵਟ ਆ ਰਹੀ ਹੈ। ਪੁਲਿਸ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਕਿ ਐੱਸ.ਜੀ.ਪੀ.ਸੀ. ਨੂੰ ਸਾਰੇ ਸਬੰਧਤ ਰਿਕਾਰਡ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾਣ।
ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਵੱਲੋਂ ਸਟੇਟਸ ਰਿਪੋਰਟ ਦਾ ਅਧਿਐਨ ਕਰਨ ਅਤੇ ਜਵਾਬੀ ਦਲੀਲਾਂ ਤਿਆਰ ਕਰਨ ਲਈ ਸਮਾਂ ਮੰਗਿਆ ਗਿਆ। ਇਸ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਤੱਕ ਮੁਲਤਵੀ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਦਸੰਬਰ 2025 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਸੀ। ਇਹ ਮਾਮਲਾ ਆਈ.ਪੀ.ਸੀ. ਦੀਆਂ ਧਾਰਾਵਾਂ 295, 295-ਏ, 409, 465 ਅਤੇ 120-ਬੀ ਦੇ ਤਹਿਤ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਇਸ ਵਿੱਚ ਧਾਰਾ 408 ਆਈ.ਪੀ.ਸੀ. ਅਤੇ ਜਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਐਕਟ, 2008 ਦੀ ਧਾਰਾ 5 ਵੀ ਜੋੜੀ ਗਈ ਸੀ।