ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
Publish Date: Mon, 11 May 2026 09:40 PM (IST)
Updated Date: Mon, 11 May 2026 09:42 PM (IST)

ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਜ਼ੀਰਕਪੁਰ ਦੇ ਢਕੌਲੀ ਖੇਤਰ ਵਿਚ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਸਾਈਕਲ ਸਵਾਰ ਵਿਅਕਤੀ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ 52 ਸਾਲਾ ਕਾਸ਼ੀ ਪ੍ਰਸਾਦ ਪੁੱਤਰ ਮਾਤਾ ਪ੍ਰਸਾਦ, ਵਾਸੀ ਢਕੌਲੀ ਵਜੋਂ ਹੋਈ ਹੈ। ਮ੍ਰਿਤਕ ਖੇਤਰ ਵਿਚ ਸਿਗਰਟ ਵੇਚਣ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਜਾਣਕਾਰੀ ਅਨੁਸਾਰ ਕਾਸ਼ੀ ਪ੍ਰਸਾਦ ਐਤਵਾਰ ਦੇਰ ਰਾਤ ਆਪਣਾ ਕੰਮ ਖ਼ਤਮ ਕਰਕੇ ਸਾਈਕਲ ਤੇ ਸਵਾਰ ਹੋ ਕੇ ਘਰ ਵਾਪਸ ਜਾ ਰਿਹਾ ਸੀ। ਜਿਵੇਂ ਹੀ ਉਹ ਢਕੌਲੀ ਦੇ ਭਗਤ ਸਿੰਘ ਚੌਕ ਨੇੜੇ ਪਹੁੰਚਿਆ, ਤਾਂ ਪੰਚਕੂਲਾ ਵਾਲੀ ਸਾਈਡ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਸਫ਼ੇਦ ਰੰਗ ਦੀ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਸ਼ੀ ਪ੍ਰਸਾਦ ਸੜਕ ਤੇ ਦੂਰ ਜਾ ਡਿੱਗਿਆ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ ਇਕੱਠੇ ਹੋ ਕੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਕਾਸ਼ੀ ਪ੍ਰਸਾਦ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਕਾਰ ਚਾਲਕ ਰੁਕਣ ਦੀ ਬਜਾਏ ਮੌਕੇ ਤੋਂ ਵਾਹਨ ਸਮੇਤ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਢਕੌਲੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਭਗਤ ਸਿੰਘ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਸਫ਼ੇਦ ਰੰਗ ਦੀ ਕਾਰ ਦੇ ਨੰਬਰ ਅਤੇ ਚਾਲਕ ਦੀ ਪਛਾਣ ਕਰਕੇ ਉਸ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।