ਸੂਬਾ ਸਰਕਾਰ ਦੇ ਸਰਪਲਸ ਬਿਜਲੀ ਦੇ ਦਾਅਵਿਆਂ ਦੀ ਨਿਕਲੀ ਫੂਕ, ਬਿਜਲੀ ਦੇ ਲੰਬੇ ਕੱਟਾ ਕਾਰਨ ਪੰਜਾਬ ਵਾਸੀ ਹੋਏ ਬੇਹਾਲ
ਜੱਥੇਬੰਦੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਸੂਬੇ ਵਿੱਚ ਅਚਾਨਕ ਵਧੀ ਗਰਮੀ ਕਾਰਨ ਬਿਜਲੀ ਦੀ ਵਧੀ ਮੰਗ ਨੂੰ ਪੂਰਾ ਕਰਨ ਵਿੱਚ ਪੰਜਾਬ ਸਰਕਾਰ ਫੇਲ੍ਹ ਹੋ ਗਈ ਹੈ। ਘਰੇਲੂ ਸਪਲਾਈ ਦੇ ਲੰਬੇ ਲੰਬੇ ਕੱਟਾਂ ਕਾਰਨ ਲੋਕ ਸੰਘਰਸ਼ ਕਰਨ ਲਈ ਮਜਬੂਰ ਹੋ ਗਏ ਹਨ।
Publish Date: Mon, 27 Apr 2026 08:57 AM (IST)
Updated Date: Mon, 27 Apr 2026 09:00 AM (IST)
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ’ਚ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਕਾਰਨ ਲੋਕਾਂ ’ਚ ਮਚੀ ਹਾਹਾਕਾਰ ਦੇ ਮਾਮਲੇ ਤੇ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਸਰਪਲਸ ਹੋਣ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ। ਯੂਨੀਅਨ ਨੇ ਕਿਹਾ ਹੈ ਕਿ ਇੱਕ ਪਾਸੇ ਸੂਬੇ ਭਰ ਵਿੱਚ ਲੋਕ ਲੰਬੇ ਕੱਟਾ ਕਾਰਨ ਪ੍ਰੇਸ਼ਾਨ ਹੋਕੇ ਬਿਜਲੀ ਗਰਿੱਡਾਂ ਅਤੇ ਦਫਤਰਾਂ ਸਾਹਮਣੇ ਰੋਸ ਜ਼ਾਹਰ ਕਰ ਰਹੇ ਹਨ ਜਦੋਂ ਕਿ ਦੂਜੇ ਪਾਸੇ ਸੂਬੇ ਦੇ ਬਿਜਲੀ ਮੰਤਰੀ ਮਹਿਕਮੇ ਨੂੰ ਲਵਾਰਿਸ ਛੱਡਕੇ ਕਿਤੇ ਗੁੰਮ ਹੋ ਗਏ ਹਨ।
ਅਜਿਹੀ ਸਥਿਤੀ ਵਿੱਚ ਜੱਥੇਬੰਦੀ ਦੇ ਸੂਬਾਈ ਵਫ਼ਦ ਨੇ 28 ਅਪ੍ਰੈਲ ਨੂੰ ਬਿਜਲੀ ਬੋਰਡ ਦੇ ਚੇਅਰਮੈਨ ਨੂੰ ਮਿਲਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਤੋਂ ਸਮਾਂ ਲੈਣ ਲਈ ਸੰਪਰਕ ਵੀ ਕੀਤਾ ਗਿਆ ਹੈ। ਉਪਰੋਕਤ ਫੈਸਲਾ ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬਿਜਲੀ ਸੰਕਟ ਬਾਰੇ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ ਗਿਆ। ਜੱਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਰੂਲਜ 'ਚ ਸੋਧ ਕਰਕੇ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ 15 ਮਈ ਨੂੰ ਗਵਰਨਰ ਪੰਜਾਬ ਦੀ ਰਿਹਾਇਸ਼ ਲੋਕ ਭਵਨ ਵੱਲ ਕੀਤੇ ਜਾਣ ਵਾਲੇ ਮੁਜ਼ਾਹਰੇ ਵਿੱਚ ਹਜ਼ਾਰਾਂ ਕਿਸਾਨਾਂ ਨਾਲ ਸ਼ਮੂਲੀਅਤ ਕਰਨ ਦਾ ਫੈਸਲਾ ਵੀ ਕੀਤਾ ਹੈ।
ਜੱਥੇਬੰਦੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਸੂਬੇ ਵਿੱਚ ਅਚਾਨਕ ਵਧੀ ਗਰਮੀ ਕਾਰਨ ਬਿਜਲੀ ਦੀ ਵਧੀ ਮੰਗ ਨੂੰ ਪੂਰਾ ਕਰਨ ਵਿੱਚ ਪੰਜਾਬ ਸਰਕਾਰ ਫੇਲ੍ਹ ਹੋ ਗਈ ਹੈ। ਘਰੇਲੂ ਸਪਲਾਈ ਦੇ ਲੰਬੇ ਲੰਬੇ ਕੱਟਾਂ ਕਾਰਨ ਲੋਕ ਸੰਘਰਸ਼ ਕਰਨ ਲਈ ਮਜਬੂਰ ਹੋ ਗਏ ਹਨ। ਕਣਕ ਦੀ ਵਾਢੀ ਲਗਪਗ ਮੁੰਕਮਲ ਹੋ ਗਈ ਹੈ ਪਰ ਇਸ ਦੇ ਬਾਵਜੂਦ ਖੇਤੀ ਖੇਤਰ ਲਈ ਵੀ ਹਾਲੇ ਕੱਟ ਜਾਰੀ ਹਨ। ਉਨ੍ਹਾਂ ਕਿਹਾ ਕਿ ਜੇਕਰ ਹੁਣ ਇਹ ਹਾਲਾਤ ਹਨ ਤਾਂ ਫਿਰ ਝੋਨੇ ਦੇ ਸੀਜ਼ਨ ਵੇਲੇ ਸਥਿਤੀ ਕੀ ਹੋਵੇਗੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖੇਤੀ ਖੇਤਰ ਨੂੰ ਅੱਠ ਘੰਟੇ ਅਤੇ ਘਰੇਲੂ ਖੇਤਰ ਨੂੰ 24 ਘੰਟੇ ਨਿਰਵਿਘਨ ਸਪਲਾਈ ਦਿੱਤੀ ਜਾਵੇ।