ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ ਲੈ ਕੇ ਕਿਸਾਨਾਂ ਦੀ ਮਦਦ ਵਾਸਤੇ ਸਮੂਹ ਪੰਜਾਬੀਆਂ ਨੂੰ ਇਕਜੁਟ ਹੋ ਕੇ ਮੱਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਨੂੰ ਲੈ ਕੇ ਕਿਸਾਨਾਂ ਦੀ ਮਦਦ ਵਾਸਤੇ ਸਮੂਹ ਪੰਜਾਬੀਆਂ ਨੂੰ ਇਕਜੁਟ ਹੋ ਕੇ ਮੱਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਸੁਖਬੀਰ ਨੇ ਕਿਹਾ ਕਿ ਕਰੀਬ ਸਵਾ ਲੱਖ ਏਕੜ ਵਿਚ ਫਸਲ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਪੰਜਾਬੀਆਂ ਨੇ ਪਿਛਲੇ ਸਾਲ ਆਏ ਤਬਾਹੀ ਭਰੇ ਹੜ੍ਹਾਂ ਨਾਲ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਵੇਲੇ ਕਿਸਾਨਾਂ ਦੀ ਡੱਟ ਕੇ ਮਦਦ ਕੀਤੀ ਸੀ, ਉਸ ਢੰਗ ਨਾਲ ਹੁਣ ਵੀ ਕਿਸਾਨਾਂ ਦੀ ਬਾਂਹ ਫੜ੍ਹੀ ਜਾਵੇ।
ਬੁੱਧਵਾਰ ਨੂੰ ਸੁਖਬੀਰ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ,। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਲਈ ਕਣਕ ਦੇ ਨਾਲ-ਨਾਲ ਹਰੇ ਅਤੇ ਸੁੱਕੇ ਚਾਰੇ ਦੀ ਵੰਡ ਲਈ ਵਿਸਥਾਰਿਤ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੋਡਲ ਪੁਆਇੰਟਾਂ ਦੀ ਸਿਰਜਣਾ ਕਰਨ ਉਪਰੰਤ ਪ੍ਰਭਾਵਿਤ ਕਿਸਾਨਾਂ ਨੂੰ ਇਸ ਦੀ ਵੰਡ ਸ਼ੁਰੂ ਕਰਾਂਗੇ।
ਬਾਦਲ ਨੇ ਕਿਹਾ ਕਿ ਅਕਾਲੀ ਦਲ ਬੇਲਰਾਂ ਦਾ ਵੀ ਇੰਤਜ਼ਾਮ ਕਰੇਗਾ ਪ੍ਰਭਾਵਤ ਕਿਸਾਨਾਂ ਦੇ ਖੇਤਾਂ ਵਿਚ ਮੁਫਤ ਵਿਚ ਗੰਢਾਂ ਤਿਆਰ ਕੀਤੀਆਂ ਜਾਣਗੀਆਂ ਤਾਂ ਜੋ ਇਸ ਪ੍ਰਕਿਰਿਆ ਨਾਲ ਕਿਸਾਨਾਂ ਨੂੰ ਵਧੀਕ ਆਮਦਨ ਹੋ ਸਕੇ। ਉਹਨਾਂ ਕਿਹਾ ਕਿ ਪਾਰਟੀ ਉਹਨਾਂ ਛੋਟੇ ਕਿਸਾਨਾਂ ਦੀ ਮਦਦ ਲਈ ਵੀ ਯਤਨ ਕਰੇਗੀ ਜਿਹਨਾਂ ਦੀ ਸਬਜ਼ੀ ਦੀ ਫਸਲ ਗੜ੍ਹੇਮਾਰੀ ਤਬਾਹ ਹੋਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਭਾਵਤ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਅਸਫਲ ਰਹੇ ਹਨ।
ਮੁੱਖ ਮੰਤਰੀ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੇ 2022 ਵਿਚ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਰ-ਵਾਰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦਾ ਨੁਕਸਾਨ ਹੋਣ ’ਤੇ ਗਿਰਦਾਵਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਗੇ। ਉਹਨਾਂ ਕਿਹਾ ਕਿ ਆਪ ਸਰਕਾਰ ਪਿਛਲੇ ਸਾਲ ਆਏ ਹੜ੍ਹਾਂ ਨਾਲ ਚਾਰ ਲੱਖ ਏਕੜ ਵਿਚ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਹੁਣ ਵੀ ਸਰਕਾਰ ਮੁਸੀਬਤ ਮਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਮਦਦ ਕਰਨ ਤੋਂ ਭੱਜ ਗਈ ਹੈ।
ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਡੱਟ ਕੇ ਮਦਦ ਕਰੇਗਾ। ਉਹਨਾਂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿਚ ਚੋਣ ਪ੍ਰਚਾਰ ਦੌਰਾਨ ਇਹ ਝੂਠ ਬੋਲਣ ਦੀ ਨਿਖੇਧੀ ਕੀਤੀ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਆਪ ਸਰਕਾਰ ਨੇ ਕਿਸਾਨਾਂ ਨੂੰ ਇਕ ਮਹੀਨੇ ਵਿਚ ਹੀ 50-50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਦਿੱਤਾ ਹੈ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ 1 ਜੁਲਾਈ 2025 ਤੱਕ ਦੇ ਮਹਿੰਗਾਈ ਭੱਤੇ ਦੇ ਬਕਾਏ ਇਸ ਸਾਲ 30 ਜੂਨ ਤੱਕ ਅਦਾ ਕਰਨ ਦੇ ਹੁਕਮ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ।ਉਹਨਾਂ ਕਿਹਾ ਕਿ ਇਹ ਹੁਕਮ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਦੀ ਵੱਡੀ ਜਿੱਤ ਹੈ।
ਬਾਦਲ ਨੇ ਕਿਹਾ ਕਿ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰਾ ਕਰਦੇ ਰਹੇ ਹਨ। ਉਹਨਾਂ ਕਿਹਾ ਕਿ ਵੱਖ-ਵੱਖ ਵਰਗਾਂ ਦੀ ਭਰਤੀ ਘਟਾਉਣ ਤੇ ਬੰਦ ਕਰਨ ਤੋਂ ਇਲਾਵਾ ਆਪ ਸਰਕਾਰ ਮਹਿੰਗਾਈ ਭੱਤੇ ਦੀ ਕਾਨੂੰਨੀ ਵੈਧਤਾ ’ਤੇ ਇਹ ਕਹਿ ਕੇ ਸਵਾਲ ਚੁੱਕ ਰਹੀ ਹੈ ਕਿ ਉਹ ਇਹ ਅਦਾਇਗੀ ਕਰਨ ਵਾਸਤੇ ਪਾਬੰਦ ਨਹੀਂ ਹਨ। ਉਹਨਾਂ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਵੇਲੇ ਨਾ ਸਿਰਫ਼ ਤਨਖਾਹ ਕਮਿਸ਼ਨਾਂ ਦੀ ਨਿਯੁਕਤੀ ਹੋਈ ਬਲਕਿ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਤੁਰੰਤ ਅਦਾ ਕੀਤਾ ਗਿਆ।