ਸਰਕਾਰ 13 ਅਪ੍ਰੈਲ ਦੇ ਸੈਸ਼ਨ ’ਚ ਫ਼ਸਲ ਬੀਮਾ ਯੋਜਨਾ ਲਾਗੂ ਕਰਨ ਦਾ ਫੈਸਲਾ ਕਰੇ : ਜਾਖੜ
ਸਰਕਾਰ 13 ਅਪ੍ਰੈਲ ਦੇ ਸੈਸ਼ਨ ’ਚ ਫਸਲ ਬੀਮਾ ਯੋਜਨਾ ਲਾਗੂ ਕਰਨ ਦਾ ਫੈਸਲਾ ਕਰੇ -ਜਾਖੜ
Publish Date: Fri, 10 Apr 2026 07:28 PM (IST)
Updated Date: Sat, 11 Apr 2026 04:12 AM (IST)

- ਜਾਖੜ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ - ਕਰਮਚਾਰੀਆਂ ਦਾ ਬਕਾਇਆ ਡੀਏ ਤੁਰੰਤ ਦੇਵੇ ਸਰਕਾਰ ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ 13 ਅਪ੍ਰੈਲ ਦੇ ਵਿਧਾਨ ਸਭਾ ਸੈਸ਼ਨ ’ਚ ਸੂਬੇ ਦੇ ਕਿਸਾਨਾਂ ਲਈ ਫ਼ਸਲ ਬੀਮਾ ਯੋਜਨਾ ਲਾਗੂ ਕਰਨ ਦੀ ਮੰਗ ਕੀਤੀ ਹੈ। ਜਾਖੜ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਤਾਂ ਸਾਰੇ ਦੇਸ਼ ਲਈ ਫ਼ਸਲ ਬੀਮਾ ਯੋਜਨਾ ਬਣਾਈ ਗਈ ਸੀ ਪਰ ਉਸ ਨੂੰ ਪੰਜਾਬ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ ਤੇ ਅਜਿਹਾ ਕਰ ਕੇ ਮੁੱਖ ਮੰਤਰੀ ਕਿਸਾਨਾਂ ਨਾਲ ਵੱਡਾ ਧ੍ਰੋਹ ਕਮਾ ਰਹੇ ਹਨ। ਜਾਖੜ ਨੇ ਕਿਹਾ ਕਿ ਇਸ ਸਮੇਂ ਪੰਜਾਬ ਦਾ ਕਿਸਾਨ ਵੱਡੀ ਕੁਦਰਤੀ ਆਫ਼ਤ ਦੀ ਮਾਰ ਝੱਲ ਰਿਹਾ ਹੈ। ਬੇਮੌਸਮੀ ਵਰਖਾ ਤੇ ਗੜ੍ਹੇਮਾਰੀ ਨੇ ਵੱਡੇ ਪੱਧਰ ’ਤੇ ਫ਼ਸਲਾਂ ਦਾ ਨੁਕਸਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸਾਲ 2023 ਤੇ 2025 ’ਚ ਹੜ੍ਹਾਂ ਨੇ ਪੰਜਾਬ ’ਚ ਵੱਡੀ ਤਬਾਹੀ ਮਚਾਈ ਸੀ ਤੇ ਪੀੜ਼ਤਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ, ਕਿਉਂਕਿ ਪੰਜਾਬ ’ਚ ਕੋਈ ਫ਼ਸਲ ਬੀਮਾ ਯੋਜਨਾ ਲਾਗੂ ਨਹੀਂ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ 3 ਸਾਲ ਪਹਿਲਾਂ ਉਨ੍ਹਾਂ ਕੇਂਦਰ ਸਰਕਾਰ ਦੀ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੀ ਥਾਂ ਤੇ ਪੰਜਾਬ ਸਰਕਾਰ ਆਪਣੀ ਖੇਤੀ ਬੀਮਾ ਯੋਜਨਾ ਲਿਆਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਹੁਣ ‘ਆਪ’ ਸਰਕਾਰ ਨੂੰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਇਜਲਾਸ ’ਚ ਬਿਨਾਂ ਦੇਰੀ ਤੋਂ ਸੂਬੇ ਦੀ ਖੇਤੀ ਬੀਮਾ ਸਕੀਮ ਲਾਗੂ ਕਰਨ ਦਾ ਐਲਾਨ ਚਾਹੀਦਾ ਹੈ ਤਾਂ ਜੋ ਇਸ ਤਰ੍ਹਾਂ ਦੀਆਂ ਕੁਦਰਤੀ ਆਫਤਾਂ ਮੌਕੇ ਹੁੰਦੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਹੋ ਸਕੇ। ਜਾਖੜ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਸਰਕਾਰੀ ਕਰਮਚਾਰੀ ਤੇ ਪੈਨਸ਼ਨਰ ਆਰਥਿਕ ਤੰਗੀ ’ਚ ਹਨ, ਕਿਉਂਕਿ ਸੂਬਾ ਸਰਕਾਰ ਨੇ ਉਨ੍ਹਾਂ ਨੂੰ ਬਣਦਾ ਮਹਿੰਗਾਈ ਭੱਤੇ ਦਾ ਵਾਧਾ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਹੋਰ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਆਪਣੇ ਕਰਮਚਾਰੀਆਂ ਨੂੰ 58 ਫੀਸਦੀ ਮਹਿੰਗਾਈ ਭੱਤਾ ਦੇ ਰਹੀਆਂ ਹਨ, ਜਦਕਿ ਪੰਜਾਬ ਇਹ ਸਿਰਫ 42 ਫ਼ੀਸਦੀ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਜਦ ਹਾਈਕੋਰਟ ਨੇ ਇਹ ਭੱਤਾ ਦੇਣ ਦੇ ਹੁਕਮ ਦਿੱਤੇ ਹਨ ਤਾਂ ਸਰਕਾਰ ਆਪਣੇ ਕਰਮਚਾਰੀ ਵਿਰੋਧੀ ਰਵੱਈਏ ਕਾਰਨ ਕਰਮਚਾਰੀਆਂ ਨੂੰ ਡੀਏ ਦੇਣ ਦੀ ਬਜਾਏ ਸੁਪਰੀਮ ਕੋਰਟ ਵਿਚ ਅਪੀਲ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਨਾਂ ਦੇਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਡੀਏ ਜਾਰੀ ਕਰੇ।