ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ, ਵਧ ਰਹੀਆਂ ਅੱਤਵਾਦੀ ਗਤੀਵਿਧੀਆਂ ਅਤੇ ਸੁਰੱਖਿਆ ਮਾਮਲਿਆਂ 'ਤੇ ਮੁੱਖ ਮੰਤਰੀ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਖ਼ਿਲਾਫ਼ ਭਾਜਪਾ ਹੁਣ ਸੂਬਾ ਵਿਆਪੀ ਮੁਹਿੰਮ ਸ਼ੁਰੂ ਕਰੇਗੀ।

ਰੋਹਿਤ ਕੁਮਾਰ, ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਜਾਖੜ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਕਾਨੂੰਨ-ਵਿਵਸਥਾ, ਵਧ ਰਹੀਆਂ ਅੱਤਵਾਦੀ ਗਤੀਵਿਧੀਆਂ ਅਤੇ ਸੁਰੱਖਿਆ ਮਾਮਲਿਆਂ 'ਤੇ ਮੁੱਖ ਮੰਤਰੀ ਦੇ ਗੈਰ-ਜ਼ਿੰਮੇਵਾਰਾਨਾ ਰਵੱਈਏ ਖ਼ਿਲਾਫ਼ ਭਾਜਪਾ ਹੁਣ ਸੂਬਾ ਵਿਆਪੀ ਮੁਹਿੰਮ ਸ਼ੁਰੂ ਕਰੇਗੀ।
ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕ ਪ੍ਰਤੀਨਿਧ ਮੰਡਲ ਜਲਦੀ ਹੀ ਰਾਜਪਾਲ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰੇਗਾ ਅਤੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਤੋਂ ਜਾਣੂ ਕਰਵਾਏਗਾ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਪਿਛਲੇ ਕੁਝ ਸਮੇਂ ਵਿੱਚ ਰਾਕੇਟ ਅਤੇ ਗ੍ਰਨੇਡ ਹਮਲਿਆਂ ਵਰਗੀਆਂ ਕਈ ਗੰਭੀਰ ਘਟਨਾਵਾਂ ਦਾ ਸਾਹਮਣਾ ਕਰ ਚੁੱਕਾ ਹੈ। ਇਸ ਦੇ ਬਾਵਜੂਦ ਸਰਕਾਰ ਇਨ੍ਹਾਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਹਲਕੇ ਵਿੱਚ ਲੈ ਰਹੀ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਹੋਏ ਬੰਬ ਧਮਾਕਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਸੁਰੱਖਿਆ ਏਜੰਸੀਆਂ ਇਨ੍ਹਾਂ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ ਅਤੇ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕ ਤੇ ਪਾਕਿਸਤਾਨ ਦੀ ਆਈ.ਐੱਸ.ਆਈ. ਦੀ ਭੂਮਿਕਾ ਨੂੰ ਲੈ ਕੇ ਜਾਂਚ ਚੱਲ ਰਹੀ ਹੈ, ਉਦੋਂ ਮੁੱਖ ਮੰਤਰੀ ਦਾ ਬਿਆਨ ਪੰਜਾਬ ਦੀ ਸੁਰੱਖਿਆ ਪ੍ਰਤੀ ਉਨ੍ਹਾਂ ਦੀ ਲਾਪਰਵਾਹੀ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਪਹਿਲਾਂ ਹੀ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਹਾਲਾਤ 'ਤੇ ਚਿੰਤਾ ਪ੍ਰਗਟਾ ਚੁੱਕੇ ਹਨ। ਅਜਿਹੇ ਵਿੱਚ ਭਾਜਪਾ ਇਸ ਮੁੱਦੇ ਨੂੰ ਸੰਵਿਧਾਨਕ ਤਰੀਕੇ ਨਾਲ ਉਠਾਏਗੀ। ਜਾਖੜ ਨੇ ਕਿਹਾ ਕਿ ਪਾਰਟੀ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦਾ ਪੂਰਾ ਵੇਰਵਾ ਦੇਵੇਗੀ ਅਤੇ ਮੰਗ ਕਰੇਗੀ ਕਿ ਇਸ ਗੰਭੀਰ ਸਥਿਤੀ 'ਤੇ ਤੁਰੰਤ ਦਖਲ ਦਿੱਤਾ ਜਾਵੇ।
ਭਾਜਪਾ ਸੂਬਾ ਪ੍ਰਧਾਨ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਚਰਮਰਾ ਚੁੱਕੀ ਹੈ ਅਤੇ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਜਾਖੜ ਨੇ ਕਿਹਾ ਕਿ ਭਾਜਪਾ ਪੂਰੇ ਪੰਜਾਬ ਵਿੱਚ ਜਨ-ਜਾਗਰਣ ਮੁਹਿੰਮ ਚਲਾ ਕੇ ਲੋਕਾਂ ਨੂੰ ਸਰਕਾਰ ਦੀਆਂ ਨਾਕਾਮੀਆਂ ਤੋਂ ਜਾਣੂ ਕਰਵਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਸੁਰੱਖਿਆ ਅਤੇ ਪਛਾਣ ਬਚਾਉਣ ਲਈ ਭਾਜਪਾ ਹਰ ਪੱਧਰ 'ਤੇ ਸੰਘਰਸ਼ ਕਰੇਗੀ ਅਤੇ ਜਨਤਾ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਏਗੀ।