ਤਰਲੋਚਨ ਸਿੰਘ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ; ਆਰਮੀ ਪਬਲਿਕ ਸਕੂਲਾਂ 'ਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਬਰਕਰਾਰ ਰੱਖਣ ਦੀ ਕੀਤੀ ਮੰਗ
ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਪੰਜਾਬੀ ਨੂੰ ਸਿਰਫ਼ ਇੱਕ ਵਾਧੂ (additional) ਵਿਸ਼ਾ ਬਣਾਉਣ ਦੀ ਬਜਾਏ, ਪਹਿਲਾਂ ਵਾਂਗ 'ਲਾਜ਼ਮੀ ਵਿਸ਼ੇ' ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ। ਤਰਲੋਚਨ ਸਿੰਘ ਨੇ ਰੱਖਿਆ ਮੰਤਰੀ ਨੂੰ ਉਨ੍ਹਾਂ ਦੇ ਪੁਰਾਣੇ ਦਖ਼ਲ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਉੱਤਰੀ ਭਾਰਤ ਦੇ ਫ਼ੌਜੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ।
Publish Date: Thu, 07 May 2026 01:06 PM (IST)
Updated Date: Thu, 07 May 2026 01:10 PM (IST)

ਜੈ ਸਿੰਘ ਛਿੱਬਰ, ਚੰਡੀਗੜ੍ਹ :ਸਾਬਕਾ ਸੰਸਦ ਮੈਂਬਰ ਅਤੇ ਪਦਮ ਭੂਸ਼ਣ ਨਾਲ ਸਨਮਾਨਿਤ ਸ੍ਰੀ ਤਰਲੋਚਨ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਇੱਕ ਪੱਤਰ ਲਿਖ ਕੇ ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਸਥਿਤੀ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਪੰਜਾਬੀ ਨੂੰ ਸਿਰਫ਼ ਇੱਕ ਵਾਧੂ (additional) ਵਿਸ਼ਾ ਬਣਾਉਣ ਦੀ ਬਜਾਏ, ਪਹਿਲਾਂ ਵਾਂਗ 'ਲਾਜ਼ਮੀ ਵਿਸ਼ੇ' ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ। ਤਰਲੋਚਨ ਸਿੰਘ ਨੇ ਰੱਖਿਆ ਮੰਤਰੀ ਨੂੰ ਉਨ੍ਹਾਂ ਦੇ ਪੁਰਾਣੇ ਦਖ਼ਲ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਉੱਤਰੀ ਭਾਰਤ ਦੇ ਫ਼ੌਜੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦਾ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਭਾਸ਼ਾ ਵਿੱਚ ਮੌਜੂਦ 'ਮਾਰਸ਼ਲ ਰਵਾਇਤਾਂ' ਅਤੇ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਫ਼ੌਜ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਬਹਾਦਰੀ ਦਾ ਜਜ਼ਬਾ ਭਰਦੀ ਹੈ।ਉਨ੍ਹਾਂ ਅੱਗੇ ਲਿਖਿਆ ਕਿ ਜਦੋਂ ਵੀ ਭਾਰਤ ਨੇ ਜੰਗਾਂ ਦਾ ਸਾਹਮਣਾ ਕੀਤਾ ਹੈ, ਆਕਾਸ਼ਵਾਣੀ ਅਤੇ ਟੀਵੀ ਚੈਨਲਾਂ 'ਤੇ ਸਿਪਾਹੀਆਂ ਦਾ ਹੌਸਲਾ ਵਧਾਉਣ ਲਈ ਗੁਰੂ ਗ੍ਰੰਥ ਸਾਹਿਬ ਅਤੇ ਦਸਮ ਗ੍ਰੰਥ ਵਿੱਚੋਂ ਸ਼ਬਦਾਂ ਦਾ ਪ੍ਰਸਾਰਣ ਕੀਤਾ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਆਰਮੀ ਵੈਲਫੇਅਰ ਐਜੂਕੇਸ਼ਨ ਸੋਸਾਇਟੀ (AWES) ਵੱਲੋਂ ਪੰਜਾਬੀ ਨੂੰ ਗ਼ੈਰ-ਲਾਜ਼ਮੀ ਬਣਾਉਣ ਦੇ ਨਵੇਂ ਹੁਕਮ ਰਾਸ਼ਟਰੀ ਹਿੱਤਾਂ ਦੇ ਵਿਰੁੱਧ ਹਨ।ਸ੍ਰੀ ਤਰਲੋਚਨ ਸਿੰਘ ਨੇ ਰੱਖਿਆ ਮੰਤਰੀ ਤੋਂ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਪੁਰਾਣੀ ਪ੍ਰਣਾਲੀ ਨੂੰ ਬਹਾਲ ਕਰਕੇ ਪੰਜਾਬੀ ਭਾਸ਼ਾ ਨੂੰ ਆਰਮੀ ਪਬਲਿਕ ਸਕੂਲਾਂ ਵਿੱਚ ਲਾਜ਼ਮੀ ਤੌਰ 'ਤੇ ਪੜ੍ਹਾਉਣਾ ਜਾਰੀ ਰੱਖਿਆ ਜਾ ਸਕੇ।