ਰੈਲੀ ’ਚ ਸ਼ਾਮਲ ਹੋਣ ਲਈ ਕੀਤਾ ਧੰਨਵਾਦ
ਰੈਲੀ ਵਿਚ ਸ਼ਾਮਲ ਹੋਣ ਲਈ ਕੀਤਾ ਧੰਨਵਾਦ
Publish Date: Mon, 02 Mar 2026 06:10 PM (IST)
Updated Date: Mon, 02 Mar 2026 06:10 PM (IST)

ਮਹਿਰਾ, ਪੰਜਾਬੀ ਜਾਗਰਣ, ਖਰੜ : ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਬਰਨਾਲਾ ਵਿਖੇ ਕਾਂਗਰਸ ਪਾਰਟੀ ਵੱਲੋਂ ਕਰਵਾਈ ਗਈ ‘ਮਨਰੇਗਾ ਬਚਾਓ ਸੰਘਰਸ਼’ ਮਹਾ ਰੈਲੀ ਵਿਚ ਸ਼ਾਮਲ ਹੋਣ ਲਈ ਜ਼ਿਲ੍ਹੇ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਦਿਲੋਂ ਧੰਨਵਾਦ ਕੀਤਾ। ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਇਸ ਇਤਿਹਾਸਕ ਮਹਾ ਰੈਲੀ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਮ ਲੋਕਾਂ ਦੇ ਗੁੱਸੇ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਰੈਲੀ ਆਉਣ ਵਾਲੀਆਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕੀਤੀ ਗਈ, ਜਿਸ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪਾਰਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਜੋਸ਼ੀਲੇ ਭਾਸ਼ਣਾਂ ਨੇ ਰੈਲੀ ਵਿਚ ਸ਼ਾਮਲ ਹਜ਼ਾਰਾਂ ਲੋਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ। ਕਮਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੱਡੇ ਕਾਫ਼ਲੇ ਨਾਲ ਗੱਡੀਆਂ ਅਤੇ ਬੱਸਾਂ ਸੈਂਕੜੇ ਵਰਕਰਾਂ ਸਮੇਤ ਬਰਨਾਲਾ ਰੈਲੀ ਵਿਚ ਪਹੁੰਚੀਆਂ, ਜੋ ਜ਼ਿਲ੍ਹੇ ਦੀ ਮਜ਼ਬੂਤ ਸੰਗਠਨਾਤਮਕ ਤਾਕਤ ਨੂੰ ਦਰਸਾਉਂਦਾ ਹੈ। ਇਸ ਮੌਕੇ ਉਨ੍ਹਾਂ ਸਾਰੇ ਆਗੂਆਂ ਅਤੇ ਵਰਕਰਾਂ ਦੀ ਇਕਜੁੱਟਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਲੜਾਈ ਇਸੇ ਤਰ੍ਹਾਂ ਡੱਟ ਕੇ ਲੜਦੀ ਰਹੇਗੀ।