ਵਾਹਨ ਚੋਰੀਆਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
ਵਾਹਨ ਚੋਰੀਆਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 8 ਮੋਟਰਸਾਈਕਲ ਅਤੇ ਇਕ ਕਾਰ ਬਰਾਮਦ
Publish Date: Wed, 19 Nov 2025 08:48 PM (IST)
Updated Date: Wed, 19 Nov 2025 08:49 PM (IST)

8 ਮੋਟਰਸਾਈਕਲ ਅਤੇ ਇਕ ਕਾਰ ਬਰਾਮਦ ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਪੁਲਿਸ ਨੇ ਇਕ ਵਾਹਨ ਚੋਰੀਆਂ ਕਰਨ ਵਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਹਿਲ ਵਾਸੀ ਗੜ੍ਹਸ਼ੰਕਰ, ਵਿਵੇਕ ਵਾਸੀ ਗੜ੍ਹਸ਼ੰਕਰ ਅਤੇ ਹਰਪ੍ਰੀਤ ਵਾਸੀ ਮੋਰਿੰਡਾ ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਪੁਲਿਸ ਨੇ 8 ਸਪਲੈਂਡਰ ਮੋਟਰਸਾਈਕਲ ਅਤੇ ਇਕ ਆਲਟੋ ਕਾਰ ਬਰਾਮਦ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਇੰਸਪੈਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਜ਼ੀਰਕਪੁਰ ਤੋਂ ਇਕ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਇਤ ਪ੍ਰਾਪਤ ਹੋਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਵਿਚ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਪੜਤਾਲ ਆਰੰਭ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬੀਤੇ ਦਿਨੀਂ ਜਦ ਪੁਲਿਸ ਨੇ ਗਾਜ਼ੀਪੁਰ ਸੜਕ ’ਤੇ ਸੁਖਨਾ ਚੋਅ ਨੇੜੇ ਨਾਕੇਬੰਦੀ ਕੀਤੀ ਹੋਈ ਸੀ ਤਾਂ ਇਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੂੰ ਰੋਕ ਕੇ ਪੁੱਛ-ਗਿੱਛ ਕੀਤੀ ਗਈ ਤਾਂ ਉੱਕਤ ਵਿਅਕਤੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਤਾਂ ਡੁੰਘਾਈ ਨਾਲ ਜਾਂਚ ਪੜਤਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਉੱਕਤ ਨੌਜਵਾਨਾਂ ਨੇ ਮੰਨਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੁੱਝ ਹੋਰ ਚੋਰੀ ਦੀਆਂ ਮੋਟਰਸਾਈਕਲਾਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੁਲਜ਼ਮਾਂ ਨੂੰ ਮੁੜ ਤੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਹੋਰ ਚੋਰੀਸ਼ੁਧਾ ਮੋਟਰਸਾਈਕਲਾਂ ਅਤੇ ਇਕ ਆਲਟੋ ਕਾਰ ਬਰਾਮਦ ਕੀਤੀ ਗਈ। ਥਾਣਾ ਮੁੱਖੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਹੋਰ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ, ਜਿਸ ਸਬੰਧੀ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਹੋਰ ਜਾਣਕਾਰੀ ਅਨੁਸਾਰ ਵਾਹਨ ਚੋਰੀਆਂ ਕਰਨ ਵਾਲੇ ਗਿਰੋਹ ਦੇ ਇਹ ਮੈਂਬਰ ਜ਼ੀਰਕਪੁਰ ਅਤੇ ਖਰੜ ਖੇਤਰ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।