Vigilance Action : ਏਐੱਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ, ਪੀੜਤ ਤੋਂ ਇਸ ਕੰਮ ਲਈ ਮੰਗੀ ਸੀ 20 ਹਜ਼ਾਰ ਰੁਪਏ ਰਿਸ਼ਵਤ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਮੁਹਾਲੀ ਦੇ ਥਾਣਾ ਸਦਰ ਖਰੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਜਸਵੀਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
Publish Date: Mon, 09 Feb 2026 09:17 PM (IST)
Updated Date: Mon, 09 Feb 2026 09:20 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਮੁਹਾਲੀ ਦੇ ਥਾਣਾ ਸਦਰ ਖਰੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਜਸਵੀਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੁਹਾਲੀ ਦੇ ਇਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿਚ ਜਾਂਚ ਅਧਿਕਾਰੀ ਮੁਲਜ਼ਮ ਏਐੱਸਆਈ ਜਸਵੀਰ ਸਿੰਘ ਸੀ।
ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿਚ ਚਾਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਮੁਲਜ਼ਮ ਏਐੱਸਆਈ ਨੇ ਸਮਰੱਥ ਅਦਾਲਤ ਵਿਚ ਚਾਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ।
ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੁਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।