ਅਣਪਛਾਤੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਚਾਲਕ ਫ਼ਰਾਰ
ਅਣਪਛਾਤੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਚਾਲਕ ਫ਼ਰਾਰ
Publish Date: Wed, 14 Jan 2026 07:13 PM (IST)
Updated Date: Wed, 14 Jan 2026 07:15 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਵਿਖੇ ਪੁਲਿਸ ਸਟੇਸ਼ਨ ਨੇੜੇ ਕਾਲਜ ਰੋਡ ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ 23 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਅਣਪਛਾਤੇ ਟਿੱਪਰ ਨੇ ਨੌਜਵਾਨ ਨੂੰ ਆਪਣੀ ਲਪੇਟ ’ਚ ਲੈ ਲਿਆ। ਪੁਲਿਸ ਨੇ ਅਣਪਛਾਤੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਕਾਲਜ ਰੋਡ ਪੁਲਿਸ ਸਟੇਸ਼ਨ ਡੇਰਾਬੱਸੀ ਦੇ ਨੇੜੇ ਇਕ ਨੌਜਵਾਨ ਆਪਣੀ ਮੰਜ਼ਿਲ ਵੱਲ ਜਾ ਰਿਹਾ ਸੀ ਕਿ ਅਚਾਨਕ ਪਿੱਛੋਂ ਆ ਰਹੇ ਟਿੱਪਰ ਨੇ ਉਸ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਜਿਸ ਦੀ ਪਛਾਣ ਰੋਹਿਤ (23) ਪੁੱਤਰ ਓਮ ਪ੍ਰਕਾਸ਼ ਵਾਸੀ ਕਾਲਜ ਕਾਲੋਨੀ ਡੇਰਾਬੱਸੀ ਵਜੋਂ ਹੋਈ ਹੈ। ਹਾਦਸੇ ਤੋਂ ਤੁਰੰਤ ਬਾਅਦ ਟਿੱਪਰ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਸਟੇਸ਼ਨ ਦੇ ਨੇੜੇ ਘਟਨਾ ਵਾਪਰਨ ਕਾਰਨ ਪੁਲਿਸ ਪ੍ਰਸ਼ਾਸਨ ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਅਣਪਛਾਤੇ ਟਿੱਪਰ ਅਤੇ ਉਸ ਦੇ ਚਾਲਕ ਦੀ ਪਛਾਣ ਕੀਤੀ ਜਾ ਸਕੇ।