ਇਲਾਜ ਦੌਰਾਨ ਨੌਜਵਾਨ ਦੀ ਮੌਤ, ਕੁੱਟਮਾਰ ਦੇ ਦੋਸ਼ ’ਚ ਕੇਸ ਦਰਜ
ਇਲਾਜ ਦੌਰਾਨ ਨੌਜਵਾਨ ਦੀ ਮੌਤ, ਕੁੱਟਮਾਰ ਦੇ ਦੋਸ਼ਾਂ ਹੇਠ ਕੇਸ ਦਰਜ
Publish Date: Mon, 30 Mar 2026 09:27 PM (IST)
Updated Date: Mon, 30 Mar 2026 09:30 PM (IST)

ਟੀਪੀਐੱਸ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ : ਬਲਟਾਣਾ ਖੇਤਰ ਦੇ ਰਹਿਣ ਵਾਲੇ ਇਕ 32 ਸਾਲਾ ਨੌਜਵਾਨ ਦੀ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੋਗਿੰਦਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਗੋਂਡਾ ਦਾ ਰਹਿਣ ਵਾਲਾ ਸੀ ਅਤੇ ਇੱਥੇ ਮਜ਼ਦੂਰੀ ਕਰ ਕੇ ਆਪਣਾ ਗੁਜ਼ਾਰਾ ਕਰਦਾ ਸੀ। ਪੁਲਿਸ ਨੇ ਮ੍ਰਿਤਕ ਦੇ ਭਰਾ ਬਾਦਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਬਾਦਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ 26 ਮਾਰਚ ਨੂੰ ਉਸ ਨੂੰ ਸੂਚਨਾ ਮਿਲੀ ਸੀ ਕਿ ਉਸ ਦੇ ਭਰਾ ਜੋਗਿੰਦਰ ਦੀ ਹਾਲਤ ਬਹੁਤ ਗੰਭੀਰ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, 24 ਮਾਰਚ ਨੂੰ ਜੋਗਿੰਦਰ ਹਰਮਿਲਾਪ ਨਗਰ ਸਥਿਤ ਇਕ ਦਫ਼ਤਰ ਦੀਆਂ ਪੌੜੀਆਂ ਚੜ੍ਹ ਰਿਹਾ ਸੀ, ਜਿੱਥੇ ਅਚਾਨਕ ਪੈਰ ਫਿਸਲਣ ਕਾਰਨ ਉਹ ਹੇਠਾਂ ਡਿੱਗ ਗਿਆ ਅਤੇ ਸਿਰ ਤੇ ਸੱਟ ਲੱਗ ਗਈ। ਉਸ ਵੇਲੇ ਦਫ਼ਤਰ ਦੇ ਕਰਮਚਾਰੀਆਂ ਨੇ ਉਸ ਨੂੰ ਸੰਭਾਲਿਆ ਅਤੇ ਬਲਟਾਣਾ ਸਥਿਤ ਉਸ ਦੇ ਘਰ ਛੱਡ ਦਿੱਤਾ ਸੀ। ਪਰਿਵਾਰ ਨੇ ਗੰਭੀਰ ਇਲਜ਼ਾਮ ਲਗਾਉਂਦਿਆਂ ਦੱਸਿਆ ਕਿ ਅਗਲੇ ਦਿਨ ਜੋਗਿੰਦਰ ਗ਼ਲਤੀ ਨਾਲ ਆਨੰਦ ਵਿਹਾਰ ਬਲਟਾਣਾ ਦੇ ਇਕ ਮਕਾਨ ਵਿਚ ਦਾਖ਼ਲ ਹੋ ਗਿਆ ਸੀ। ਉੱਥੇ ਰਹਿਣ ਵਾਲੀ ਇਕ ਔਰਤ ਨੇ 3-4 ਹੋਰ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਜੋਗਿੰਦਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੀਜੀਆਈ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦਿਆਂ 30 ਮਾਰਚ ਨੂੰ ਜੋਗਿੰਦਰ ਨੇ ਦਮ ਤੋੜ ਦਿੱਤਾ। ਜ਼ੀਰਕਪੁਰ ਪੁਲਿਸ ਨੇ ਬਾਦਲ ਸਿੰਘ ਦੇ ਬਿਆਨਾਂ ਤੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।