ਜ਼ੀਰਕਪੁਰ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ: ਢਿੱਲੋਂ ਨੇ 'ਆਪ' 'ਤੇ ਲਾਏ ਵੋਟਰ ਸੂਚੀਆਂ 'ਚ ਗੜਬੜੀ ਦੇ ਵੱਡੇ ਦੋਸ਼
ਨਗਰ ਕੌਂਸਲ ਜ਼ੀਰਕਪੁਰ ਦੇ ਵਾਰਡ ਨੰ. 19 ਤੋਂ ਕਾਂਗਰਸ ਉਮੀਦਵਾਰ ਸੁਖਦੇਵ ਸਿੰਘ ਸੈਣੀ ਦੇ ਹੱਕ ਵਿਚ ਦਸਮੇਸ਼ ਕਾਲੋਨੀ ਵਿਚ ਕਰਵਾਈ ਗਈ ਚੋਣ ਸਭਾ ਦੌਰਾਨ ਸਾਬਕਾ ਕੌਂਸਲ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ 2021 ਵਿਚ ਕਾਂਗਰਸ ਦੇ 23 ਕੌਂਸਲਰਾਂ ਦੀ ਜਿੱਤ ਤੋਂ ਬਾਅਦ ਸ਼ਹਿਰ ਦੇ ਵਿਕਾਸ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਸਨ, ਪਰ 2022 ਵਿਚ ਸਰਕਾਰ ਬਦਲਣ ਮਗਰੋਂ ਇਨ੍ਹਾਂ ਕੰਮਾਂ ਵਿਚ ਰੁਕਾਵਟਾਂ ਪਾਈਆਂ ਗਈਆਂ।
Publish Date: Fri, 22 May 2026 12:33 PM (IST)
Updated Date: Fri, 22 May 2026 12:46 PM (IST)
ਜੇਐੱਸ ਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ : ਨਗਰ ਕੌਂਸਲ ਜ਼ੀਰਕਪੁਰ ਦੇ ਵਾਰਡ ਨੰ. 19 ਤੋਂ ਕਾਂਗਰਸ ਉਮੀਦਵਾਰ ਸੁਖਦੇਵ ਸਿੰਘ ਸੈਣੀ ਦੇ ਹੱਕ ਵਿਚ ਦਸਮੇਸ਼ ਕਾਲੋਨੀ ਵਿਚ ਕਰਵਾਈ ਗਈ ਚੋਣ ਸਭਾ ਦੌਰਾਨ ਸਾਬਕਾ ਕੌਂਸਲ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਦੋਸ਼ ਲਗਾਏ। ਉਨ੍ਹਾਂ ਦਾਅਵਾ ਕੀਤਾ ਕਿ 2021 ਵਿਚ ਕਾਂਗਰਸ ਦੇ 23 ਕੌਂਸਲਰਾਂ ਦੀ ਜਿੱਤ ਤੋਂ ਬਾਅਦ ਸ਼ਹਿਰ ਦੇ ਵਿਕਾਸ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਸਨ, ਪਰ 2022 ਵਿਚ ਸਰਕਾਰ ਬਦਲਣ ਮਗਰੋਂ ਇਨ੍ਹਾਂ ਕੰਮਾਂ ਵਿਚ ਰੁਕਾਵਟਾਂ ਪਾਈਆਂ ਗਈਆਂ।
ਢਿੱਲੋਂ ਨੇ ਕਿਹਾ ਕਿ ਸਿਆਸੀ ਸਾਜ਼ਿਸ਼ ਤਹਿਤ ਕੁਝ ਕੌਂਸਲਰ ਸੱਤਾਧਾਰੀ ਧਿਰ ਨਾਲ ਮਿਲ ਗਏ ਅਤੇ ਉਨ੍ਹਾਂ ਖ਼ਿਲਾਫ਼ ਬੇਭਰੋਸਗੀ ਮਤਾ ਲਿਆਂਦਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਇਸ ਮਾਮਲੇ ਵਿਚ ਇਕੱਠੇ ਹੋਏ। ਉਨ੍ਹਾਂ ਦੱਸਿਆ ਕਿ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਹੱਕ ਵਿਚ ਫ਼ੈਸਲਾ ਆਉਣ ਤੋਂ ਬਾਅਦ ਉਹ ਆਪਣਾ ਕਾਰਜਕਾਲ ਪੂਰਾ ਕਰਨ ਵਿਚ ਸਫ਼ਲ ਰਹੇ।
ਸਾਬਕਾ ਪ੍ਰਧਾਨ ਨੇ ਇਹ ਵੀ ਦੋਸ਼ ਲਾਇਆ ਕਿ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵੱਡੇ ਪੱਧਰ ’ਤੇ ਵੋਟਰਾਂ ਦੇ ਨਾਮ ਇਕ ਵਾਰਡ ਤੋਂ ਦੂਜੇ ਵਾਰਡ ਵਿਚ ਤਬਦੀਲ ਕੀਤੇ ਗਏ, ਜਿਸ ਨਾਲ ਚੋਣੀ ਪ੍ਰਕਿਰਿਆ ਪ੍ਰਭਾਵਿਤ ਹੋਈ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਅੰਦਰੂਨੀ ਸਮਝੌਤੇ ਦਾ ਵੀ ਦਾਅਵਾ ਕੀਤਾ। ਇਸ ਮੌਕੇ ਕਾਂਗਰਸੀ ਉਮੀਦਵਾਰ ਸੁਖਦੇਵ ਸਿੰਘ ਸੈਣੀ ਨੇ ਕਿਹਾ ਕਿ ਉਹ ਖੇਤਰ ਦੇ ਵਸਨੀਕ ਹਨ ਅਤੇ ਚੁਣੇ ਜਾਣ ’ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸਮੇਂ ਉਪਲਬਧ ਰਹਿਣਗੇ। ਉਨ੍ਹਾਂ ਵੋਟਰਾਂ ਨੂੰ ਵਿਕਾਸ ਅਤੇ ਸਥਾਨਕ ਨੁਮਾਇੰਦਗੀ ਦੇ ਆਧਾਰ ’ਤੇ ਫ਼ੈਸਲਾ ਕਰਨ ਦੀ ਅਪੀਲ ਕੀਤੀ।