ਵਿਧਾਇਕ ਰੰਧਾਵਾ ਨੇ 2.47 ਕਰੋੜ ਦੇ ਸਟਾਰਮ ਸੀਵਰੇਜ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
ਜ਼ੀਰਕਪੁਰ ਦੇ ਵਿਕਾਸ ਨੇ ਫੜੀ ਰਫ਼ਤਾਰ : ਵਿਧਾਇਕ ਰੰਧਾਵਾ ਨੇ 2.47 ਕਰੋੜ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ,
Publish Date: Mon, 30 Mar 2026 08:14 PM (IST)
Updated Date: Mon, 30 Mar 2026 08:18 PM (IST)

- ਲੋਕਾਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਤੋਂ ਮਿਲੇਗੀ ਨਿਜਾਤ ਟੀਪੀਐੱਸ ਗਿੱਲ, ਪੰਜਾਬੀ ਜਾਗਰਣ ਜ਼ੀਰਕਪੁਰ : ਜ਼ੀਰਕਪੁਰ ਸ਼ਹਿਰ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇਲਾਕਾ ਵਾਸੀਆਂ ਨੂੰ ਇਕ ਵੱਡੀ ਸੌਗਾਤ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਨਗਰ ਕੌਂਸਲ ਜ਼ੀਰਕਪੁਰ ਦੇ ਵਾਰਡ ਨੰ. 24 ਅਧੀਨ ਆਉਂਦੇ ਪਿੰਡ ਅੱਡਾ ਝੁੱਗੀਆਂ ਵਿਖੇ 2 ਕਰੋੜ 47 ਲੱਖ 67 ਹਜ਼ਾਰ ਦੀ ਲਾਗਤ ਨਾਲ ਤਿਆਰ ਹੋਣ ਵਾਲੇ 2.5 ਕਿਲੋਮੀਟਰ ਲੰਬੇ ਸਟਾਰਮ ਸੀਵਰ ਪ੍ਰਾਜੈਕਟ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਪਿੰਡ ਅੱਡਾ ਝੁੱਗੀਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬਰਸਾਤ ਦੇ ਦਿਨਾਂ ਵਿਚ ਪਾਣੀ ਜਮ੍ਹਾਂ ਹੋਣਾ ਇਕ ਗੰਭੀਰ ਸਮੱਸਿਆ ਬਣੀ ਹੋਈ ਸੀ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਪਾਣੀ ਦੀ ਨਿਕਾਸੀ ਸੁਚਾਰੂ ਹੋਵੇਗੀ, ਉੱਥੇ ਹੀ ਸਥਾਨਕ ਲੋਕਾਂ ਨੂੰ ਗੰਦਗੀ ਅਤੇ ਬਿਮਾਰੀਆਂ ਤੋਂ ਵੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਸਫ਼ਾਈ ਸਾਡੀ ਮੁੱਖ ਤਰਜੀਹ ਹੈ। ਇਸ ਮੌਕੇ ਵਿਧਾਇਕ ਨੇ ਪਿਛਲੀਆਂ ਸਰਕਾਰਾਂ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦਹਾਕਿਆਂ ਤੱਕ ਸੱਤਾ ਵਿਚ ਰਹਿਣ ਵਾਲੀਆਂ ਪਾਰਟੀਆਂ ਨੇ ਜ਼ੀਰਕਪੁਰ ਦੇ ਬੁਨਿਆਦੀ ਢਾਂਚੇ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਸ਼ਾਸਕਾਂ ਨੇ ਸਿਰਫ਼ ਵਾਅਦੇ ਕੀਤੇ, ਪਰ ਅਸੀਂ ਕਹਿਣੀ ਨਹੀਂ, ਕਰਨੀ ਦੇ ਸਿਧਾਂਤ ’ਤੇ ਪਹਿਰਾ ਦੇ ਰਹੇ ਹਾਂ। ਅੱਜ ਹਲਕੇ ਦਾ ਹਰ ਕੋਨਾ ਵਿਕਾਸ ਦੀ ਗਵਾਹੀ ਭਰ ਰਿਹਾ ਹੈ।