ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਰੋਸ ਰੈਲੀ ਅੱਜ
ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਤਰਨਤਾਰਨ ਵਿਖੇ ਰੋਸ ਰੈਲੀ ਅੱਜ
Publish Date: Thu, 16 Oct 2025 04:05 PM (IST)
Updated Date: Thu, 16 Oct 2025 04:08 PM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਦੇ ਕੀਤੇ ਐਲਾਨ ਅਤੇ ਲਿਖਤ ਵਾਅਦਿਆਂ ਤੋਂ ਭੱਜਣ ਅਤੇ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 17 ਅਕਤੂਬਰ ਨੂੰ ਤਰਨਤਾਰਨ ਵਿਖੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ, ਸਟੇਟ ਕਮੇਟੀ ਮੈਂਬਰ ਜਗਸੀਰ ਸਿੰਘ ਬਰਾੜ ਅਤੇ ਹਰਮਿੰਦਰ ਸਿੰਘ ਸੰਧੂ, ਜਨਰਲ ਸਕੱਤਰ ਕੁਲਦੀਪ ਸਿੰਘ ਚਹਿਲ ਨੇ ਸਾਂਝੇ ਤੌਰ ’ਤੇ ਪ੍ਰੈੱਸ ਨੂੰ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲਗਭਗ 80 ਦੇ ਕਰੀਬ ਮੀਟਿੰਗਾਂ ਸਬ ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਅਤੇ ਵਿੱਤ ਵਿਭਾਗ ਦੇ ਆਲਾ ਅਫਸਰਾ ਨਾਲ ਜਥੇਬੰਦੀ ਦੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ ਜਥੇਬੰਦੀ ਦੇ ਪੱਲੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਪਾਇਆ। ਭਾਵੇਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਨ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਤੋਂ ਪਹਿਲਾਂ ਲਾਗੂ ਕਰਨ ਦਾ ਐਲਾਨ ਅਖ਼ਬਾਰਾਂ, ਸੋਸ਼ਲ ਮੀਡੀਆ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ਤੋਂ ਕਈ ਵਾਰ ਕੀਤਾ ਸੀ। ਜੋ ਸਿਰਫ ਐਲਾਨ ਹੀ ਬਣ ਕੇ ਰਹਿ ਗਿਆ। ਪਰ ਹੁਣ ਕੰਪਿਊਟਰ ਅਧਿਆਪਕਾਂ ਦੇ ਸਬਰ ਦਾ ਬੰਨ ਟੁੱਟ ਚੁੱਕਾ ਹੈ। ਉਲਟਾ ਪੰਜਾਬ ਸਰਕਾਰ, ਮਾਣਯੋਗ ਹਾਈਕੋਰਟ ਪੰਜਾਬ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਆਏ ਫੈਸਲਿਆਂ ਨੂੰ ਲਾਗੂ ਕਰਨ ਦੀ ਬਜਾਏ ਮਾਣਯੋਗ ਸੁਪਰੀਮ ਕੋਰਟ ਵਿਖੇ ਚੁਣੌਤੀ ਦੇਣ ਜਾ ਰਹੀ ਹੈ। ਜਥੇਬੰਦੀ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਜਲਦੀ ਤੋਂ ਜਲਦੀ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰ ਕੇ ਲਾਗੂ ਨਹੀਂ ਕਰਦੀ ਤਾਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਤਰਨਤਾਰਨ ਜਿਮਨੀ ਚੋਣ ਦੇ ਸਮਾਗਮਾਂ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਦੇ ਕੰਪਿਊਟਰ ਅਧਿਆਪਕ ਅਤੇ ਲੋਕ ਵਿਰੋਧੀ ਚਿਹਰੇ ਨੂੰ ਬੇਨਕਾਬ ਕੀਤਾ ਜਾਵੇਗਾ। ਰੈਲੀ ਦੌਰਾਨ ਸੂਬਾ ਕਮੇਟੀ, ਜ਼ਿਲ੍ਹਾ ਕਮੇਟੀਆਂ ਅਤੇ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਸ਼ਾਮਲ ਹੋਣਗੇ। ਇਸ ਮੌਕੇ ਬਲਾਕ ਪ੍ਰਧਾਨ ਨਰਪਿੰਦਰਜੀਤ ਸ਼ਰਮਾ, ਦੀਪਤੀ ਗਰਗ, ਨਵਦੀਪ ਕੌਰ, ਰਾਜਵਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਕੰਪਿਊਟਰ ਅਧਿਆਪਕ ਆਦਿ ਹਾਜ਼ਰ ਸਨ।