ਮਾਸਟਰ ਕੇਡਰ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਦੇ ਹੁਕਮ ਜਾਰੀ ਕੀਤੇ ਜਾਣ
ਮਾਸਟਰ ਕੇਡਰ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਦੇ ਹੁਕਮ ਤੁਰੰਤ ਜਾਰੀ ਕੀਤੇ ਜਾਣ
Publish Date: Thu, 16 Oct 2025 04:22 PM (IST)
Updated Date: Thu, 16 Oct 2025 04:23 PM (IST)

- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਮੰਤਰੀ ਪੰਜਾਬ ਤੋਂ ਕੀਤੀ ਮੰਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਬਹੁਤ ਸਾਰੇ ਸਰਕਾਰੀ ਹਾਈ ਸਕੂਲਾਂ ਵਿੱਚ ਮੁੱਖ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹੋਣ ਕਰ ਕੇ ਸਕੂਲਾਂ ਦੇ ਪ੍ਰਬੰਧਕੀ ਕੰਮ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਅਧਿਆਪਕ ਜਥੇਬੰਦੀਆਂ ਵੱਲੋਂ ਲਗਾਤਾਰ ਮੁੱਖ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੇ ਬਣਦੀਆਂ ਤਰੱਕੀਆਂ ਤੁਰੰਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਪੰਜਾਬ ਵੱਲੋਂ 27 ਅਗਸਤ 2025 ਅਤੇ 15 ਸਤੰਬਰ 2025 ਨੂੰ ਮਾਸਟਰ/ਮਿਸਟਰੈੱਸ ਕੇਡਰ ਵਿੱਚ ਜਨਰਲ, ਅਨੁਸੂਚਿਤ ਜਾਤੀ ਅਤੇ ਅੰਗਹੀਣ ਵਜੋਂ ਕੰਮ ਕਰਦੇ ਅਧਿਆਪਕਾਂ ਦੇ ਵੱਖ-ਵੱਖ ਸੀਨੀਆਰਤਾ ਨੰਬਰਾਂ ਅਨੁਸਾਰ ਕੇਸ ਮੰਗੇ ਗਏ ਸਨ ਤੇ ਇਹ ਸਾਰੀ ਪ੍ਰਕਿਰਿਆ 25 ਸਤੰਬਰ ਤਕ ਮੁਕੰਮਲ ਵੀ ਕਰ ਲਈ ਗਈ ਸੀ। ਇਸ ਮੌਕੇ ਸਬੰਧਿਤ ਅਧਿਆਪਕਾਂ ਦੀਆਂ ਸੇਵਾ ਮੁਕਤੀਆਂ ਨਜ਼ਦੀਕ ਹੋਣ ਕਾਰਨ ਕਈ ਅਧਿਆਪਕ 30 ਸਤੰਬਰ ਨੂੰ ਸੇਵਾਮੁਕਤ ਹੋ ਚੁੱਕੇ ਹਨ, ਕੁਝ ਨੇ 31 ਅਕਤੂਬਰ ਤਕ ਅਤੇ ਕਈ ਆਉਣ ਵਾਲੇ ਕੁਝ ਮਹੀਨਿਆਂ ਦੌਰਾਨ ਸੇਵਾਮੁਕਤੀ ਦੇ ਕੰਢੇ ’ਤੇ ਖੜ੍ਹੇ ਹਨ। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਸੀਨੀਅਰ ਮੀਤ ਪ੍ਰਧਾਨ ਪਰਵੀਨ ਕੁਮਾਰ ਲੁਧਿਆਣਾ, ਜਨਰਲ ਸਕੱਤਰ ਜਿੰਦਰ ਪਾਇਲਟ, ਵਿੱਤ ਸਕੱਤਰ ਨਵੀਨ ਸੱਚਦੇਵ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਅਤੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਇਸ ਤੋਂ ਇਲਾਵਾ ਸਕੂਲ ਪ੍ਰਿੰਸੀਪਲਾਂ ਦੀਆਂ ਲਗਪਗ 50% ਅਸਾਮੀਆਂ ਖਾਲੀ ਪਈਆਂ ਹਨ। ਵੱਖ-ਵੱਖ ਵਿਸ਼ਿਆਂ ਦੇ ਮਾਸਟਰ ਕੇਡਰ ਤੋਂ ਲੈਕਚਰਾਰ ਕੇਡਰ ਦੀਆਂ ਵੱਡੀ ਗਿਣਤੀ ਵਿੱਚ ਅਸਾਮੀਆਂ ਖ਼ਾਲੀ ਪਈਆਂ ਹਨ। ਇਸ ਦੇ ਨਾਲ ਹੀ ਜੇਬੀਟੀ, ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਵੀ ਲਮਕ ਅਵਸਥਾ ਵਿੱਚ ਪਈਆਂ ਹਨ। ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਸਟਰ ਕੇਡਰ ਤੋਂ ਬਤੌਰ ਮੁੱਖ ਅਧਿਆਪਕ, ਪ੍ਰਿੰਸੀਪਲਾਂ ਅਤੇ ਹੋਰ ਵਰਗਾਂ ਦੀਆਂ ਬਣਦੀਆਂ ਤਰੱਕੀਆਂ ਦੇ ਹੁਕਮ ਤੁਰੰਤ ਜਾਰੀ ਕੀਤੇ ਜਾਣ ਤਾਂ ਜੋ ਸਕੂਲਾਂ ਦੇ ਪ੍ਰਬੰਧਕੀ ਕੰਮ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋ ਸਕੇ।