1.12 ਕਿਲੋ ਹੈਰੋਇਨ ਸਮੇਤ ਔਰਤ ਤੇ ਨੌਜਵਾਨ ਗ੍ਰਿਫ਼ਤਾਰ, CIA ਦੀ ਵੱਡੀ ਕਾਰਵਾਈ, ਮਾਮਲਾ ਦਰਜ ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 1 ਕਿਲੋ 118 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਤੇ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ।
Publish Date: Sat, 03 Oct 2026 03:09 PM (IST)
Updated Date: Sat, 03 Oct 2026 03:12 PM (IST)
ਜਾਗਰਣ ਸੰਵਾਦਦਾਤਾ, ਫਰੀਦਕੋਟ। ਫਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 1 ਕਿਲੋ 118 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਤੇ ਇੱਕ ਮਹਿਲਾ ਨੂੰ ਕਾਬੂ ਕੀਤਾ ਹੈ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਹੈਰੋਇਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ, ਦੋ ਮੋਬਾਈਲ ਫੋਨ ਤੇ 5100 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲਿਸ ਹੁਣ ਬਰਾਮਦ ਕੀਤੀ ਗਈ ਨਸ਼ੇ ਦੀ ਖੇਪ ਦੇ ਸਰੋਤ ਤੇ ਇਸ ਨੂੰ ਅੱਗੇ ਸਪਲਾਈ ਕਰਨ ਵਾਲੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।
ਪੁਲਿਸ ਮੁਤਾਬਕ ਇਹ ਕਾਰਵਾਈ 2 ਅਕਤੂਬਰ ਨੂੰ ਸੀਆਈਏ ਸਟਾਫ਼ ਫਰੀਦਕੋਟ ਦੀ ਟੀਮ ਨੇ ਪਿੰਡ ਖਾਰਾ ਨੇੜੇ ਬੰਦ ਪਏ ਪੈਟਰੋਲ ਪੰਪ ਕੋਲ ਕੀਤੀ। ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਦੌਰਾਨ ਜੈਤੋ ਤੋਂ ਹਰੀਨੌ ਮੋੜ, ਖਾਰਾ ਹੁੰਦੇ ਹੋਏ ਕੋਟਕਪੂਰਾ ਵੱਲ ਜਾ ਰਹੀ ਸੀ।
ਇਸੇ ਦੌਰਾਨ ਇੱਕ ਮੋਟਰਸਾਈਕਲ ਕੋਲ ਇੱਕ ਨੌਜਵਾਨ ਤੇ ਮਹਿਲਾ ਸ਼ੱਕੀ ਹਾਲਤ ’ਚ ਖੜ੍ਹੇ ਦਿਖਾਈ ਦਿੱਤੇ। ਪੁਲਿਸ ਨੇ ਦੋਵਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਤੇ ਬਾਅਦ ’ਚ ਉਨ੍ਹਾਂ ਦੀ ਤਲਾਸ਼ੀ ਲਈ।
ਮੌਕੇ 'ਤੇ ਪਹੁੰਚੇ ਡੀਐੱਸਪੀ ਕੋਟਕਪੂਰਾ ਸੰਜੀਵ ਕੁਮਾਰ ਦੀ ਮੌਜੂਦਗੀ ’ਚ ਕਾਨੂੰਨੀ ਪ੍ਰਕਿਰਿਆ ਤਹਿਤ ਤਲਾਸ਼ੀ ਲੈਣ 'ਤੇ ਮੁਲਜ਼ਮਾਂ ਕੋਲੋਂ 1 ਕਿਲੋ 118 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ, ਦੋ ਮੋਬਾਈਲ ਫੋਨ ਤੇ 5100 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਾਜਨ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਪੰਜੇਕੇ ਉੱਤਰ, ਜ਼ਿਲ੍ਹਾ ਫਿਰੋਜ਼ਪੁਰ, ਉਮਰ ਕਰੀਬ 23 ਸਾਲ ਤੇ ਰਾਜ ਕੌਰ ਉਰਫ਼ ਛਿੰਦਰ ਪਤਨੀ ਬਲਜੀਤ ਸਿੰਘ ਵਾਸੀ ਚੰਡੀਗੜ੍ਹ ਬਸਤੀ, ਲਾਧੂ ਦਾ ਮੰਡੀ, ਜ਼ਿਲ੍ਹਾ ਫਾਜ਼ਿਲਕਾ, ਉਮਰ ਕਰੀਬ 37 ਸਾਲ ਵਜੋਂ ਹੋਈ ਹੈ।
ਫਾਜ਼ਿਲਕਾ-ਫਿਰੋਜ਼ਪੁਰ ਤੋਂ ਲਿਆਂਦੀ ਗਈ ਸੀ ਨਸ਼ੇ ਦੀ ਖੇਪ
ਪੁਲਿਸ ਦੀ ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਇਹ ਹੈਰੋਇਨ ਦੀ ਖੇਪ ਫਾਜ਼ਿਲਕਾ/ਫਿਰੋਜ਼ਪੁਰ ਜ਼ਿਲ੍ਹੇ ਤੋਂ ਲੈ ਕੇ ਆਏ ਸਨ ਤੇ ਇਸ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਸਪਲਾਈ ਕੀਤਾ ਜਾਣਾ ਸੀ। ਪੁਲਿਸ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ।
ਪੁਲਿਸ ਮੁਤਾਬਕ ਰਾਜ ਕੌਰ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ। ਉਸ ਖ਼ਿਲਾਫ਼ ਥਾਣਾ ਸਦਰ ਫਾਜ਼ਿਲਕਾ ’ਚ ਸਾਲ 2022 ’ਚ ਵੱਖ-ਵੱਖ ਧਾਰਾਵਾਂ ਤਹਿਤ ਇੱਕ ਮਾਮਲਾ ਤੇ ਸਾਲ 2026 ’ਚ ਐਨਡੀਪੀਐਸ ਐਕਟ ਤਹਿਤ ਦੋ ਮਾਮਲੇ ਦਰਜ ਹਨ।
24 ਘੰਟਿਆਂ ’ਚ NDPS ਐਕਟ ਦੇ 10 ਕੇਸ, 14 ਗ੍ਰਿਫ਼ਤਾਰ ਐੱਸਪੀ (ਸਥਾਨਕ) ਫਰੀਦਕੋਟ ਜਸਪ੍ਰੀਤ ਸਿੰਘ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਪਿਛਲੇ 24 ਘੰਟਿਆਂ ’ਚ ਐਨਡੀਪੀਐਸ ਐਕਟ ਤਹਿਤ 10 ਮਾਮਲੇ ਦਰਜ ਕਰਕੇ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪਾਬੰਦੀਸ਼ੁਦਾ ਪ੍ਰੇਗਾਬਾਲਿਨ ਕੈਪਸੂਲਾਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਨੇ 146 ਕੈਪਸੂਲ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਮੁਤਾਬਕ ਬਖ਼ਸ਼ਿਆ ਨਹੀਂ ਜਾਵੇਗਾ ਤੇ ਨਸ਼ਾ ਤਸਕਰੀ ਦੀ ਹਰ ਕੜੀ ਤੱਕ ਪਹੁੰਚਣ ਲਈ ਪੁਲਿਸ ਦੀ ਜਾਂਚ ਜਾਰੀ ਰਹੇਗੀ।