- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੇ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਸਾਡੀ ਸਰਕਾਰ ਚੰਡੀਗੜ੍ਹ ਦੇ ਬੰਦ ਕਮਰਿਆਂ ਵਿੱਚੋਂ ਨਹੀਂ, ਸਗੋਂ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲ ਰਹੀ ਹੈ।’ ਉਨ੍ਹਾਂ ਮੌਕੇ ’ਤੇ ਹੀ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਪਤਨ ਵੱਲ ਧੱਕਿਆ, ਉੱਥੇ ‘ਆਪ’ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ, ਪਾਰਦਰਸ਼ੀ ਸਰਕਾਰੀ ਭਰਤੀ, ਸਿੱਖਿਆ ਵਿੱਚ ਇਤਿਹਾਸਕ ਸੁਧਾਰ, ਸਾਰਿਆਂ ਲਈ ਸਿਹਤ ਸਹੂਲਤਾਂ ਅਤੇ ਔਰਤਾਂ ਦੇ ਹਿੱਤ ਵਾਲੀਆਂ ਭਲਾਈ ਸਕੀਮਾਂ ਰਾਹੀਂ ਸੂਬੇ ਦੀ ਨੁਹਾਰ ਬਦਲ ਰਹੀ ਹੈ। ਮੁੱਖ ਮੰਤਰੀ ਨੇ ਜਿੱਥੇ ਆਪਣੇ ਵਿਰੋਧੀਆਂ ਨੂੰ ਰੱਜ ਕੇ ਰਗੜੇ ਲਾਏ, ਉੱਥੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਅੰਕੜਿਆਂ ਸਹਿਤ ਦਲੀਲਾਂ ਨਾਲ ਜਿਕਰ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਸਮੀ ਤੌਰ ’ਤੇ ਮੁੱਖ ਮੰਤਰੀ ਪੰਜਾਬ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਸਾਰੇ ਲੋਕ ਮੁੱਖ ਮੰਤਰੀ ਦੇ ਵਿਚਾਰ ਸੁਣਨ ਲਈ ਕਾਹਲੇ ਹਨ।
ਆਪਣੇ ਅੰਦਾਜ ਵਿੱਚ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਬੇਅਦਬੀ ਰੋਕਣ ਲਈ ਬਣਾਏ ਜਾਗਤ ਜੋਤ ਸਤਿਕਾਰ ਐਕਟ ਬਾਰੇ ਜਿਕਰ ਕਰਦਿਆਂ ਆਖਿਆ ਕਿ ਕਾਨੂੰਨ ਬਣਾਉਣ ਲਈ ਕਹਿਣ ਵਾਲਿਆਂ ਨੇ ਬਾਅਦ ਵਿੱਚ ਆਪਣੀ ਟਿਊਨ ਬਦਲ ਲਈ ਤਾਂ ਜੋ ਆਪਣੇ ਸਿਆਸੀ ਆਕਾਵਾਂ ਦਾ ਫਾਇਦਾ ਕਰ ਸਕਣ ਪਰ ਉਹਨਾ ਨੂੰ ਇਹ ਨਹੀਂ ਪਤਾ ਕਿ ਇਸ ਨਾਲ ਉਹ ਸਿੱਖ ਧਰਮ ਦਾ ਬਹੁਤ ਨੁਕਸਾਨ ਕਰ ਰਹੇ ਹਨ।ਉਹਨਾਂ ਪਿੰਡ ਚੰਦਬਾਜਾ ਦੇ ਵਿਕਾਸ ਕਾਰਜਾਂ ਲਈ 50 ਲੱਖ ਰੁਪਏ ਦਾ ਚੈੱਕ ਭੇਂਟ ਕਰਦਿਆਂ ਆਖਿਆ ਕਿ ਹੁਣ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਦਾਅਵਾ ਕੀਤਾ ਕਿ ਪਹਿਲਾਂ ਰਵਾਇਤੀ ਪਾਰਟੀਆਂ ਦੇ ਆਗੂ ਮਿਲੀਭੁਗਤ ਨਾਲ ਉੱਤਰ ਕਾਟੋ ਮੈਂ ਚੜ੍ਹਾਂ ਦੀ ਲੜੀ ਵਿੱਚ ਸੱਤਾ ਦਾ ਆਨੰਦ ਮਾਣਦੇ ਰਹੇ, ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਅਤੇ ਮੂਰਖ ਬਣਾਉਣ ਵਿੱਚ ਉਹਨਾ ਕੋਈ ਕਸਰ ਬਾਕੀ ਨਹੀਂ ਛੱਡੀ ਪਰ ਹੁਣ ਲੋਕ ਸਿਆਣੇ ਹੋ ਚੁੱਕੇ ਹਨ, ਜਿਸ ਕਰਕੇ ਉਹਨਾਂ ਨੂੰ ਆਪਣੀ ਵੋਟ ਦੀ ਅਹਿਮੀਅਤ ਪਤਾ ਲੱਗ ਗਈ ਹੈ।
ਮੁੱਖ ਮੰਤਰੀ ਨੇ ਸਟੇਜ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਸਾਡੀ ਸਰਕਾਰ ਚੰਡੀਗੜ੍ਹ ਦੇ ਬੰਦ ਕਮਰਿਆਂ ਵਿੱਚੋਂ ਨਹੀਂ, ਸਗੋਂ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲ ਰਹੀ ਹੈ।’ ਉਨ੍ਹਾਂ ਮੌਕੇ ’ਤੇ ਹੀ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਰੋਧੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਪਰਿਵਾਰ ਪਾਲ਼ੇ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਨਾਗਰਿਕ ਨੂੰ ਆਪਣਾ ਪਰਿਵਾਰ ਮੰਨ ਕੇ ਦਿਨ-ਰਾਤ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਕਦੇ ਵੀ ਸੂਬੇ ਦਾ ਮੁਖੀ ਨਹੀਂ ਬਣਾਇਆ ਕਿਉਂਕਿ ਉਹ ਜਾਣਦੇ ਸਨ ਕਿ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੂੰ ਮੁਸੀਬਤ ਵਿੱਚ ਪਾ ਦੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੁਜ਼ਗਾਰ ਦੇ ਮੁੱਦੇ ’ਤੇ ਬੋਲਦਿਆਂ ਉਹਨਾ ਕਿਹਾ ਕਿ ਹੁਣ ਤੱਕ 68 ਹਜ਼ਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ, ਸਿਫਾਰਸ਼ ਜਾਂ ਭਿ੍ਸ਼ਟਾਚਾਰ ਦੇ ਸਿਰਫ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ, ਹੁਣ ਭਿ੍ਸ਼ਟਾਚਾਰ ਦਾ ਯੁੱਗ ਖਤਮ ਹੋ ਗਿਆ ਹੈ, ਇਸ ਦੇ ਨਾਲ ਹੀ ਉਹਨਾਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦਾ ਜ਼ਿਕਰ ਕਰਦਿਆਂ ਆਖਿਆ ਕਿ ਪੰਜਾਬ ਦੀ ਤਿੰਨ ਕਰੋੜ ਆਬਾਦੀ ਵਿੱਚੋਂ 90 ਫੀਸਦੀ ਲੋਕਾਂ ਨੂੰ ਮੁਫਤ ਅਤੇ ਨਿਰੰਤਰ ਸਪਲਾਈ ਵਾਲੀ ਬਿਜਲੀ ਮੁਹੱਈਆ ਕਰਵਾਉਣ ਦੇ ਬਾਵਜੂਦ ਵੀ ਖਜ਼ਾਨਾ ਖਾਲੀ ਨਹੀਂ।
ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ (ਕਾਂਗਰਸ, ਅਕਾਲੀ ਦਲ ਅਤੇ ਭਾਜਪਾ) ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਜਨਤਾ ਦਾ ਸਮਰਥਨ ਗੁਆ ਚੁੱਕੇ ਵਿਰੋਧੀ ਆਗੂ ਉਨ੍ਹਾਂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਫੇਕ (ਝੂਠੀਆਂ) ਵੀਡੀਓਜ਼ ਚਲਾ ਕੇ ਕੂੜ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਇਕੱਠ ਨੂੰ ਦੇਖਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਕੰਮਾਂ ਤੋਂ ਖੁਸ਼ ਹਨ ਅਤੇ 2027 ਵਿੱਚ ਫਿਰ ‘ਆਪ’ ਦੀ ਸਰਕਾਰ ਬਣਾਉਣਗੇ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਦਾ ਹਰ ਕਾਰਨਾਮਾ ਜਨਤਾ ਦੇ ਸਾਹਮਣੇ ਲਿਆਂਦਾ ਜਾਵੇਗਾ, ਜਦੋਂ ਕਿ ਮੌਜੂਦਾ ਸਰਕਾਰ ਇੱਕ ਸਿਹਤਮੰਦ, ਸਿੱਖਿਅਤ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਪੂਰੀ ਤਰ੍ਹਾਂ ਕੇਂਦਰਿਤ ਹੈ।