ਫਰੀਦਕੋਟ ਕੇਂਦਰੀ ਜੇਲ੍ਹ ਦੀ ਸੁਰੱਖਿਆ 'ਤੇ ਫਿਰ ਉੱਠੇ ਸਵਾਲ, ਤਲਾਸ਼ੀ ਮੁਹਿੰਮ ਦੌਰਾਨ ਮੋਬਾਈਲ ਫ਼ੋਨਾਂ ਸਮੇਤ ਨਸ਼ੀਲਾ ਪਦਾਰਥ ਬਰਾਮਦ; 10 ਹਵਾਲਾਤੀਆਂ ਤੇ ਕੈਦੀਆਂ 'ਤੇ FIR ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਜੇਲ੍ਹ ਮੁਲਾਜ਼ਮਾਂ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਹਵਾਲਾਤੀਆਂ ਅਤੇ ਕੈਦੀਆਂ ਕੋਲੋਂ 6 ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਨ੍ਹਾਂ ਵਿੱਚ 3 ਗ੍ਰਾਮ ਅਫ਼ੀਮ ਅਤੇ 3 ਗ੍ਰਾਮ ਚਿੱਟਾ ਸ਼ਾਮਲ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਪੁਲਿਸ ਨੇ 8 ਹਵਾਲਾਤੀਆਂ ਅਤੇ 2 ਕੈਦੀਆਂ ਖ਼ਿਲਾਫ਼ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਪੁਲਿਸ ਨੇ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Fri, 27 Nov 2026 04:48 PM (IST)
Updated Date: Fri, 27 Nov 2026 04:50 PM (IST)
ਸ਼ਿਵ ਕੁਮਾਰ ਸ਼ਰਮਾ, ਫਰੀਦਕੋਟ - ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਜੇਲ੍ਹ ਮੁਲਾਜ਼ਮਾਂ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਹਵਾਲਾਤੀਆਂ ਅਤੇ ਕੈਦੀਆਂ ਕੋਲੋਂ 6 ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਨ੍ਹਾਂ ਵਿੱਚ 3 ਗ੍ਰਾਮ ਅਫ਼ੀਮ ਅਤੇ 3 ਗ੍ਰਾਮ ਚਿੱਟਾ ਸ਼ਾਮਲ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਪੁਲਿਸ ਨੇ 8 ਹਵਾਲਾਤੀਆਂ ਅਤੇ 2 ਕੈਦੀਆਂ ਖ਼ਿਲਾਫ਼ ਚਾਰ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਪੁਲਿਸ ਨੇ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਤਲਾਸ਼ੀ ਦੌਰਾਨ ਕੈਦੀ ਜਲਾਲਾਬਾਦ ਵਾਸੀ ਸੁਮਿਤ ਕੁਮਾਰ ਅਨੇਜਾ, ਮਾਨਸਾ ਵਾਸੀ ਜੁਗਰਾਜ ਸਿੰਘ ਅਤੇ ਹਵਾਲਾਤੀ ਫਰੀਦਕੋਟ ਵਾਸੀ ਪਵਨਦੀਪ ਸਿੰਘ ਤੇ ਸੁਖਵਿੰਦਰ ਸਿੰਘ ਕੋਲੋਂ ਕੁੱਲ 4 ਮੋਬਾਈਲ ਫੋਨ ਬਰਾਮਦ ਕੀਤੇ ਗਏ।
ਜੇਲ੍ਹ ਮੁਲਾਜ਼ਮਾਂ ਨੇ ਤਲਾਸ਼ੀ ਦੌਰਾਨ ਹਵਾਲਾਤੀ ਮੋਗਾ ਦੇ ਪਿੰਡ ਦੌਲੇਵਾਲਾ ਵਾਸੀ ਕਰਮਜੀਤ ਸਿੰਘ ਕੋਲੋਂ 3 ਗ੍ਰਾਮ ਅਫ਼ੀਮ ਬਰਾਮਦ ਕੀਤੀ। ਇਸੇ ਤਰ੍ਹਾਂ ਹਵਾਲਾਤੀ ਅਬੋਹਰ ਵਾਸੀ ਰਾਧੇਸ਼ਿਆਮ ਅਤੇ ਭੁਪਿੰਦਰ ਕੋਲੋਂ 3 ਗ੍ਰਾਮ ਚਿੱਟਾ ਬਰਾਮਦ ਹੋਇਆ।
ਇਸ ਤੋਂ ਇਲਾਵਾ ਜੇਲ੍ਹ ਮੁਲਾਜ਼ਮਾਂ ਨੇ ਤਲਾਸ਼ੀ ਦੌਰਾਨ ਹਵਾਲਾਤੀ ਫਿਰੋਜ਼ਪੁਰ ਵਾਸੀ ਗੁਰਵਿੰਦਰ ਸਿੰਘ, ਮੋਗਾ ਵਾਸੀ ਹਰਪ੍ਰੀਤ ਸਿੰਘ ਹੈਪੀ ਅਤੇ ਲੁਧਿਆਣਾ ਵਾਸੀ ਈਸ਼ਵਰ ਸਿੰਘ ਕੋਲੋਂ 2 ਮੋਬਾਈਲ ਫੋਨ ਬਰਾਮਦ ਕੀਤੇ। ਜੇਲ੍ਹ ਪ੍ਰਸ਼ਾਸਨ ਦੀਆਂ ਚਾਰੋਂ ਸ਼ਿਕਾਇਤਾਂ ਦੇ ਆਧਾਰ 'ਤੇ ਥਾਣਾ ਸਿਟੀ ਪੁਲਿਸ ਨੇ ਸਬੰਧਤ 8 ਹਵਾਲਾਤੀਆਂ ਅਤੇ 2 ਕੈਦੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਕੀਤੀ ਜਾਵੇਗੀ ਪੁੱਛਗਿੱਛ ਮਾਮਲਿਆਂ ਦੀ ਜਾਂਚ ਕਰ ਰਹੇ ਜੇਲ੍ਹ ਇਨਵੈਸਟੀਗੇਸ਼ਨ ਸੈੱਲ ਦੇ ਇੰਚਾਰਜ ਏਐੱਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਸਾਰੇ 10 ਨਾਮਜ਼ਦ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਤੋਂ ਪਤਾ ਲਗਾਇਆ ਜਾਵੇਗਾ ਕਿ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਜੇਲ੍ਹ ਦੇ ਅੰਦਰ ਕਿਸ ਜ਼ਰੀਏ ਪਹੁੰਚ ਰਹੇ ਹਨ। ਜਾਂਚ ਦੌਰਾਨ ਜੇਕਰ ਜੇਲ੍ਹ ਦੇ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਦੀ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।