ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕਰਵਾਈ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ - ਰਨ ਫਾਰ ਐਕੁਐਲਟੀ ਕਰਵਾਈ
Publish Date: Sun, 30 Aug 2026 03:41 PM (IST)
Updated Date: Sun, 30 Aug 2026 03:43 PM (IST)
ਵਿਧਾਇਕ ਸੇਖੋਂ , ਡਿਪਟੀ ਕਮਿਸ਼ਨਰ ਸਮੇਤ ਹਜ਼ਾਰਾਂ ਲੋਕਾਂ ਨੇ ਲਿਆ ਭਾਗ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫ਼ਰੀਦਕੋਟ : ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਕਰਵਾਈ। ਇਸ ਦੀ ਸ਼ੁਰੂਆਤ ਨਹਿਰੂ ਸਟੇਡੀਅਮ, ਫਰੀਦਕੋਟ ਤੋਂ ਕੀਤੀ ਗਈ। ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਹਜਾਰਾਂ ਲੋਕਾਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਵਿੱਚ ਸ਼ਿਰਕਤ ਕੀਤੀ ਗਈ। ਇਹ ਮੈਰਾਥਾਨ ਨਹਿਰੂ ਸਟੇਡੀਅਮ, ਫਰੀਦਕੋਟ ਤੋ ਸ਼ੁਰੂ ਹੋ ਕੇ ਸੇਠੀ ਡੇਅਰੀ ਹੁੰਦੇ ਹੋਏ ਸਰਕੂਲਰ ਰੋਡ ਮੋਰੀ ਗੇਟ ਤੋ ਕੰਮੇਆਣਾ ਚੌਂਕ ਹੁੰਦੇ ਹੋਏ ਖੇਤੀਬਾੜੀ ਦਫਤਰ ਤੋਂ ਮਹਾਤਮਾਂ ਗਾਂਧੀ ਮੈਮੋਰੀਅਲ ਸਕੂਲ ਫਰੀਦਕੋਟ ਤੋ ਭਾਈ ਘਨ੍ਹੱਈਆ ਚੌਂਕ ਤੋ ਸਵਰਨ ਸਿਨੇਮਾ ਦੀ ਬੈਕ ਸਾਈਡ ਤੋਂ ਬੱਸ ਸਟੈਂਡ ਹੁੰਦੇ ਹੋਏ ਮੁੜ ਨਹਿਰੂ ਸਟੇਡੀਅਮ, ਫਰੀਦਕੋਟ ਵਿਖੇ ਸਮਾਪਤ ਹੋਈ। ਇਸ ਮੌਕੇ ਵਿਧਾਇਕ ਸੇਖੋਂ ਨੇ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ “ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ 650 ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ‘ਤੇ ਮਨਾ ਰਹੀ ਹੈ , ਜਿਸ ਤਹਿਤ ਨਰੋਏ ਸਮਾਜ ਦੀ ਸਿਰਜਣਾ ਲਈ ਮੈਰਾਥਨ ਕਰਵਾਈ ਜਾ ਰਹੀਆਂ ਹਨ । ਉਨ੍ਹਾਂ ਨੇ ਕਿਹਾ ਕਿ ਇਸ ਮੈਰਾਥਾਨ ਤੋਂ ਸਾਨੂੰ ਪ੍ਰੇਰਨਾ ਮਿਲਦੀ ਹੈ ਕਿ ਖੇਡਾਂ ਹੀ ਜੀਵਨ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ ਤਾਂ ਖੇਡਾਂ ਹੀ ਇਕ ਉਹ ਰਸਤਾ ਹੈ, ਜੋ ਸਾਨੂੰ ਨਸ਼ਿਆਂ ਜਿਹੀ ਨਾਮੁਰਾਦ ਬਿਮਾਰੀ ਤੋਂ ਦੂਰ ਰਹਿਣ ਵਿਚ ਮਦਦ ਕਰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਪੰਜਾਬ ਦੇ ਸਮੂਹ ਜਿਲ੍ਹਿਆਂ ਵਿਚ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੈਰਾਥਾਨ ਸਾਨੂੰ ਸਿਖਾਉਂਦੀ ਹੈ ਕਿ ਬਿਨ੍ਹਾਂ ਕਿਸੇ ਭੇਦ ਭਾਵ ਦੇ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਹਰੇਕ ਵਰਗ ਇਸ ਵਿਚ ਹਿੱਸਾ ਲੈ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਰਾਥਨ ਵਿੱਚ ਤਕਰੀਬਨ 1000 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਨੇ ਸਮੂਹ ਭਾਗ ਲੈਣ ਵਾਲੇ ਖਿਡਾਰੀਆਂ, ਬੱਚਿਆਂ ਅਤੇ ਸਮੂਹ ਜਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਰਵਾਈ ਗਈ ਮੈਰਾਥਾਨ ਰਾਹੀਂ ਇਕ ਸੁਨੇਹਾ ਮਿਲਦਾ ਹੈ ਕਿ ਖੇਡਾਂ ਹੀ ਸਾਡੀ ਜਿੰਦਗੀ ਦਾ ਮਹੱਤਵਪੂਰਨ ਹਿੱਸਾ ਹੈ । ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਸਾਈਕਲਿੰਗ ਦਾ ਈਵੈਂਟ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੈਰਾਥਾਨ ਵਿਚ 5 ਕਿਲੋਮੀਟਰ ਦੀ ਰੇਸ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਟੀ-ਸ਼ਰਟ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਗਈ ਉਨ੍ਹਾਂ ਦੱਸਿਆ ਕਿ ਮੈਰਾਥਾਨ ਨੂੰ ਰਨ ਆਫ ਇਕੁਐਲਟੀ ਦਾ ਨਾਮ ਦਿੱਤਾ ਗਿਆ ਹੈ, ਤਾਂ ਜੋ ਵੱਖ ਵੱਖ ਧਰਮਾਂ ਦੇ ਖਿਡਾਰੀ ਬਿਨ੍ਹਾਂ ਕਿਸੇ ਭੇਦ ਭਾਵ ਦੇ ਇਸ ਵਿਚ ਹਿੱਸਾ ਲੈ ਸਕਣ ਅਤੇ ਖਿਡਾਰੀਆਂ ਵਿਚ ਆਪਸੀ ਭਾਈਚਾਰਾ ਬਰਕਰਾਰ ਰਹੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ , ਅਮਨਦੀਪ ਸਿੰਘ (ਬਾਬਾ) ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਗੁਰਤੇਜ ਸਿੰਘ ਖੋਸਾ ਚੇਅਰਮੈਨ ਪਲਾਨਿੰਗ ਬੋਰਡ, ਸਿਫਤ ਕੌਰ ਸਮਰਾ ਇੰਟਰਨੈਸ਼ਨਲ ਓਲੰਪੀਅਨ ਸ਼ੂਟਿੰਗ ਖਿਡਾਰੀ, ਚਰਨਜੀਤ ਮਾਈਕਲ, ਜਸਪਾਲ ਸਿੰਘ, ਮਨਪ੍ਰੀਤ ਸਿੰਘ ਸੰਧੂ, ਸੁਖਰਾਜ ਸਿੰਘ, ਮੈਡਮ ਮਨਜੀਤ ਕੌਰ, ਖੁਸ਼ਵਿੰਦਰ ਸਿੰਘ, ਹਰਮਨ ਸਿੰਘ, ਵਰਿੰਦਰ ਸਿੰਘ, ਮਨਦੀਪ ਅਤੇ ਬੰਪੀ ਸਮਰਾ ਹਾਜ਼ਰ ਸਨ।