ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਮੁਸਤੈਦ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਘਰ-ਘਰ ਪਹੁੰਚਾਇਆ ਜਾਵੇਗਾ ਬਚਾਅ ਦਾ ਸੰਦੇਸ਼
Publish Date: Fri, 03 Jul 2026 04:31 PM (IST)
Updated Date: Fri, 03 Jul 2026 04:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਬਾਰਿਸ਼ਾਂ ਦੇ ਮੌਸਮ ਦੌਰਾਨ ਡੇਂਗੂ ਦੇ ਸੰਭਾਵਿਤ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਸ਼ਾ ਵਰਕਰਾਂ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਸਿਖਲਾਈ ਦਾ ਮੁੱਖ ਉਦੇਸ਼ ਆਸ਼ਾ ਵਰਕਰਾਂ ਨੂੰ ਆਪਣੇ ਖੇਤਰ ਵਿੱਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਅਤੇ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਲਖਵਿੰਦਰ ਕੈਂਥ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਉਹ ਸਿੱਧੇ ਤੌਰ ਤੇ ਲੋਕਾਂ ਨਾਲ ਜੁੜੀਆਂ ਹੋਈਆਂ ਹਨ। ਉਹ ਘਰ-ਘਰ ਜਾ ਕੇ ਪਰਿਵਾਰਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਆਪਣੇ ਆਲੇ-ਦੁਆਲੇ ਖੜ੍ਹੇ ਪਾਣੀ ਨੂੰ ਖਤਮ ਕਰਨ ਲਈ ਪ੍ਰੇਰਿਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਇਸ ਲਈ ਹਰ ਹਫ਼ਤੇ ਕੂਲਰਾਂ, ਗਮਲਿਆਂ, ਫਰਿੱਜ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ, ਡਰੱਮਾਂ, ਟਾਇਰਾਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੇ ਭਾਂਡਿਆਂ ਨੂੰ ਖਾਲੀ ਕਰਕੇ ਸਾਫ਼ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਿਮਾਸ਼ੂ ਗੁਪਤਾ ਦੀ ਅਗਵਾਈ ਅਤੇ ਸਿਹਤ ਸੁਪਰਵਾਈਜ਼ਰ ਧਰਮਿੰਦਰ ਸਿੰਘ, ਮਨਦੀਪ ਸਿੰਘ, ਹਰਭਜਨ ਸਿੰਘ ਅਤੇ ਸੁਰੇਸ਼ ਕੁਮਾਰ ਦੀ ਨਿਗਰਾਨੀ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਕਰਨ ਅਤੇ ਆਪਣੇ ਘਰਾਂ ਅਤੇ ਆਲੇ-ਦੁਆਲੇ ਮੱਛਰ ਦੀ ਪੈਦਾਵਾਰ ਨਾ ਹੋਣ ਦੇਣ। ਉਨ੍ਹਾਂ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਸਰੀਰ ਤੇ ਲਾਲ ਦਾਣੇ ਅਤੇ ਨੱਕ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਡੇਂਗੂ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਦਿਖਾਈ ਦੇਣ ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਈ ਜਾਵੇ। ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹੈ। ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ, ਦਸ ਮਿੰਟ ਆਪਣੇ ਘਰ ਅਤੇ ਆਲੇ-ਦੁਆਲੇ ਦੀ ਜਾਂਚ ਲਈ ਜ਼ਰੂਰ ਕੱਢੋ , ਕਿਉਂਕਿ ਡੇਂਗੂ ਦਾ ਸਭ ਤੋਂ ਪ੍ਰਭਾਵਸ਼ਾਲੀ ਇਲਾਜ ਇਸ ਦੀ ਰੋਕਥਾਮ ਹੀ ਹੈ।