ਸਪੀਕਰ ਦੇ ਪਿੰਡ ਸੰਧਵਾਂ ਵਿਖੇ ਜ਼ੋਨਲ ਪੱਧਰ ਦੀ ਰੋਸ ਰੈਲੀ ਅੱਜ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸਪੀਕਰ ਪੰਜਾਬ ਵਿਧਾਨ ਸਭਾ ਦੇ ਪਿੰਡ ਸੰਧਵਾਂ ਵਿਖੇ ਜ਼ੋਨਲ ਪੱਧਰ ਦੀ ਰੋਸ ਰੈਲੀ ਅੱਜ
Publish Date: Fri, 11 Sep 2026 04:39 PM (IST)
Updated Date: Sat, 12 Sep 2026 04:02 AM (IST)
ਉਪਰੰਤ ਪਿੰਡ ’ਚ ਰੋਸ ਮਾਰਚ ਕਰ ਕੇ ਕੀਤਾ ਜਾਵੇਗਾ ਕੋਠੀ ਦਾ ਘਿਰਾਓ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਨੂੰ ਲਾਗੂ ਕਰਦੇ ਹੋਏ ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਮੋਗਾ ਤੇ ਸ੍ਰੀ ਮੁਕਤਸਰ ਸਾਹਿਬ ਜ਼ੋਨ ਦੀਆਂ ਆਸ਼ਾ ਵਰਕਰਾਂ, ਮਿਡ ਡੇਅ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ, ਅਧਿਆਪਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ 12 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਫਰੀਦਕੋਟ-ਕੋਟਕਪੂਰਾ ਸੜਕ ’ਤੇ ਗੁਰਦੁਆਰਾ ਸਾਹਿਬ ਮਾਤਾ ਦਯਾ ਕੌਰ ਨੇੜੇ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਪਿੰਡ ਵਿੱਚ ਦੀ ਰੋਸ ਮਾਰਚ ਕਰ ਕੇ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਐਕਸ਼ਨ ਦੀ ਤਿਆਰੀ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਸਾਂਝੀ ਤਾਲਮੇਲ ਕਮੇਟੀ ਵਿੱਚ ਸ਼ਾਮਲ ਜਥੇਬੰਦੀ ਦੇ ਆਗੂਆਂ ਦੀ ਇੱਕ ਮੀਟਿੰਗ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਮਰੀਕ ਸਿੰਘ ਸੰਧੂ, ਪ੍ਰੇਮ ਚਾਵਲਾ, ਜਤਿੰਦਰ ਕੁਮਾਰ,ਬਲਬੀਰ ਸਿੰਘ ਸਿਬੀਆਂ, ਸੁਖਵਿੰਦਰ ਸਿੰਘ ਸੁੱਖੀ,ਵਿਕਰਮਜੀਤ ਸਿੰਘ ਢਿੱਲੋਂ, ਹਰਪ੍ਰੀਤ ਸਿੰਘ ਸਰਾਂ, ਧਰਮਿੰਦਰ ਸਿੰਘ, ਸਰਬਜੀਤ ਕੌਰ ਮਚਾਕੀ, ਇੰਦਰਜੀਤ ਸਿੰਘ ਖੀਵਾ, ਚਿਤਰੰਜਨ ਗਾਭਾ, ਕੁਲਵੰਤ ਸਿੰਘ ਚਾਨੀ, ਪ੍ਰਿੰਸੀਪਲ ਕ੍ਰਿਸ਼ਨ ਲਾਲ, ਇੰਦਰਜੀਤ ਸਿੰਘ ਗਿੱਲ, ਜੀਤੇਂਦਰ ਕੁਮਾਰ ਹੰਸ, ਨਰਿੰਦਰ ਕੁਮਾਰ ਅਤੇ ਬਖਸ਼ਿੰਦਰਜੀਤ ਸਿੰਘ ਨੇ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਭਾਗ ਦੌਰਾਨ ਅਪਣਾਏ ਗਏ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ। ਆਗੂਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪ੍ਰੈੱਸ ਕਾਨਫਰੰਸ ਕਰ ਕੇ ਮੁਲਾਜ਼ਮ ਵਿਰੋਧੀ ਝੂਠੇ ਅੰਕੜੇ ਪੇਸ਼ ਕਰਨ, ਆਮ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਸਮੂਹ ਮੁਲਾਜ਼ਮਾਂ ਨੂੰ ਬਦਨਾਮ ਕਰਨ ਲਈ ਕੀਤੀ ਗਈ ਕਾਰਵਾਈ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਫਰੀਦਕੋਟ,ਫਿਰੋਜ਼ਪੁਰ, ਫਾਜਲਿਕਾ, ਮੋਗਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਸਕੀਮ ਵਰਕਰਜ਼, ਅਧਿਆਪਕ, ਮੁਲਾਜ਼ਮ ਤੇ ਪੈਨਸ਼ਨਰ 12 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 10 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਰੋਸ ਰੈਲੀ ਕਰਨਗੇ। ਇਸ ਤੋਂ ਬਾਅਦ ਰੋਸ ਮਾਰਚ ਕਰਕੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਐਕਸ਼ਨਾਂ ਨੂੰ ਸਫਲ ਬਣਾਉਣ ਲਈ ਵੱਖ ਵੱਖ ਜਥੇਬੰਦੀਆਂ ਨੂੰ ਕੋਟੇ ਲਗਾਏ ਗਏ ਅਤੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ। ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਜਨਤਕ ਤੌਰ ਤੇ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਦੇਸ਼ ਅਤੇ ਭਾਰਤ ਦੇ ਬਹੁਤ ਸਾਰੇ ਰਾਜ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 60 ਫੀਸਦੀ ਡੀ ਏ ਦੇ ਰਹੇ ਹਨ ਤੇ ਪੰਜਾਬ ਸਰਕਾਰ ਵੱਲੋਂ ਸਿਰਫ 42 ਫੀਸਦੀ ਡੀ ਏ ਹੀ ਕਿਉਂ ਦਿੱਤਾ ਜਾ ਰਿਹਾ ਹੈ? ਜਦਕਿ ਪੰਜਾਬ ਦੀ ਸਾਰੀ ਉੱਚ ਅਫ਼ਸਰਸ਼ਾਹੀ ਨੂੰ 60, ਫੀਸਦੀ ਡੀ ਏ ਦੇਕੇ ਆਮ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਿਰਫ 42 ਫੀਸਦੀ ਡੀ ਏ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਲੱਗਭਗ 4 ਸਾਲ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਫੈਸਲਾ ਕਰ ਕੇ ਵੀ ਪੁਰਾਣੀ ਪੈਨਸ਼ਨ ਸਕੀਮ ਅਜੇ ਤੱਕ ਬਹਾਲ ਨਹੀਂ ਕੀਤੀ। ਇਸ ਮੌਕੇ ਅਮਰਜੀਤ ਸਿੰਘ ਵਾਲੀਆ, ਬਿਸ਼ਨ ਕੁਮਾਰ ਅਰੋੜਾ, ਇੰਜੀ. ਜੀਤ ਸਿੰਘ, ਜਸਕਰਨ ਸਿੰਘ, ਪ੍ਰਿੰਸੀਪਲ ਜੁਗਿੰਦਰ ਸਿੰਘ, ਦਰਸ਼ਨ ਸਿੰਘ, ਪ੍ਰਤਾਪ ਸਿੰਘ ਤੇ ਉਪਿੰਦਰਪਾਲ ਸਿੰਘ ਆਦਿ ਹਾਜ਼ਰ ਸਨ।