- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਪ੍ਰਕਾਸ਼ ਸਿੰਘ ਭੱਟੀ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਪੰਜਾਬ ਵਿੱਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੀ ਰੋਕਥਾਮ ਦੇ ਮੁੱਦੇ ’ਤੇ ਸਰਕਾਰ ਆਪਣੇ ਚੋਣ ਵਾਅਦਿਆਂ ’ਤੇ ਖਰੀ ਨਹੀਂ ਉਤਰੀ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ। ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਨੂੰ ਆਪਣਾ ਮੁੱਖ ਮੁੱਦਾ ਬਣਾਇਆ ਸੀ ਅਤੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਵੀ ਨਸ਼ਿਆਂ ਦੀ ਸਮੱਸਿਆ ਵਿੱਚ ਕੋਈ ਵੱਡਾ ਸੁਧਾਰ ਨਜ਼ਰ ਨਹੀਂ ਆ ਰਿਹਾ, ਸਗੋਂ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਸਿਰਫ਼ ਦਿਖਾਵੇ ਤੱਕ ਸੀਮਤ ਹਨ। ਛੋਟੇ ਪੱਧਰ ਦੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਕੇ ਸਰਕਾਰ ਆਪਣੀ ਪਿੱਠ ਥਾਪੜ ਰਹੀ ਹੈ, ਜਦਕਿ ਨਸ਼ਿਆਂ ਦੇ ਵੱਡੇ ਕਾਰੋਬਾਰ ਨੂੰ ਚਲਾਉਣ ਵਾਲੇ ਲੋਕਾਂ ਤੱਕ ਪਹੁੰਚਣ ਵਿੱਚ ਸਰਕਾਰ ਅਸਫ਼ਲ ਰਹੀ ਹੈ। ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਨਸ਼ਿਆਂ ਦੀ ਮਾਰ ਸਭ ਤੋਂ ਵੱਧ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਝੱਲਣੀ ਪੈ ਰਹੀ ਹੈ। ਕਈ ਘਰਾਂ ਦੇ ਚਿਰਾਗ ਬੁੱਝ ਰਹੇ ਹਨ ਅਤੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਇੱਕ ਸਮਾਜਿਕ ਬੁਰਾਈ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ, ਆਰਥਿਕਤਾ ਅਤੇ ਸਮਾਜਿਕ ਢਾਂਚੇ ਲਈ ਗੰਭੀਰ ਚੁਣੌਤੀ ਬਣ ਚੁੱਕਾ ਹੈ। ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਹੁਣ ਨਸ਼ਿਆਂ ਤੋਂ ਪੀੜਤ ਪਰਿਵਾਰ ਆਪਣੀ ਆਵਾਜ਼ ਸਰਕਾਰੀ ਸਮਾਗਮਾਂ ਵਿੱਚ ਵੀ ਉਠਾਉਣ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਤੋਂ ਸਿਰਫ਼ ਐਲਾਨ ਨਹੀਂ, ਸਗੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਖ਼ਤ ਅਤੇ ਪਾਰਦਰਸ਼ੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਪੁਲਿਸ ਕਾਰਵਾਈ ਕਾਫ਼ੀ ਨਹੀਂ, ਬਲਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਨਸ਼ਾ ਛੱਡਣ ਵਾਲੇ ਲੋਕਾਂ ਲਈ ਪ੍ਰਭਾਵਸ਼ਾਲੀ ਇਲਾਜ ਅਤੇ ਪੁਨਰਵਾਸ ਪ੍ਰਬੰਧ ਕਰਨਾ ਵੀ ਜ਼ਰੂਰੀ ਹੈ। ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰੀ ਨਾਲ ਜੁੜੇ ਵੱਡੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਗੰਭੀਰ ਸਮੱਸਿਆ ਤੋਂ ਬਚਾਉਣ ਲਈ ਤੁਰੰਤ ਠੋਸ ਨੀਤੀ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਉਸ ਦੀ ਨੌਜਵਾਨੀ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਨੌਜਵਾਨਾਂ ਦੀ ਜ਼ਿੰਦਗੀ ਅਤੇ ਭਵਿੱਖ ਦੀ ਰੱਖਿਆ ਕਰਨਾ ਹੋਣੀ ਚਾਹੀਦੀ ਹੈ।