ਕਾਨੂੰਨ ਵਿਵਸਥਾ ਬਹਾਲ ਰੱਖਣ ’ਚ ‘ਆਪ’ ਸਰਕਾਰ ਪੰਜਾਬ ’ਚ ਰਹੀ ਨਾਕਾਮ : ਅਕਾਲੀ ਆਗੂ
ਕਾਨੂੰਨ ਵਿਵਸਥਾ ਬਹਾਲ ਰੱਖਣ ’ਚ ‘ਆਪ’ ਸਰਕਾਰ ਪੰਜਾਬ ’ਚ ਰਹੀ ਨਾਕਾਮ : ਅਕਾਲੀ ਆਗੂ
Publish Date: Mon, 13 Apr 2026 04:31 PM (IST)
Updated Date: Tue, 14 Apr 2026 04:04 AM (IST)

ਸੂਬੇ ’ਚ ਕਾਨੂੰਨ ਵਿਵਸਥਾ ’ਤੇ ਚਿੰਤਾ ਜ਼ਾਹਰ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਲਗਪਗ ਚਾਰ ਸਾਲ ਹੋ ਗਏ ਹਨ। ਪੰਜਾਬ ਵਿਚ ਹਰ ਰੋਜ਼ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਜਿਸ ਦੇ ਚੱਲਦਿਆਂ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਪੰਜਾਬ ਦੇ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਰਾਜ ਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਤੇ ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਯਾਦਵਿੰਦਰ ਸਿੰਘ ਜ਼ੈਲਦਾਰ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਪਰਗਟ ਸਿੰਘ ਬਰਾੜ ਡੋਡ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ ਨੇ ਗੱਲਬਾਤ ਕਰਦਿਆਂ ਕੀਤਾ। ਅਕਾਲੀ ਆਗੂਆਂ ਨੇ ਕਿਹਾ ਕਿ ਜਿਸ ਦਿਨ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਵਾਂਗਡੋਰ ਸੰਭਾਲੀ ਹੈ, ਉਸ ਦਿਨ ਤੋਂ ਹੀ ਪੰਜਾਬ ਵਿਚ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਅਤੇ ‘ਆਪ’ ਸਰਕਾਰ ਇਨ੍ਹਾਂ ਅਪਰਾਧਿਕ ਘਟਨਾਵਾਂ ’ਤੇ ਰੋਕ ਲਗਾਉਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਵਿਕਾਸ ਪੱਖੋਂ ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਬਹੁਤ ਪੱਛੜ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਦੇ ਰਾਜ ਵਿਚ ਸੂਬੇ ਵਿਚ ਨਸ਼ੇ ਅਤੇ ਗੈਂਗਸਟਰਾਂ ਦਾ ਹੀ ਰਾਜ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਆਮ ਆਦਮੀ ਪਾਰਟੀ ਦੀਆਂ ਜਨ ਵਿਰੋਧੀ ਨੀਤੀਆਂ ਵਿਰੁੱਧ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ। ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਉਨ੍ਹਾਂ ’ਤੇ ਅੱਤਿਆਚਾਰ ਕਰ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਮਨਤਾਰ ਸਿੰਘ ਬਰਾੜ, ਜੱਥੇਦਾਰ ਸ਼ੇਰ ਸਿੰਘ ਮੰਡ, ਸੂਬਾ ਸਿੰਘ ਬਾਦਲ, ਯਾਦਵਿੰਦਰ ਸਿੰਘ ਜ਼ੈਲਦਾਰ, ਪਰਗਟ ਸਿੰਘ ਬਰਾੜ ਡੋਡ ਅਤੇ ਨਿਰਮਲ ਸਿੰਘ ਵੜਿੰਗ ਡੋਡ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕੱਢ ਕੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਕ ਮਜ਼ਬੂਤ ਸਰਕਾਰ ਬਣਾਉਣਗੇ।