ਭੋਲਾ ਸ਼ਰਮਾ, ਜੈਤੋ : ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਸੀਨੀਅਰ ਅਕਾਲੀ ਆਗੂ ਬਿੰਦਰ ਸਿੰਘ ਬਰਾੜ ਰੋੜੀਕਪੂਰਾ ਅਤੇ ਸਾਬਕਾ ਪੰਚਾਇਤ ਮੈਂਬਰ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ ਨੇ ਸੂਬੇ ਦੀ ਲਗਾਤਾਰ ਵਿਗੜਦੀ ਜਾ ਰਹੀ ਅਮਨ-ਕਾਨੂੰਨ ਵਿਵਸਥਾ 'ਤੇ ਫਿਕਰਮੰਦੀ ਦਾ ਇਜ਼ਹਾਰ ਕਰਦਿਆਂ ਕਿਹਾ ਹੈ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆ ਨੂੰ 8 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਸੂਬੇ ਦੇ ਹਾਲਾਤ ਦਿਨ-ਪ੍ਰਤੀ-ਪ੍ਰਤੀ ਖ਼ਰਾਬ ਹੁੰਦੇ ਜਾ ਰਹੇ ਹਨ। ਪੰਜਾਬ ਦੀ ਡਾਵਾਂਡੋਲ ਅਰਥ ਵਿਵਸਥਾ ਅਤੇ ਵਧ ਰਹੇ ਸ਼ਰੇਆਮ ਗੈਂਗਸਟਰਾਂ ਦੇ ਹਮਲੇ ਤੋਂ ਇੰਝ ਲੱਗਦਾ ਹੈ ਕਿ 'ਆਪ' ਪਾਰਟੀ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਸੰਭਾਲਣ ਵਿਚ ਨਾਕਾਮਯਾਬ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਹਰ ਸੁੱਖ ਸਹੂਲਤ ਦੇਣ ਤੋਂ ਇਲਾਵਾ ਗੈਂਗਸਟਰਵਾਦ ਨੂੰ ਖ਼ਤਮ ਕਰ ਕੇ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਾਲੇ ਦਾਅਵੇ ਖੋਖਲੇ ਸਾਬਤ ਹੋਏ ਹਨ। ਰੋਜ਼ਾਨਾ ਵਾਪਰਦੀਆਂ ਚੋਰੀਆਂ, ਗੈਂਗਵਾਰ, ਲੁੱਟਾਂ-ਖੋਹਾਂ ਵਰਗੀਆਂ ਘਟਨਾਵਾਂ ਕਾਰਨ ਲੋਕ ਅੱਜ ਵੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਦਿਨ-ਦਿਹਾੜੇ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ ਤੇ ਿਫ਼ਰੌਤੀ ਲਈ ਧਮਕੀ ਭਰੇ ਫੋਨ ਆ ਰਹੇ ਹਨ, ਜਿਸ ਕਾਰਨ ਸੂਬੇ ਦੇ ਲੋਕ ਦਹਿਸ਼ਤ ਦੇ ਸਾਏ ਹੇਠ ਜ਼ਿੰਦਗੀ ਜਿਊਣ ਲਈ ਮਜਬੂਰ ਹਨ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ 'ਚ ਚੋਣ ਪ੍ਰਚਾਰ ਕਰਨ ਵਿਚ ਮਸ਼ਰੂਫ ਹਨ ਤੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਅਸਲ 'ਚ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਇਕ ਤਰ੍ਹਾਂ ਨਾਲ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਦੇਸ਼-ਵਿਰੋਧੀ ਤਾਕਤਾਂ ਹਮੇਸ਼ਾ ਪੰਜਾਬ ਨੂੰ ਅਸਥਿਰ ਕਰਨ ਦੀ ਤਾਕ 'ਚ ਰਹਿੰਦੀਆਂ ਹਨ ਤੇ ਜੇਕਰ ਸੂਬੇ ਅੰਦਰ ਕਾਨੂੰਨ ਵਿਵਸਥਾ ਕਾਇਮ ਨਹੀਂ ਰਹਿੰਦੀ ਤਾਂ ਸੂਬੇ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਵੱਡਾ ਖ਼ਤਰਾ ਪੈਦਾ ਹੋ ਸਕਦਾ ਹੈ। ਗੁਰਵਿੰਦਰ ਸਿੰਘ ਬਰਾੜ, ਕੁਲਵੰਤ ਸਿੰਘ ਬਰਾੜ, ਬਿੰਦਰ ਸਿੰਘ ਬਰਾੜ ਅਤੇ ਜਸਕਰਨ ਸਿੰਘ ਬਰਾੜ ਨੂੰ ਗੈਰ-ਤਜ਼ਰਬੇਕਾਰ ਮੁੱਖ ਮੰਤਰੀ ਦੱਸਦੇ ਹੋਏ ਕਿਹਾ ਕਿ ਪੰਜਾਬ ਵਰਗੇ ਸੂਬੇ ਨੂੰ ਚਲਾਉਣਾ ਕੋਈ ਸੌਖਾ ਕੰਮ ਨਹੀਂ ਹੈ ਤੇ ਸਰਕਾਰ ਚਲਾਉਣ ਲਈ ਤਜ਼ਰਬਾ ਹੋਣਾ ਬੇਹੱਦ ਜ਼ਰੂਰੀ ਹੈ। ਇਹ 24 ਘੰਟੇ ਦਾ ਕੰਮ ਹੁੰਦਾ ਹੈ ਤੇ ਰਾਜ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਰਾਤ-ਦਿਨ ਜਨਤਾ ਦੀ ਸੇਵਾ 'ਚ ਲੱਗੇ ਰਹਿੰਦੇ ਸਨ, ਪਰ ਮੌਜੂਦਾ ਸਰਕਾਰ ਦੇ ਅਵੇਸਲੇਪਨ ਕਾਰਨ ਸੂਬੇ ਦੇ ਹਾਲਾਤ ਕਾਫ਼ੀ ਖ਼ਤਰਨਾਕ ਹੋ ਚੁੱਕੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋਂ ਮੰਗ ਕੀਤੀ ਕਿ ਉਹ ਗੁਜਰਾਤ ਦੌਰਿਆਂ ਤੋਂ ਆਪਣਾ ਧਿਆਨ ਹਟਾ ਕੇ ਪੰਜਾਬ ਦੇ ਹਿੱਤਾਂ ਲਈ ਕੰਮ ਕਰਨ।