- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ੀਲੀਆਂ ਗੋਲੀਆਂ, ਪਿਸਤੌਲ, ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਸਮੇਤ ਮੁਲਜ਼ਮ ਕਾਬੂ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਫ਼ਰੀਦਕੋਟ ਗੁਰਬੰਸ ਸਿੰਘ ਬੈਂਸ (ਪੀ.ਪੀ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਬ-ਡਵੀਜ਼ਨ ਜੈਤੋ ਦੇ ਡੀਐਸਪੀ ਇਕਬਾਲ ਸਿੰਘ ਸੰਧੂ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਬਾਜਾਖਾਨਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਇੱਕ ਅਜਿਹੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਖ਼ਿਲਾਫ਼ ਪਹਿਲਾਂ ਹੀ ਕਤਲ, ਐਨਡੀਪੀਐਸ ਅਤੇ ਚੋਰੀ ਵਰਗੇ ਗੰਭੀਰ ਮਾਮਲੇ ਦਰਜ ਹਨ। ਮੁਲਜ਼ਮ ਦੇ ਕਬਜ਼ੇ ਵਿਚੋਂ ਨਸ਼ੀਲੀਆਂ ਗੋਲੀਆਂ, ਇੱਕ 0.30 ਬੋਰ ਪਿਸਤੌਲ, ਮੈਗਜ਼ੀਨ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿਤੀ 27 ਜੂਨ 2026 ਨੂੰ ਥਾਣਾ ਬਾਜਾਖਾਨਾ ਦੇ ਐਸਆਈ ਅਜੈ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ ਸਬੰਧੀ ਗਸ਼ਤ ਅਤੇ ਚੈਕਿੰਗ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਨੈਸ਼ਨਲ ਹਾਈਵੇ-54 ਤੋਂ ਨਿਰਮਾਣ ਅਧੀਨ ਭਾਰਤਮਾਲਾ ਰੋਡ ਵੱਲ ਜਾ ਰਹੀ ਸੀ ਤਾਂ ਸਵੇਰੇ ਕਰੀਬ 6:45 ਵਜੇ ਸੜਕ ਕਿਨਾਰੇ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਘੁੰਮਦਾ ਦਿਖਾਈ ਦਿੱਤਾ। ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਮੁਲਜ਼ਮ ਨੇ ਆਪਣੀ ਪਛਾਣ ਕੁਲਦੀਪ ਸਿੰਘ ਉਰਫ਼ ਮੱਡਾ ਪੁੱਤਰ ਬੀਰ ਸਿੰਘ, ਵਾਸੀ ਪਿੰਡ ਸ਼ੇਰਪੁਰ ਤਾਇਬਾ, ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ ਵਜੋਂ ਕਰਵਾਈ। ਪੁਲਿਸ ਵੱਲੋਂ ਫੇਸ਼ (ਐੱਫ.ਏ.ਆਈ.ਐੱਸ.) ਐਪ ਰਾਹੀਂ ਉਸ ਦਾ ਅਪਰਾਧਿਕ ਰਿਕਾਰਡ ਚੈੱਕ ਕੀਤਾ ਗਿਆ ਤਾਂ ਪਤਾ ਲੱਗਾ ਕਿ ਉਸ ਖ਼ਿਲਾਫ਼ ਪਹਿਲਾਂ ਹੀ ਪੰਜ ਮੁਕੱਦਮੇ ਦਰਜ ਹਨ। ਇਸ ਦੇ ਆਧਾਰ ’ਤੇ ਪੁਲਿਸ ਨੂੰ ਸ਼ੱਕ ਹੋਇਆ ਕਿ ਉਸ ਕੋਲ ਹੋਰ ਵੀ ਕੋਈ ਗੈਰ-ਕਾਨੂੰਨੀ ਸਮਾਨ ਹੋ ਸਕਦਾ ਹੈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਤਿੰਨ ਪੱਤਿਆਂ ਵਿੱਚ ਕੁੱਲ 28 ਨਸ਼ੀਲੀਆਂ ਅਲਪਰਾਜ਼ੋਲਮ ਗੋਲੀਆਂ, ਇੱਕ 0.30 ਬੋਰ ਪਿਸਤੌਲ, ਇੱਕ ਜ਼ਿੰਦਾ 0.30 ਬੋਰ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਬਾਜਾਖਾਨਾ ਵਿਖੇ ਮੁਕੱਦਮਾ ਨੰਬਰ-102 ਮਿਤੀ 27 ਜੂਨ 2026 ਅਧੀਨ ਐੱਨਡੀਪੀਐੱਸ ਐਕਟ ਦੀ ਧਾਰਾ 22-ਬੀ/61/85 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25/54/59 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸ ਗੱਲ ਦਾ ਪਤਾ ਲਗਾਇਆ ਜਾ ਸਕੇ ਕਿ ਹਥਿਆਰ ਅਤੇ ਨਸ਼ੀਲਾ ਪਦਾਰਥ ਕਿੱਥੋਂ ਪ੍ਰਾਪਤ ਕੀਤਾ ਗਿਆ ਅਤੇ ਕੀ ਇਸ ਮਾਮਲੇ ਵਿੱਚ ਹੋਰ ਵਿਅਕਤੀ ਵੀ ਸ਼ਾਮਲ ਹਨ।