ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਦੁਖੀ : ਮਨਤਾਰ ਸਿੰਘ ਬਰਾੜ
ਹਲਕਾ ਕੋਟਕਪੂਰਾ ’ਚ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ : ਮਨਤਾਰ ਸਿੰਘ ਬਰਾੜ
Publish Date: Tue, 09 Dec 2025 04:00 PM (IST)
Updated Date: Tue, 09 Dec 2025 04:03 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸੂਬੇ ਭਰ ਵਿਚ 14 ਦਸੰਬਰ, ਦਿਨ ਐਤਵਾਰ ਨੂੰ ਹੋ ਰਹੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਹਾਸਿਲ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਗੱਲਬਾਤ ਕਰਦਿਆਂ ਕੀਤਾ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਲੋਕਾਂ ਦੀ ਬਾਂਹ ਫੜੀ ਸੀ, ਜਿਸ ਨੂੰ ਦੇਖਦੇ ਹੋਏ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਹੀ ਨਹੀਂ, ਬਲਕਿ ਪੂਰੇ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਕੱਦ ਉੱਚਾ ਹੋਇਆ ਹੈ, ਜਦ ਕਿ ਮੌਜੂਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਿਮਾਰੀ ਦਾ ਬਹਾਨਾ ਬਣਾ ਕੇ ਹਸਪਤਾਲ ਦਾਖ਼ਲ ਹੋ ਕੇ ਗਏ ਸਨ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਕੋਟਕਪੂਰਾ ਵਿਚ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉੱਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਕਰਵਾਏ ਅਥਾਹ ਵਿਕਾਸ ਕਾਰਜਾਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਕੋਟਕਪੂਰਾ ਦੀਆਂ 3 ਜ਼ਿਲ੍ਹਾ ਪ੍ਰੀਸ਼ਦ ਅਤੇ 19 ਬਲਾਕ ਸੰਮਤੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਬੇਹੱਦ ਦੁਖੀ ਹੋ ਗਏ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਆਪਣਾ ਪੂਰਾ ਮਨ ਬਣਾਈ ਬੈਠੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ‘ਆਪ’ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜੱਥੇਦਾਰ ਸ਼ੇਰ ਸਿੰਘ ਮੰਡ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਅਨੂਪ੍ਰਤਾਪ ਸਿੰਘ ਬਰਾੜ ਆਦਿ ਹਾਜ਼ਰ ਸਨ।