ਅਕਾਲੀ ਦਲ ਦੀ ਮਜ਼ਬੂਤੀ ਲਈ ਇਕਜੁੱਟ ਹੋਣ ਦਾ ਦਿੱਤਾ ਸੱਦਾ
ਅਕਾਲੀ ਦਲ ਦੀਆਂ ਪੰਜਾਬ ਬਚਾਓ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਮਨਤਾਰ ਸਿੰਘ ਬਰਾੜ
Publish Date: Sun, 01 Mar 2026 06:00 PM (IST)
Updated Date: Mon, 02 Mar 2026 04:08 AM (IST)

ਪੰਜਾਬ ਬਚਾਓ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਮਨਤਾਰ ਬਰਾੜ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਰੈਲੀਆਂ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੇਂਡੂ ਖੇਤਰਾਂ ਦੇ ਲੋਕ ਸ਼ਾਮਿਲ ਹੋ ਰਹੇ ਹਨ। ਜ਼ਿਲ੍ਹਾ ਫ਼ਰੀਦਕੋਟ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਮੋਗਾ ਰੋਡ ਉੱਪਰ ਸਥਿਤ ਕੋਟਕਪੂਰਾ ਦੀ ਦਾਣਾ ਮੰਡੀ ’ਚ 22 ਮਾਰਚ, ਦਿਨ ਐਤਵਾਰ ਨੂੰ ਸ੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਵਿਸ਼ਾਲ ‘ਪੰਜਾਬ ਬਚਾਓ’ ਰੈਲੀ ’ਚ ਹਿੱਸਾ ਲੈਣ ਲਈ ਲੋਕ ਪੱਬਾਂ ਭਾਰ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਗੱਲਬਾਤ ਕਰਦਿਆਂ ਕੀਤਾ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੇ ਸੰਭਾਵੀ ਮੁੱਖ ਮੰਤਰੀ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੀ ਰਾਜ ਦੇ ਲੋਕਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਦਿੱਤਾ ਸੀ, ਜਿਸ ਤੋਂ ਅਕਾਲੀ ਦਲ ਦੇ ਜਨਤਕ ਆਧਾਰ ਵਧਣ ਦੇ ਸੰਕੇਤ ਸਾਹਮਣੇ ਆਏ ਸਨ। ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ’ਚ ਵੱਧ ਰਹੇ ਆਧਾਰ ਨੂੰ ਲੈ ਕੇ ਕੁੱਝ ਲੋਕ ਬੌਖਲਾਹਟ ਵਿਚ ਆ ਕੇ ਅਕਾਲੀ ਦਲ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਲਈ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਪੰਜਾਬ ਸਿੰਚਾਈ ਵਿਭਾਗ ਦੇ ਸਾਬਕਾ ਮੁੱਖ ਇੰਜਨੀਅਰ ਅਮਰਜੀਤ ਸਿੰਘ ਦੁੱਲਟ, ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਿਰਮਲ ਸਿੰਘ ਵੜਿੰਗ ਡੋਡ, ਯੂਥ ਸ਼੍ਰੋਮਣੀ ਅਕਾਲੀ ਦਲ ਸਰਕਲ ਚੰਦਭਾਨ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਬਾਸੀ ਆਦਿ ਹਾਜ਼ਰ ਸਨ।