ਨਸ਼ਿਆਂ ਦੇ ਖ਼ਾਤਮੇ ਲਈ ਜੰਗੀ ਪੱਧਰ ’ਤੇ ਕਾਰਵਾਈ ਜਾਰੀ : ਅਮੋਲਕ ਸਿੰਘ
ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ ਮੁਹਿੰਮ ਦੇ ਨਾਲ-ਨਾਲ ਤਸਕਰਾਂ ਖ਼ਿਲਾਫ਼ ਜੰਗੀ ਪੱਧਰ ’ਤੇ ਕਾਰਵਾਈ ਜਾਰੀ : ਅਮੋਲਕ ਸਿੰਘ
Publish Date: Sat, 06 Jun 2026 04:10 PM (IST)
Updated Date: Sun, 07 Jun 2026 04:03 AM (IST)

ਵਿਧਾਇਕ ਨੇ ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ ਤੇ ਵੀਡੀਸੀ ਮੈਂਬਰਾਂ ਨਾਲ ਕੀਤੀ ਮੀਟਿੰਗ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਜ਼ਮੀਨੀ ਪੱਧਰ ’ਤੇ ਵਿਆਪਕ ਕਾਰਵਾਈ ਕੀਤੀ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸਥਾਨਕ ਡਰੀਮ ਕੈਸਟਲ ਪੈਲੇਸ ਵਿਖੇ ਪਾਰਟੀ ਦੇ ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੇ ਮੈਂਬਰਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਦ੍ਰਿੜਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਕੀਤਾ ਗਿਆ ਹੈ, ਜਿਸ ਨਾਲ ਨਸ਼ਾ ਤਸਕਰੀ ਕਰਨ ਵਾਲਿਆਂ ਵਿੱਚ ਡਰ ਅਤੇ ਕਾਨੂੰਨ ਪ੍ਰਤੀ ਸਤਿਕਾਰ ਪੈਦਾ ਹੋਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਜਾਣਕਾਰੀ ’ਤੇ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਸਰਕਾਰ ਦੀ ਨੀਤੀ ਕੇਵਲ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਵੱਡੇ ਪੱਧਰ ’ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫ਼ਤ ਅਤੇ ਬਿਹਤਰ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੀ ਸਭ ਤੋਂ ਵੱਡੀ ਪੂੰਜੀ ਹਨ ਅਤੇ ਉਨ੍ਹਾਂ ਦੇ ਭਵਿੱਖ ਦੀ ਰਾਖੀ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸੇ ਮੰਤਵ ਨਾਲ ਸੂਬਾ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਸਹਿਯੋਗ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਪ੍ਰਗਟਾਵਾ ਕਰਦਿਆਂ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਆਪਣਾ ਬਣਦਾ ਯੋਗਦਾਨ ਪਾਉਣ। ਮੀਟਿੰਗ ਦੌਰਾਨ ਹਾਜ਼ਰ ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵੀ.ਡੀ.ਸੀ. ਮੈਂਬਰਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਅਤੇ ਸ਼ੱਕੀ ਗਤੀਵਿਧੀਆਂ ਸਬੰਧੀ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਦਾ ਅਹਿਦ ਲਿਆ। ਇਸ ਮੌਕੇ ਐਸ.ਡੀ.ਐਮ. ਜੈਤੋ ਵਿਕਰਮਜੀਤ ਬਾਂਸਲ, ਤਹਿਸੀਲਦਾਰ ਜੈਤੋ ਰਣਜੀਤ ਸਿੰਘ ਖਹਿਰਾ, ਬੀ.ਡੀ.ਪੀ.ਓ. ਜੈਤੋ ਇਕਬਾਲ ਸਿੰਘ, ਡੀਐੱਸਪੀ ਜੈਤੋ ਇਕਬਾਲ ਸਿੰਘ ਸੰਧੂ, ਐੱਸ.ਐੱਚ.ਓ. ਜੈਤੋ ਇੰਸਪੈਕਟਰ ਨਵਪ੍ਰੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ, ਨਸ਼ਾ ਮੁਕਤੀ ਮੋਰਚਾ ਹਲਕਾ ਜੈਤੋ ਦੇ ਕੋਆਰਡੀਨੇਟਰ ਮੱਖਣ ਸਿੰਘ ਝੱਖੜਵਾਲਾ, ਬਲਾਕ ਕੋਆਰਡੀਨੇਟਰ ਇੰਦਰਜੀਤ ਸਿੰਘ ਝੱਖੜਵਾਲਾ, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਕੌਂਸਲਰ ਬੇਅੰਤ ਸਿੰਘ ‘ਰਾਜੂ ਸਿੱਧੂ’, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ਖੇਤੀਬਾੜੀ ਵਿਕਾਸ ਬੈਂਕ ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’ ਰੋੜੀਕਪੂਰਾ, ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’ ਢੈਪਈ, ਸਰਪੰਚ ਧਰਮਪਾਲ ਸਿੰਘ ਗੁਰੂਸਰ, ਸਰਪੰਚ ਜਸਪਾਲ ਸਿੰਘ ਗੋਰਾ ਕਰੀਰਵਾਲੀ, ਫੀਲਡ ਕਾਰਜਕਾਰੀ ਵਿਜੇ ਕੁਮਾਰ, ਜੈਤੋ ਹਲਕੇ ਦੀਆਂ ਵੀ.ਡੀ.ਸੀ. ਕਮੇਟੀਆਂ ਦੇ ਕਨਵੀਨਰਾਂ ਅਤੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।