ਵਿਧਾਇਕ ਨੇ ਲਿੰਕ ਸੜਕ ਚੌੜੀ ਕਰਨ ਦਾ ਰੱਖਿਆ ਨੀਂਹ ਪੱਥਰ
ਵਿਧਾਇਕ ਅਮੋਲਕ ਸਿੰਘ ਨੇ ਪਿੰਡ ਵਾੜਾ ਭਾਈਕਾ ਤੋਂ ਰੋਮਾਣਾ ਅਜੀਤ ਸਿੰਘ ਤੱਕ ਲਿੰਕ ਸੜਕ ਨੂੰ ਚੌੜੀ ਕਰਨ ਦਾ ਨੀਂਹ ਪੱਥਰ ਰੱਖਿਆ
Publish Date: Tue, 03 Feb 2026 04:37 PM (IST)
Updated Date: Wed, 04 Feb 2026 04:02 AM (IST)

ਕਿਹਾ, ਹਲਕਾ ਜੈਤੋ ਦੀ ਵਿਕਾਸ ਪੱਖੋਂ ਕੀਤੀ ਜਾ ਰਹੀ ਕਾਇਆ ਕਲਪ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਹਲਕੇ ਦੇ ਪਿੰਡ ਵਾੜਾ ਭਾਈਕਾ ਤੋਂ ਪਿੰਡ ਰੋਮਾਣਾ ਅਜੀਤ ਸਿੰਘ ਤੱਕ ਲਿੰਕ ਸੜਕ ਐੱਨ.ਐੱਚ.-15 ਨੂੰ ਚੌੜੀ ਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ 4.72 ਕਿਲੋਮੀਟਰ ਲੰਬੀ ਲਿੰਕ ਸੜਕ ਨੂੰ 18 ਫੁੱਟ ਤੱਕ ਚੌੜੀ ਕਰਨ ਉੱਪਰ 2 ਕਰੋੜ 64 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ, ਜਿਸ ਤਹਿਤ ਪਿੰਡ ਵਾੜਾ ਭਾਈਕਾ ਤੋਂ ਪਿੰਡ ਰੋਮਾਣਾ ਅਜੀਤ ਸਿੰਘ ਤੱਕ ਲਿੰਕ ਸੜਕ ਨੂੰ ਚੌੜੀ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਜੈਤੋ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਇਸ ਕੰਮ ਲਈ ਦਿਨ ਰਾਤ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਜੈਤੋ ਹਲਕੇ ਅੰਦਰ ਸਾਫ਼ ਸੁਥਰੀਆਂ ਲਿੰਕ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ, ਜੋ ਆਉਂਦੇ ਕੁਝ ਦਿਨਾਂ ਅੰਦਰ ਮੁਕੰਮਲ ਹੋ ਕੇ ਹਲਕੇ ਦੇ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਗ੍ਰਾਮ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਪਾਰਦਰਸ਼ੀ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਹਨਾਂ ਦਾ ਹੱਲ ਕਰਨ ਵਾਲੀ ਸਰਕਾਰ ਹੈ, ਜਦਕਿ ਰਵਾਇਤੀ ਪਾਰਟੀਆਂ ਦੇ ਆਗੂ ਸਿਰਫ਼ ਆਪਣੇ ਬਾਰੇ ਹੀ ਸੋਚਦੇ ਸਨ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 78 ਸਾਲ ਬਾਅਦ ਵੀ ਜੇਕਰ ਲੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ ਤਾਂ ਇਸ ਲਈ ਮੁੱਖ ਤੌਰ ’ਤੇ ਰਿਵਾਇਤੀ ਪਾਰਟੀਆਂ ਦੇ ਆਗੂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਵਿਕਾਸ ਪੱਖੋਂ ਹੁਣ ਸਾਡਾ ਸੂਬਾ ਇੱਕ ਵਾਰ ਫਿਰ ਰੰਗਲਾ ਪੰਜਾਬ ਬਣੇਗਾ। ਇਸ ਮੌਕੇ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਸਰਪੰਚ ਜਸਪ੍ਰੀਤ ਕੌਰ ਧਾਲੀਵਾਲ ਧਰਮਪਤਨੀ ਇੰਦਰਜੀਤ ਸਿੰਘ ਧਾਲੀਵਾਲ, ਪੰਚ ਡਾ. ਜਗਰੂਪ ਸਿੰਘ ਧਾਲੀਵਾਲ, ਪੰਚ ਗੁਰਪ੍ਰੀਤ ਸਿੰਘ ਧਾਲੀਵਾਲ, ਪੰਚ ਹਰਪ੍ਰੀਤ ਕੌਰ ਧਾਲੀਵਾਲ, ਪੰਚ ਭੁਪਿੰਦਰ ਸਿੰਘ ਧਾਲੀਵਾਲ, ਕਾਮਰੇਡ ਗੁਰਤੇਜ ਸਿੰਘ, ਸੁਖਰਾਜ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।