ਵਿਧਾਇਕ ਅਮੋਲਕ ਸਿੰਘ ਵੱਲੋਂ ਐੱਸਸੀ ਧਰਮਸ਼ਾਲਾ ਲਈ 4 ਲੱਖ ਦੀ ਗ੍ਰਾਂਟ ਜਾਰੀ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਬੁਰਜ਼ ਹਰੀਕਾ ਵਿਖੇ ਐੱਸਸੀ ਧਰਮਸ਼ਾਲਾ ਦੇ ਵਿਕਾਸ ਲਈ 4 ਲੱਖ ਰੁਪਏ ਦੀ ਗ੍ਰਾਂਟ ਦਿੱਤੀ
Publish Date: Wed, 18 Nov 2026 05:03 PM (IST)
Updated Date: Thu, 19 Nov 2026 04:04 AM (IST)
ਬਾਬਾ ਜੀਵਨ ਸਿੰਘ ਨਗਰ ਦੀ ਧਰਮਸ਼ਾਲਾ ਦੇ ਨਿਰਮਾਣ ਤੇ ਵਿਕਾਸ ਕਾਰਜਾਂ ਨੂੰ ਮਿਲੇਗੀ ਰਫ਼ਤਾਰ, ਸਾਂਝੀਆਂ ਥਾਵਾਂ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਪਹਿਲ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫ਼ਰੀਦਕੋਟ : ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵੱਲੋਂ ਪਿੰਡ ਬੁਰਜ਼ ਹਰੀਕਾ ਵਿਖੇ ਬਾਬਾ ਜੀਵਨ ਸਿੰਘ ਨਗਰ ਦੀ ਐੱਸਸੀ ਧਰਮਸ਼ਾਲਾ ਦੇ ਨਿਰਮਾਣ ਅਤੇ ਹੋਰ ਲੋੜੀਂਦੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 4 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਰਾਸ਼ੀ ਭੇਟ ਕੀਤੀ ਗਈ। ਇਸ ਗ੍ਰਾਂਟ ਨਾਲ ਧਰਮਸ਼ਾਲਾ ਦੇ ਨਿਰਮਾਣ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮਾਂ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ। ਇਸ ਉਪਰਾਲੇ ਨੂੰ ਪਿੰਡ ਦੇ ਲੋਕਾਂ ਲਈ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਇਲਾਕੇ ਦੀਆਂ ਸਾਂਝੀਆਂ ਥਾਵਾਂ ਦਾ ਵਿਕਾਸ ਕਰਵਾਉਣਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਧਰਮਸ਼ਾਲਾਵਾਂ ਪਿੰਡਾਂ ਦੇ ਸਮਾਜਿਕ ਜੀਵਨ ਦਾ ਅਹਿਮ ਹਿੱਸਾ ਹੁੰਦੀਆਂ ਹਨ। ਇਨ੍ਹਾਂ ਥਾਵਾਂ ਦੀ ਵਰਤੋਂ ਲੋਕ ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਸਮਾਗਮਾਂ ਲਈ ਕਰਦੇ ਹਨ। ਇਸ ਲਈ ਇਨ੍ਹਾਂ ਦਾ ਨਿਰਮਾਣ ਅਤੇ ਰੱਖ-ਰਖਾਅ ਬਹੁਤ ਜ਼ਰੂਰੀ ਹੈ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਲੋੜਾਂ ਅਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦਾ ਯਤਨ ਹੈ ਕਿ ਵਿਕਾਸ ਦੀਆਂ ਸਹੂਲਤਾਂ ਹਰ ਪਿੰਡ ਅਤੇ ਹਰ ਵਰਗ ਤੱਕ ਪਹੁੰਚਣ ਅਤੇ ਕਿਸੇ ਵੀ ਖੇਤਰ ਨੂੰ ਵਿਕਾਸ ਪੱਖੋਂ ਅਣਗੌਲਿਆ ਨਾ ਰਹਿਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਨਗਰ ਦੀ ਐੱਸਸੀ ਧਰਮਸ਼ਾਲਾ ਲਈ ਦਿੱਤੀ ਗਈ 4 ਲੱਖ ਰੁਪਏ ਦੀ ਗ੍ਰਾਂਟ ਨਾਲ ਇੱਥੋਂ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਪਿੰਡਾਂ ਵਿੱਚ ਲੋਕਾਂ ਦੀ ਸਾਂਝ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਾਲੀਆਂ ਥਾਵਾਂ ਦਾ ਵਿਕਾਸ ਕਰਵਾਉਣਾ ਸਮੇਂ ਦੀ ਲੋੜ ਹੈ। ਇਸ ਦਿਸ਼ਾ ਵਿੱਚ ਭਵਿੱਖ ਵਿੱਚ ਵੀ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ।