- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵ-ਨਿਯੁਕਤ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦਾ ਧਰਮਜੀਤ ਸਿੰਘ ਰਾਮੇਆਣਾ ਵੱਲੋਂ ਨਿੱਘਾ ਸਵਾਗਤ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਨਵ-ਨਿਯੁਕਤ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਸ੍ਰੀ ਗੁਰਬੰਸ ਸਿੰਘ ਬੈਂਸ (ਪੀ.ਪੀ.ਐੱਸ.) ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਨੇ ਗੁਲਦਸਤਾ ਭੇਟ ਕਰਦਿਆਂ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ, ਲੋਕ-ਪੱਖੀ ਅਤੇ ਪ੍ਰਭਾਵਸ਼ਾਲੀ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਮੁਲਾਕਾਤ ਦੌਰਾਨ ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹਾ ਆਪਣੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਤੋਂ ਵੱਡੀਆਂ ਉਮੀਦਾਂ ਹਨ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਆਪਣੀ ਪ੍ਰਸ਼ਾਸਨਿਕ ਯੋਗਤਾ, ਤਜਰਬੇ ਅਤੇ ਦੂਰਅੰਦੇਸ਼ੀ ਸਦਕਾ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਧਰਮਜੀਤ ਸਿੰਘ ਰਾਮੇਆਣਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਪੁਲਿਸ ਪ੍ਰਸ਼ਾਸਨ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਨਸ਼ਿਆਂ, ਅਪਰਾਧਿਕ ਗਤੀਵਿਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚੱਲ ਰਹੀਆਂ ਮੁਹਿੰਮਾਂ ਨੂੰ ਹੋਰ ਗਤੀ ਮਿਲੇਗੀ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਵਿਚਕਾਰ ਭਰੋਸੇ ਦਾ ਰਿਸ਼ਤਾ ਹੋਰ ਮਜ਼ਬੂਤ ਕਰਨ ਦੀ ਲੋੜ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਪ੍ਰਸ਼ਾਸਨ ਤੱਕ ਪਹੁੰਚਾ ਸਕਣ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਐੱਸ.ਐੱਸ.ਪੀ. ਸ਼੍ਰੀ ਬੈਂਸ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਰੱਖਦਿਆਂ ਜਨ-ਸਮੱਸਿਆਵਾਂ ਦੇ ਤੁਰੰਤ ਹੱਲ ਨੂੰ ਤਰਜੀਹ ਦੇਣਗੇ। ਇਸ ਮੌਕੇ ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਨੇ ਧਰਮਜੀਤ ਸਿੰਘ ਰਾਮੇਆਣਾ ਦਾ ਉਚੇਚੇ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣਾ, ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਅਤੇ ਪੁਲਿਸ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਵਧਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਵਚਨਬੱਧ ਹੈ। ਮੁਲਾਕਾਤ ਦੌਰਾਨ ਦੋਵਾਂ ਆਗੂਆਂ ਵਿਚਕਾਰ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ, ਨਸ਼ਾ ਰੋਕੂ ਮੁਹਿੰਮ, ਟਰੈਫ਼ਿਕ ਪ੍ਰਬੰਧਨ, ਲੋਕ ਸੁਰੱਖਿਆ ਅਤੇ ਸਮਾਜਿਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਵੀ ਨਵ-ਨਿਯੁਕਤ ਐੱਸ.ਐੱਸ.ਪੀ. ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।