ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਸਖੀਆਂ ਨੂੰ ਨਿਯੁਕਤੀ ਪੱਤਰ ਵੰਡੇ
ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਸਖੀਆਂ ਨੂੰ ਨਿਯੁਕਤੀ ਪੱਤਰ ਵੰਡੇ
Publish Date: Wed, 17 Jun 2026 03:36 PM (IST)
Updated Date: Thu, 18 Jun 2026 04:00 AM (IST)

ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਇਆ ਜਾਵੇਗਾ : ਵਿਧਾਇਕ ਅਮੋਲਕ ਸਿੰਘ ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਦੀ ਮਹੱਤਵਾਕਾਂਕਸ਼ੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਪਰਿਵਾਰਾਂ ਤੱਕ ਪਹੁੰਚਾਉਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਨਿਯੁਕਤ ਕੀਤੀਆਂ ਗਈਆਂ ਸਖੀਆਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਇੱਕ ਵਿਸ਼ੇਸ਼ ਸਮਾਗਮ ਸਥਾਨਕ ਫ਼ਰੀਡਮ ਫ਼ਾਈਟਰ ਮਾਸਟਰ ਕਰਤਾ ਰਾਮ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਜੈਤੋ ਵਿਖੇ ਕਰਵਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਖੀਆਂ ਨੂੰ ਨਿਯੁਕਤੀ ਪੱਤਰ ਵੰਡੇ ਅਤੇ ਉਨ੍ਹਾਂ ਨੂੰ ਲੋਕ ਸੇਵਾ ਦੇ ਇਸ ਮਹੱਤਵਪੂਰਨ ਕਾਰਜ ਲਈ ਵਧਾਈ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ, ਆਰਥਿਕ ਮਜ਼ਬੂਤੀ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਲੋਕ-ਹਿਤੈਸ਼ੀ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੈ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 1000 ਅਤੇ 1500 ਰੁਪਏ ਮਹੀਨਾਵਾਰ ਸਹਾਇਤਾ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਨਿਯੁਕਤ ਸਖੀਆਂ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਅਤੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਹ ਸਖੀਆਂ ਘਰ-ਘਰ ਜਾ ਕੇ ਯੋਗ ਮਹਿਲਾਵਾਂ ਅਤੇ ਪਰਿਵਾਰਾਂ ਦੀ ਪਛਾਣ ਕਰਨਗੀਆਂ, ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਬਾਰੇ ਜਾਣੂ ਕਰਵਾਉਣਗੀਆਂ ਅਤੇ ਸਰਕਾਰੀ ਸਕੀਮਾਂ ਦਾ ਲਾਭ ਦਿਵਾਉਣ ਲਈ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਜਾਣਕਾਰੀ ਦੀ ਘਾਟ ਕਾਰਨ ਸਕੀਮਾਂ ਤੋਂ ਵਾਂਝਾ ਨਾ ਰਹੇ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਸਖੀਆਂ ਸਰਕਾਰ ਅਤੇ ਲੋਕਾਂ ਵਿਚਕਾਰ ਇੱਕ ਮਜ਼ਬੂਤ ਪੁਲ ਵਜੋਂ ਕੰਮ ਕਰਨਗੀਆਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਲੋਕ ਸੇਵਾ ਦੇ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਗੀਆਂ, ਸਗੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ ਭਾਗੀਦਾਰੀ ਨੂੰ ਵੀ ਨਵੀਂ ਦਿਸ਼ਾ ਦੇਣਗੀਆਂ। ਵਿਧਾਇਕ ਅਮੋਲਕ ਸਿੰਘ ਨੇ ਨਿਯੁਕਤ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਹੈ ਅਤੇ ਸਰਕਾਰ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਸੇਵਾ ਭਾਵਨਾ ਨਾਲ ਨਿਭਾਉਣਾ ਸਮਾਜ ਪ੍ਰਤੀ ਇੱਕ ਵੱਡਾ ਯੋਗਦਾਨ ਹੋਵੇਗਾ। ਸਮਾਗਮ ਦੌਰਾਨ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਸਖੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਅਮੋਲਕ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਹੋਰ ਲੋਕ ਭਲਾਈ ਸਕੀਮਾਂ ਦੀ ਰਜਿਸਟ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ। ਇਸ ਮੌਕੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ। ਇਸ ਮੌਕੇ ਕੌਂਸਲਰ ਡਾ. ਹਰੀਸ਼ ਚੰਦਰ ਗੋਇਲ, ਕੌਂਸਲਰ ਪ੍ਰੀਤਮ ਕੌਰ, ਕੌਂਸਲਰ ਮਨਦੀਪ ਸ਼ਰਮਾ, ਕੌਂਸਲਰ ਨਿਰਮਲਾ ਦੇਵੀ ਗਰਗ, ਕੌਂਸਲਰ ਪ੍ਰਿਯੰਕਾ ਗਰਗ, ਕੌਂਸਲਰ ਪਰਵੀਨ ਗਰਗ, ਕੌਂਸਲਰ ਮਨਦੀਪ ਕੌਰ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ ਜੈਤੋ, ਜਗਦੀਸ਼ ਸਿੰਘ ਰਾਮਗੜ੍ਹੀਆ, ‘ਆਪ’ ਇਸਤਰੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੀ ਪ੍ਰਧਾਨ ਬੀਬੀ ਸਰਬਜੀਤ ਕੌਰ ਪੁੰਨੀ, ‘ਆਪ’ ਇਸਤਰੀ ਵਿੰਗ ਹਲਕਾ ਜੈਤੋ ਦੇ ਕੋਆਰਡੀਨੇਟਰ ਸੀਮਾ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਸਖੀਆਂ ਹਾਜ਼ਰ ਸਨ।