- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਆਗੂਆਂ ਵੱਲੋਂ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ, ਇਤਿਹਾਸਕ ਫ਼ੈਸਲਿਆਂ ਅਤੇ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਸੁਸ਼ਾਸਨ, ਪਾਰਦਰਸ਼ਤਾ ਅਤੇ ਲੋਕ-ਕੇਂਦਰਿਤ ਵਿਕਾਸ ਦਾ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਸਿੱਧਾ ਲਾਭ ਸਮਾਜ ਦੇ ਹਰ ਵਰਗ ਨੂੰ ਮਿਲ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ‘ਆਪ’ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ ਅਤੇ ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਦੇ ਸਾਬਕਾ ਨਿੱਜੀ ਸਹਾਇਕ ਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਰਕਾਰ ਵੱਲੋਂ ‘ਸੱਚੀ ਤੇ ਸਾਫ਼ ਨੀਅਤ’ ਨਾਲ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਖੇਤਰ ਵਿੱਚ ਇਤਿਹਾਸਕ ਕੰਮ ਕੀਤੇ ਜਾ ਰਹੇ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ਸ਼ੁਰੂ ਕੀਤੀਆਂ ਗਈਆਂ ਵਿੱਤੀ ਸਹਾਇਤਾ ਯੋਜਨਾਵਾਂ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਮਿਲਿਆ ਹੈ। ਇਸੇ ਤਰ੍ਹਾਂ ਕਿਸਾਨਾਂ ਨੂੰ ਦਿਨ ਦੇ ਸਮੇਂ ਨਿਰਵਿਘਨ ਬਿਜਲੀ ਸਪਲਾਈ ਮਿਲਣ ਕਾਰਨ ਖੇਤੀਬਾੜੀ ਖ਼ਰਚੇ ਘਟੇ ਹਨ ਅਤੇ ਖੇਤੀ ਕਾਰਜ ਹੋਰ ਸੁਚਾਰੂ ਢੰਗ ਨਾਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਵਿਸ਼ਵ ਪੱਧਰੀ ਬਣਾਉਣ ਦਾ ਕੰਮ ਕੀਤਾ ਗਿਆ ਹੈ, ਜਿਸ ਨਾਲ ਸਰਕਾਰੀ ਸਿੱਖਿਆ ਪ੍ਰਤੀ ਲੋਕਾਂ ਦਾ ਭਰੋਸਾ ਪਹਿਲਾਂ ਨਾਲੋਂ ਕਾਫ਼ੀ ਵਧਿਆ ਹੈ। ਨਵੀਆਂ ਤਕਨੀਕਾਂ, ਸਮਾਰਟ ਕਲਾਸਰੂਮ, ਬਿਹਤਰ ਬੁਨਿਆਦੀ ਢਾਂਚਾ ਅਤੇ ਵਿਦਿਆਰਥੀ-ਪੱਖੀ ਨੀਤੀਆਂ ਨੇ ਸਿੱਖਿਆ ਖੇਤਰ ਵਿੱਚ ਨਵੀਂ ਸੋਚ ਨੂੰ ਜਨਮ ਦਿੱਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਅਤੇ ਗੈਂਗਸਟਰਾਂ ਵਿਰੁੱਧ ਕੀਤੀ ਜਾ ਰਹੀ ਨਿਰੰਤਰ ਕਾਰਵਾਈ ਨਾਲ ਪੰਜਾਬ ਵਿੱਚ ਸੁਰੱਖਿਆ ਦਾ ਮਾਹੌਲ ਹੋਰ ਮਜ਼ਬੂਤ ਹੋਇਆ ਹੈ। ਲੋਕ ਆਪਣੇ ਆਪ ਨੂੰ ਪਹਿਲਾਂ ਨਾਲੋਂ ਵਧੇਰੇ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਡਰਗਰਾਊਂਡ ਬਿਜਲੀ ਪ੍ਰੋਜੈਕਟਾਂ ਦਾ ਵਿਸਥਾਰ, ਵੱਡੀ ਗਿਣਤੀ ਵਿੱਚ ਘਰਾਂ ਦੇ ਬਿਜਲੀ ਬਿੱਲਾਂ ਦਾ ਜ਼ੀਰੋ ਆਉਣਾ ਅਤੇ ਸੂਬੇ ਭਰ ਵਿੱਚ 3100 ਤੋਂ ਵੱਧ ਆਧੁਨਿਕ ਖੇਡ ਮੈਦਾਨਾਂ ਦੀ ਸਥਾਪਨਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਈਜ਼ੀ ਰਜਿਸਟਰੀ ਪ੍ਰਣਾਲੀ ਲਾਗੂ ਹੋਣ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਬੇਲੋੜੇ ਚੱਕਰਾਂ ਅਤੇ ਰਿਸ਼ਵਤਖੋਰੀ ਤੋਂ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਨੇ ਹਜ਼ਾਰਾਂ ਪਰਿਵਾਰਾਂ ਨੂੰ ਆਧਿਆਤਮਿਕ ਸੰਤੁਸ਼ਟੀ ਪ੍ਰਦਾਨ ਕੀਤੀ ਹੈ। ਉਨ੍ਹਾਂ ਦੱਸਿਆ ਕਿ 19 ਟੋਲ ਪਲਾਜ਼ਿਆਂ ਨੂੰ ਬੰਦ ਕਰਕੇ ਆਮ ਲੋਕਾਂ ਨੂੰ ਆਰਥਿਕ ਰਾਹਤ ਦਿੱਤੀ ਗਈ ਹੈ। ਸੂਬੇ ਵਿੱਚ 990 ਆਮ ਆਦਮੀ ਕਲੀਨਿਕਾਂ ਰਾਹੀਂ ਲੱਖਾਂ ਲੋਕਾਂ ਨੂੰ ਮੁਫ਼ਤ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਜਦਕਿ ਨਹਿਰੀ ਪਾਣੀ ਅਤੇ ਪਾਈਪਲਾਈਨ ਪ੍ਰੋਜੈਕਟਾਂ ਦੇ ਵਿਸਥਾਰ ਨਾਲ ਪੀਣ ਵਾਲੇ ਪਾਣੀ ਅਤੇ ਸਿੰਚਾਈ ਦੀਆਂ ਸਹੂਲਤਾਂ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਿਰੋਲ ਮੈਰਿਟ ਦੇ ਆਧਾਰ ’ਤੇ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਨਾਲ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦਾ ਨਵਾਂ ਮਾਪਦੰਡ ਸਥਾਪਤ ਹੋਇਆ ਹੈ। ਇਸ ਤੋਂ ਇਲਾਵਾ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੁਫ਼ਤ ਇਲਾਜ ਸਹੂਲਤ ਵਰਗੇ ਕਦਮਾਂ ਨੇ ਲੋਕਾਂ ਨੂੰ ਵੱਡੀ ਆਰਥਿਕ ਸੁਰੱਖਿਆ ਪ੍ਰਦਾਨ ਕੀਤੀ ਹੈ। ਅੰਤ ਵਿੱਚ ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ, ਇਮਾਨਦਾਰ ਪ੍ਰਸ਼ਾਸਨ ਅਤੇ ਸਰਬਪੱਖੀ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਕਾਰਨ ਪੰਜਾਬ ਆਉਣ ਵਾਲੇ ਸਮੇਂ ਵਿੱਚ ਤਰੱਕੀ, ਖੁਸ਼ਹਾਲੀ ਅਤੇ ਪਾਰਦਰਸ਼ੀ ਸ਼ਾਸਨ ਦੀ ਮਿਸਾਲ ਬਣੇਗਾ।