ਸਤੀਸ਼ ਕੁਮਾਰ, ਫਰੀਦਕੋਟ : ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਪਹਿਲੀ ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੁਪ ਚੋਰੀ ਕਰਕੇ ਉਸ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਅੱਜ ਇੱਥੇ ਇਲਾਕਾਂ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ।

ਇਸ ਮਾਮਾਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸਿਰਸਾ ਦੀ ਕੌਮੀ ਕਾਰਜਕਾਰੀ ਕਮੇਟੀ ਦੇ ਤਿੰਨ ਮੈਬਰਾਂ ਹਰੀਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬੱਤਰਾ ਦੀ ਗ੍ਰਿਫਤਾਰੀ ਲਈ ਅਦਾਲਤ ਨੂੰ ਇੱਕ ਵਾਰ ਫਿਰ ਵਾਰੰਟ ਜਾਰੀ ਕਰਨ ਦੀ ਬੇਨਤੀ ਕੀਤੀ। ਅਦਾਲਤ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਦੇ ਗ੍ਰਿਫਤਾਰੀ ਵਾਰੰਟ ਜਾਰੀ ਕਰਦਿਆਂ ਜਾਂਚ ਟੀਮ ਨੂੰ ਆਦੇਸ਼ ਦਿੱਤਾ ਕਿ ਇੰਨ੍ਹਾਂ ਨੂੰ 20 ਨਵੰਬਰ ਤੱਕ ਗ੍ਰਿਫਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆਂ ਕਿ ਤਿੰਨ ਡੇਰਾ ਪ੍ਰੇਮੀਆਂ ਦੀ ਗ੍ਰਿਫਤਾਰੀ ਲਈ ਪੰਜਾਬ,ਚੰਡੀਗੜ ਅਤੇ ਹਰਿਆਣਾ ਵਿੱਚ ਛਾਪੇ ਮਾਰੇ ਜਾ ਰਹੇ ਹਨ ਪਰ ਮੁਲਜ਼ਮ ਅਜੇ ਤੱਕ ਪੁਲਿਸ ਦੀ ਗ੍ਰਿਫਤ ਵਿੱਚ ਨਹੀ ਆਏ । ਮੁੱਖ ਮਾਮਲੇ ਦੀ ਸੁਣਵਾਈ ਅਦਾਲਤ ਨੇ ਪਹਿਲੀ ਦਸੰਬਰ ਤੱਕ ਮੁਲਤਵੀ ਕਰ ਦਿੱਤੀ।

ਅੱਜ ਸੁਣਵਾਈ ਦੌਰਾਨ ਕੋਈ ਵੀ ਡੇਰਾ ਪ੍ਰੇਮੀ ਅਦਾਲਤ ਵਿੱਚ ਹਾਜ਼ਰ ਨਹੀ ਸੀ। ਇਸ ਕੇਸ ਵਿੱਚ ਡੇਰਾ ਮੁਖੀ ਨੂੰ ਵੀ ਮੁਲਜ਼ਮ ਵੱਜੋਂ ਨਾਮਜ਼ਦ ਕੀਤਾ ਗਿਆ ਹੈ,। 6 ਜੁਲਾਈ ਨੂੰ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਤੇ ਬੇਅਦਬੀ ਦੀ ਸਾਜਿਸ਼ ਰਚਣ ਦੇ ਦੋਸ਼ ਹੇਠ ਚਲਾਨ ਵੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ। ਡੇਰੇ ਦੇ ਮੁੱਖ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਵੀ ਇਸ ਮਾਮਲੇ ਵਿੱਚ ਮੁਲਜ਼ਮ ਵੱਜੋਂ ਨਾਮਜ਼ਦ ਕੀਤਾ ਗਿਆ ਸੀ ਹਾਲਾਂਕਿ ਉਸ ਦਾ ਨਾਭਾ ਜੇਲ੍ਹ ਵਿੱਚ ਅਦਾਲਤੀ ਹਿਰਾਸਤ ਵਿੱਚ ਕਤਲ ਹੋ ਗਿਆ ਸੀ।

ਊਧਰ ਦੂਜੇ ਪਾਸੇ ਸਿੱਖ ਜਥੇਬੰਦੀਆਂ ਅਤੇ ਪੰਥਦਰਦੀਆਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਾਲੇ ਦਿਨ ਤੋਂ ਲੈ ਕੇ ਵਾਪਰੇ ਸਾਰੇ ਘਟਨਾਕ੍ਰਮ ਵਿੱਚ ਡੇਰਾ ਪ੍ਰੇਮੀਆਂ ਦੀ ਸ਼ਮੂਹਲੀਅਤ ਜੱਗ-ਜਾਹਿਰ ਹੋ ਚੁੱਕੀ ਹੈ, ਇਸ ਲਈ ਪੁਲਿਸ ਪ੍ਰਸਾਸਨ ਨੂੰ ਤਰੁੰਤ ਡੇਰਾ ਪ੍ਰੇਮੀਆਂ ਸਮੇਤ ਡੇਰਾ ਮੁਖੀ ਨੂੰ ਬੇਅਦਬੀ ਕਾਂਡ ਦੀ ਸਾਜ਼ਿਸ਼ ਰਚਣ ਦੇ ਮਾਮਲੇ ਹੇਠ ਫਰੀਦਕੋਟ ਲਿਆ ਕੇ ਜਾਂਚ ਟੀਮ ਪੁੱਛਗਿੱਛ ਕਰੇ ਤਾਂ ਹੋਰ ਵੀ ਵੱਡੇ ਖ਼ੁਲਾਸੇ ਜਨਤਕ ਹੋਣਗੇ।

Posted By: Jagjit Singh