ਡੇਂਗੂ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ ਬਾਰਿਸ਼ਾਂ ਦੇ ਮੌਸਮ ਤੋਂ ਪਹਿਲਾਂ ਡੇਂਗੂ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ
Publish Date: Mon, 29 Jun 2026 03:42 PM (IST)
Updated Date: Mon, 29 Jun 2026 03:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਬਾਰਿਸ਼ਾਂ ਦੇ ਮੌਸਮ ਤੋਂ ਪਹਿਲਾਂ ਡੇਂਗੂ ਦੀ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਅਤੇ ਸਿਖਲਾਈ ਦਿੱਤੀ ਗਈ। ਸਥਾਨਕ ਟ੍ਰੇਨਿੰਗ ਅਨੈਕਸੀ ਵਿਖੇ ਡਾਇਗਨੌਸਟਿਕ ਕਿੱਟ ਸਬੰਧੀ ਚੱਲ ਰਹੀ ਸਿਖਲਾਈ ਦੌਰਾਨ ਜ਼ਿਲ੍ਹਾ ਕਮਿਊਨਿਟੀ ਮੋਬਲਾਈਜ਼ਰ ਸੰਦੀਪ ਕੁਮਾਰ ਛੋਕਰਾ, ਕਮਿਊਨਿਟੀ ਹੈਲਥ ਅਫ਼ਸਰ ਜਸਵੰਤ ਕੌਰ ਅਤੇ ਸੰਦੀਪ ਸਿੰਘ ਵੱਲੋਂ ਆਸ਼ਾ ਵਰਕਰਾਂ ਨੂੰ ਡੇਂਗੂ ਦੀ ਰੋਕਥਾਮ, ਲੱਛਣਾਂ ਦੀ ਪਛਾਣ, ਮੱਛਰ ਦੇ ਪ੍ਰਜਨਨ ਸਥਾਨਾਂ ਦੀ ਪਛਾਣ ਅਤੇ ਫੀਲਡ ਵਿੱਚ ਆਮ ਲੋਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕਰਨ ਸਬੰਧੀ ਵਿਹਾਰਕ ਸਿਖਲਾਈ ਦਿੱਤੀ ਗਈ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਲਖਵਿੰਦਰ ਕੈਂਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰਿਸ਼ਾਂ ਦੇ ਮੌਸਮ ਦੌਰਾਨ ਡੇਂਗੂ ਫੈਲਾਉਣ ਵਾਲੇ ਏਡੀਜ਼ ਮੱਛਰ ਦੇ ਪ੍ਰਜਨਨ ਦੀ ਸੰਭਾਵਨਾ ਕਾਫ਼ੀ ਵੱਧ ਜਾਂਦੀ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਸ਼ਾ ਵਰਕਰਾਂ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਤੌਰ ਤੇ ਸਿਖਲਾਈ ਦੇ ਕੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰਾਂ, ਦੁਕਾਨਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਸਮੇਤ ਹੋਰ ਜਨਤਕ ਥਾਵਾਂ ਤੇ ਲਗਾਤਾਰ ਲਾਰਵਾ ਸਰਵੇ ਕਰ ਰਹੀਆਂ ਹਨ। ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਿਮਾਸ਼ੂ ਗੁਪਤਾ ਦੀ ਅਗਵਾਈ ਅਤੇ ਸਿਹਤ ਸੁਪਰਵਾਈਜ਼ਰ ਧਰਮਿੰਦਰ ਸਿੰਘ, ਮਨਦੀਪ ਸਿੰਘ, ਹਰਭਜਨ ਸਿੰਘ ਅਤੇ ਸੁਰੇਸ਼ ਕੁਮਾਰ ਦੀ ਨਿਗਰਾਨੀ ਹੇਠ ਗਠਿਤ ਟੀਮਾਂ ਵੱਲੋਂ ਜਿੱਥੇ ਵੀ ਮੱਛਰ ਦਾ ਲਾਰਵਾ ਮਿਲ ਰਿਹਾ ਹੈ, ਉਸ ਨੂੰ ਤੁਰੰਤ ਨਸ਼ਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਜਦੋਂ ਉਨ੍ਹਾਂ ਦੇ ਘਰ ਪਹੁੰਚਣ ਤਾਂ ਉਨ੍ਹਾਂ ਦਾ ਪੂਰਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਬਿਮਾਰੀ ਹੈ। ਇਹ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ। ਇਸ ਲਈ ਹਰ ਹਫ਼ਤੇ ਕੂਲਰਾਂ, ਫਰਿੱਜ ਦੀਆਂ ਟਰੇਆਂ, ਗਮਲਿਆਂ, ਪਾਣੀ ਵਾਲੇ ਭਾਂਡਿਆਂ, ਟੈਂਕੀਆਂ, ਡਰੱਮਾਂ ਅਤੇ ਟਾਇਰਾਂ ਆਦਿ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਖੜ੍ਹਾ ਪਾਣੀ ਨਾ ਰਹਿਣ ਦਿੱਤਾ ਜਾਵੇ। ਘਰ ਅਤੇ ਆਲੇ-ਦੁਆਲੇ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਮੱਛਰ ਦੇ ਪ੍ਰਜਨਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਸਰੀਰ ਤੇ ਲਾਲ ਦਾਣੇ ਅਤੇ ਨੱਕ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਡੇਂਗੂ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਨਜ਼ਰ ਆਉਣ ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਡਾਕਟਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਜਾਂਚ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਹੈ। ਇਸ ਤੋਂ ਇਲਾਵਾ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨ ਅਤੇ ਵੱਧ ਤੋਂ ਵੱਧ ਤਰਲ ਪਦਾਰਥ ਪੀਣ ਦੀ ਸਲਾਹ ਵੀ ਦਿੱਤੀ ਗਈ।