- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੈਲੀ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਸ਼ਾ, ਬੇਅਦਬੀ ਅਤੇ ਬੇਰੁਜ਼ਗਾਰੀ ਮੁੱਖ ਮੁੱਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਸ਼ੇ ਦੇ ਖਾਤਮੇ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਉਮੀਦ ਨਾਲ ਸੱਤਾ ਸੌਂਪੀ ਸੀ ਪਰ ਇਹ ਸਮੱਸਿਆਵਾਂ ਹਾਲੇ ਵੀ ਮੌਜੂਦ ਹਨ।

ਜਗਮੀਤ ਸਿੰਘ ਨੀਟਾ, ਪੰਜਾਬੀ ਜਾਗਰਣ, ਫਰੀਦਕੋਟ : ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿੱਚ ਮਾਲਵਾ ਪੱਧਰੀ ਰੈਲੀ ਕਰਵਾਈ ਗਈ। ਰੈਲੀ ਦੌਰਾਨ ਪਾਰਟੀ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਫਰੀਦਕੋਟ ਤੋਂ ਦਲੇਰ ਸਿੰਘ ਡੋਡ, ਕੋਟਕਪੂਰਾ ਤੋਂ ਰਛਪਾਲ ਸਿੰਘ ਸੋਸਣ ਅਤੇ ਜੈਤੋ ਤੋਂ ਸੰਦੀਪ ਕੌਰ ਖਾਲਸਾ ਨੂੰ ਉਮੀਦਵਾਰ ਐਲਾਨਿਆ ਗਿਆ।
ਰੈਲੀ ਵਿੱਚ ਫਰੀਦਕੋਟ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ, ਮਨਪ੍ਰੀਤ ਸਿੰਘ ਇਆਲੀ, ਤਰਸੇਮ ਸਿੰਘ, ਦਲੇਰ ਸਿੰਘ ਡੋਡ, ਰਛਪਾਲ ਸਿੰਘ ਸੋਸਣ ਅਤੇ ਸੰਦੀਪ ਕੌਰ ਖਾਲਸਾ ਸਮੇਤ ਵੱਖ-ਵੱਖ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਸਮਰਥਕ ਹਾਜ਼ਰ ਸਨ। ਇਸ ਮੌਕੇ ਕਈ ਲੋਕਾਂ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਗਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਸ਼ਾ, ਬੇਅਦਬੀ ਅਤੇ ਬੇਰੁਜ਼ਗਾਰੀ ਮੁੱਖ ਮੁੱਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਸ਼ੇ ਦੇ ਖਾਤਮੇ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਦੀ ਉਮੀਦ ਨਾਲ ਸੱਤਾ ਸੌਂਪੀ ਸੀ ਪਰ ਇਹ ਸਮੱਸਿਆਵਾਂ ਹਾਲੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਬੇਰੁਜ਼ਗਾਰੀ ਨਾਲ ਜੂਝ ਰਿਹਾ ਹੈ ਅਤੇ ਰੁਜ਼ਗਾਰ ਦੇ ਲੋੜੀਂਦੇ ਮੌਕੇ ਨਾ ਮਿਲਣ ਕਾਰਨ ਨੌਜਵਾਨਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾ ਵਿੱਚ ਆਉਣ ’ਤੇ ਨਸ਼ੇ ਦੇ ਖਾਤਮੇ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਪਹਿਲ ਦਿੱਤੀ ਜਾਵੇਗੀ।
ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਮੌਜੂਦਾ ਹਾਲਾਤਾਂ ਤੋਂ ਪਰੇਸ਼ਾਨ ਹੈ। ਉਨ੍ਹਾਂ ਕਿਸਾਨਾਂ, ਵਪਾਰੀਆਂ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਬਦਲਾਅ ਦੀ ਲੋੜ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪਾਰਟੀ ਨੇ ਪੰਜਾਬ ਦੇ ਹਿੱਤਾਂ ਦੀ ਬਜਾਏ ਆਪਣੇ ਸਿਆਸੀ ਲਾਭ ਨੂੰ ਤਰਜੀਹ ਦਿੱਤੀ।
ਰੈਲੀ ਦੌਰਾਨ ਪਾਰਟੀ ਆਗੂਆਂ ਨੇ ਵਰਕਰਾਂ ਨੂੰ ਪਿੰਡਾਂ ਅਤੇ ਬੂਥ ਪੱਧਰ ’ਤੇ ਸਰਗਰਮ ਹੋਣ ਦਾ ਸੱਦਾ ਵੀ ਦਿੱਤਾ।