ਬਾਲ ਸੁਧਾਰ ਘਰ ’ਚ ਸਿਹਤ ਜਾਰਗੂਕਤਾ ਕੈਂਪ ਲਾਇਆ
ਬਾਲ ਸੁਧਾਰ ਘਰ ਫਰੀਦਕੋਟ ਵਿਖੇ ਮੂੰਹ ਦੀ ਸਿਹਤ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
Publish Date: Wed, 25 Mar 2026 03:46 PM (IST)
Updated Date: Thu, 26 Mar 2026 03:59 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਡਾ. ਪਰਵਜੀਤ ਸਿੰਘ ਗੁਲਾਟੀ ਸਿਵਲ ਸਰਜਨ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਨਿਰਮਲਜੀਤ ਸਿੰਘ ਬਰਾੜ ਜਿਲ੍ਹਾ ਡੈਂਟਲ ਸਿਹਤ ਅਫਸਰ ਫਰੀਦਕੋਟ ਦੀ ਅਗਵਾਈ ਹੇਠ ਲੋਕਾਂ ਵਿੱਚ ਮੂੰਹ ਦੀ ਸਿਹਤ ਦੀ ਜ਼ਰੂਰਤ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਆਪਣੇ ਮੂੰਹ ਨੂੰ ਸਿਹਤਮੰਦ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿੱਚ ਅੱਜ ਵਿਸ਼ਵ ਓਰਲ ਹੈਲਥ ਦਿਵਸ ਨੂੰ ਸਮਰਪਿਤ ਬਾਲ ਸੁਧਾਰ ਘਰ ਫਰੀਦਕੋਟ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਨਿਰਮਲਜੀਤ ਸਿੰਘ ਬਰਾੜ, ਡਾ. ਸ਼ਮਿੰਦਰ ਕੌਰ ਰਾਏ ਅਤੇ ਡਾ. ਦਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਮੂੰਹ ਦੀ ਸਿਹਤ ਸਾਡੇ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਵੱਡੀ ਭੂਮਿਕਾ ਨਿਭਾਉਂਦੀ ਹੈ। ਜੋ ਵੀ ਅਸੀਂ ਖਾਂਦੇ ਹਾਂ ਉਹ ਸਾਡੇ ਮੂੰਹ ਰਾਹੀਂ ਸਾਡੇ ਸਰੀਰ ਤੱਕ ਪਹੁੰਚਦਾ ਹੈ। ਅਜਿਹੇ ਚ ਜੇਕਰ ਕਿਸੇ ਕਾਰਨ ਸਾਡੇ ਮੂੰਹ ਚ ਕੋਈ ਇਨਫੈਕਸ਼ਨ ਜਾਂ ਬਿਮਾਰੀ ਲੱਗ ਜਾਂਦੀ ਹੈ ਤਾਂ ਸਾਡੇ ਮੂੰਹ ਰਾਹੀਂ ਸਰੀਰ ਚ ਦਾਖਲ ਹੋਣ ਵਾਲਾ ਭੋਜਨ ਵੀ ਦੂਸ਼ਿਤ ਹੋ ਸਕਦਾ ਹੈ। ਜਿਸ ਨਾਲ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਦੰਦਾਂ ਅਤੇ ਮੂੰਹ ਦੀ ਨਿਯਮਤ ਸਫਾਈ ਕਈ ਬਿਮਾਰੀਆਂ ਅਤੇ ਸਮੱਸਿਆਵਾਂ ਤੋਂ ਬਚਾ ਸਕਦੀ ਹੈ। ਉਹਨਾਂ ਕਿਹਾ ਕਿ ਮੂੰਹ ਦੀ ਸਿਹਤ ਨੂੰ ਬਣਾਈ ਰੱਖਣ ਲਈ ਦਿਨ ਵਿਚ ਘੱਟੋ-ਘੱਟ ਦੋ ਵਾਰ ਨਰਮ ਬੁਰਸ਼ ਨਾਲ ਦੰਦਾਂ ਨੂੰ ਨਿਯਮਿਤ ਤੌਰ ਤੇ ਸਾਫ਼ ਕਰਨਾ ਚਾਹੀਦਾ ਹੈ। ਮਸੂੜਿਆਂ ਦੀ ਨਿਯਮਤ ਮਾਲਿਸ਼ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਕਿਉਂਕਿ ਇਹ ਮੂੰਹ ਵਿੱਚ ਖੂਨ ਸੰਚਾਰ ਨੂੰ ਬਿਹਤਰ ਬਣਾਉਂਦਾ ਹੈ। ਪਾਨ ਮਸਾਲਾ, ਤੰਬਾਕੂ ਅਤੇ ਗੁਟਖਾ ਆਦਿ ਦੇ ਸੇਵਨ ਅਤੇ ਸਿਗਰਟਨੋਸ਼ੀ ਤੋਂ ਬੱਚਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਮੂੰਹ ਦੇ ਕੈਂਸਰ ਦਾ ਖਤਰਾ ਸਭ ਤੋਂ ਜਿਆਦਾ ਹੁੰਦਾ ਹੈ। ਇਸ ਮੌਕੇ ਬੱਚਿਆਂ ਨੂੰ ਟੂਥਬਰਸ਼ ਵੀ ਵੰਡੇ ਗਏ।